ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਉਦਘਾਟਨ

03/13/2018 7:04:23 PM

ਅੰਮ੍ਰਿਤਸਰ — ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੰਮ੍ਰਿਤਸਰ ਦੇ ਇਤਿਹਾਸਕ ਜਲਿਆਂਵਾਲਾ ਬਾਗ 'ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਅੰਮ੍ਰਿਤਸਰ ਪਹੁੰਚਣ 'ਤੇ ਸਭ ਤੋਂ ਪਹਿਲਾਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਇਥੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰਾਜਨਾਥ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਕੇਂਦਰੀ ਮੰਤਰੀ ਦੇ ਨਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਸਮੇਤ ਹੋਰ ਨੇਤਾ ਵੀ ਹਾਜ਼ਰ ਸਨ।
ਉਸ ਤੋਂ ਬਾਅਦ ਉਨ੍ਹਾਂ ਜਲਿਆਂਵਾਲਾ ਬਾਗ 'ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ 'ਚ ਹੋਏ ਕਤਲਕਾਂਡ ਦੇ ਸਾਲ 2019 'ਚ 100 ਸਾਲ ਪੂਰੇ ਹੋ ਰਹੇ ਹਨ। ਇਸ ਦੇ ਚਲਦਿਆਂ ਅੰਗ੍ਰੇਜ਼ਾਂ ਦੇ ਖਿਲਾਫ ਲੜਾਈ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਜਲਿਆਂਵਾਲਾ ਬਾਗ 'ਚ ਲਗਾਉਣ ਦੀ ਮੰਗ ਕਾਫੀ ਸਮੇਂ ਤੋਂ ਉਠ ਰਹੀ ਸੀ।

PunjabKesari5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ ਪੰਡਾਲ
ਜਲਿਆਂਵਾਲਾ ਬਾਗ 'ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਰਸਮੀ ਉਦਘਾਟਨ ਲਈ ਤਿਆਰ ਪੰਡਾਲ ਨੂੰ 5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਸਮਾਜ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਬੋਬੀ ਕੰਬੋਜ ਤੇ ਸੂਬਾ ਪ੍ਰਧਾਨ ਹਰਮੀਤ ਸਿੰਘ ਕੰਬੋਜ ਨੇ ਦੱਸਿਆ ਕਿ ਇਸ 11 ਫੁੱਟ ਉਚੇ ਬੁੱਤ 'ਤੇ ਕਰੀਬ 12 ਲੱਖ ਰੁਪਏ ਖਰਚ ਕੀਤੇ ਗਏ ਹਨ। 
ਦੁਨੀਆ ਭਰ 'ਚ ਸ਼ਹੀਦ ਊਧਮ ਸਿੰਘ ਦੇ ਜਿੰਨੇ ਵੀ ਬੁੱਤ ਲੱਗੇ ਹਨ, ਸਾਰੇ ਬੁੱਤਾਂ 'ਚ ਉਨ੍ਹਾਂ ਦੇ ਹੱਥਾਂ 'ਚ ਪਿਸਤੌਲ ਦਿਖਾਈ ਗਈ ਹੈ ਪਰ ਇਥੇ ਇਕ ਅਜਿਹਾ ਬੁੱਤ ਸਥਾਪਿਤ ਕੀਤਾ ਗਿਆ ਹੈ, ਜਿਸ 'ਚ ਸ਼ਹੀਦ ਊਧਮ ਸਿੰਘ ਨੂੰ ਬਾਗ ਦੀ ਮਿੱਟੀ ਹੱਥਾਂ 'ਚ ਲੈ ਕੇ ਸਹੁੰ ਖਾਂਦੇ ਦਿਖਾਇਆ ਗਿਆ ਹੈ। ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਸਰ ਮਾਇਕਲ ਓ ਡਾਇਰ ਦੇ ਹੁਕਮ 'ਤੇ, ਜਿਥੇ ਨਿਹੱਥੇ ਹਿੰਦੁਸਤਾਨੀਆਂ 'ਤੇ ਗੋਲੀਆਂ ਚਲਵਾਈਆਂ ਗਈਆਂ ਸਨ। ਉਸ ਸਮੇਂ ਉਥੇ ਮੌਜੂਦ ਊਧਮ ਸਿੰਘ ਨੇ ਬਾਗ ਦੀ ਮਿੱਟੀ ਚੁੱਕ ਕੇ ਡਾਇਰ ਨੂੰ ਮਾਰ ਕੇ ਜਲਿਆਂਵਾਲੇ ਬਾਗ 'ਚ ਹੋਏ ਕਤਲੇਆਮ ਦਾ ਬਦਲਾ ਲੈਣ ਦੀ ਸਹੁੰ ਖਾਦੀ ਸੀ। ਉਨ੍ਹਾਂ ਨੇ 13 ਅਪ੍ਰੈਲ 1940 'ਚ ਲੰਦਨ 'ਚ ਡਾਇਰ ਨੂੰ ਮਾਰ ਕੇ ਬਦਲਾ ਪੂਰਾ ਕੀਤਾ ਸੀ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਨਾਥ ਸਿੰਘ ਨੂੰ ਸੌਂਪਿਆ ਮੰਗ ਪੱਤਰ
ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੰਗ ਕੀਤੀ ਕਿ ਇਸ ਇਤਿਹਾਸਕ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤਕ ਖੁੱਲ੍ਹਾ ਰਸਤਾ ਦਿੱਤਾ ਜਾਵੇ ਤਾਂ ਜੋ ਸਿੱਖ ਸੰਗਤ ਗੁਰੂ ਸਾਹਿਬ ਦੇ ਜਨਮ ਸਥਾਨ ਦੇ ਦਰਸ਼ਨ ਕਰ ਸਕੇ।
ਉਨ੍ਹਾਂ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸੰਬੰਧਤ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਅਪੀਲ 'ਤੇ ਵੀ ਜਲਦ ਫੈਸਲਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੂਸਰੇ ਸਿੱਖ ਕੈਦੀਆਂ ਦੀ ਰਿਹਾਈ ਦੀ ਅਪੀਲ ਕੀਤੀ।


Related News