ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

Saturday, Dec 09, 2023 - 04:15 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਪਟਿਆਲਾ (ਵੈੱਬ ਡੈੱਸਕ, ਬਲਜਿੰਦਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਰਾਜੋਆਣਾ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਾਜੋਆਣਾ ਨੇ ਆਖਿਆ ਹੈ ਕਿ ਉਹ ਹੁਣ ਹੋਰ ਉਡੀਕ ਨਹੀਂ ਕਰ ਸਕਦੇ ਹਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਕੇਸ ਵਿਚ ਫ਼ੈਸਲਾ ਕਰਵਾਇਆ ਜਾਵੇ। ਰਾਜੋਆਣਾ ਨੇ ਸਾਫ਼ ਆਖਿਆ ਹੈ ਕਿ ਮੈਨੂੰ ਫਾਂਸੀ ਦੇਣ ਹੈ ਤਾਂ ਦੇ ਦਿਓ ਜੇਕਰ ਨਹੀਂ ਦੇਣੀ ਤਾਂ ਮੇਰੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ

ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿਚ ਫਾਂਸੀ ਦੀ ਸਜ਼ਾ ਹੋਈ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਕਨਫੈਸ਼ਨ ਦੇ ਆਧਾਰ ’ਤੇ ਹੋਈ ਸੀ। ਜਿਸ ਤੋਂ ਬਾਅਦ 2012 ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਮੌਕੇ ਦੀ ਸਰਕਾਰ ਨੇ ਇਕ ਕਾਲ ਦਿੱਤੀ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਨੇ ਇਕ ਪਟੀਸ਼ਨ ਰਾਸ਼ਟਰਪਤੀ ਕੋਲ ਪਾਈ ਸੀ, ਉਹ ਰਾਜੋਆਣਾ ਨੇ ਨਹੀਂ ਸਗੋਂ ਸਮੁੱਚੇ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਨੇ ਪਾਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੱਠ ਸਾਲ ਤਕ ਇਸ ’ਤੇ ਕੋਈ ਫ਼ੈਸਲਾ ਨਹੀਂ ਕੀਤਾ ਜਦਕਿ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਯਤਨ ਕਰਦੀ ਆ ਰਹੀ ਹੈ। ਇਸ ਤੋਂ ਬਾਅਦ ਰਾਜੋਆਣਾ ਨੇ ਆਪਣੀ ਭੈਣ ਰਾਹੀਂ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ, ਜਿਸ ਵਿਚ ਉਨ੍ਹਾਂ ਕਿਹਾ ਕਿ ਜਾਂ ਤਾਂ ਮੈਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਜਾਂ ਫਿਰ ਮੇਰੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇ। ਇਸ ਦਰਮਿਆਨ ਕੇਂਦਰ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਾਂਗੇ ਪਰ ਇਹ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਵੱਡੇ ਫ਼ੈਸਲੇ, ਰਾਜੋਆਣਾ ਮਾਮਲੇ ’ਤੇ ਜਾਰੀ ਕੀਤੇ ਗਏ ਹੁਕਮ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਕਾਇਦਾ ਕਿਹਾ ਕਿ ਇਸ ਮਾਮਲੇ ’ਤੇ ਜਲਦੀ ਕੋਈ ਫੈਸਲਾ ਲਿਆ ਜਾਵੇ ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਕੇਂਦਰ ਨੇ ਕੋਈ ਫ਼ੈਸਲਾ ਨਹੀਂ ਲਿਆ। ਧਾਮੀ ਨੇ ਕਿਹਾ ਕਿ ਅੱਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਸੁਲਤਾਨ ਸਿੰਘ ਨੇ ਖੁਦ ਪਟਿਆਲਾ ਜੇਲ੍ਹ ਵਿਚ ਆ ਕੇ ਰਾਜੋਆਣਾ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਕੀਤੀ ਹੈ। ਉਨ੍ਹਾਂ ਦੇ ਕੁੱਝ ਗੁੱਸੇ ਗਿਲੇ ਹਨ ਜੋ ਵਾਜਬ ਹਨ। ਰਾਜੋਆਣਾ ਦਾ ਕਹਿਣਾ ਹੈ ਕਿ ਉਹ ਬੰਦੀ ਸਿੰਘ ਨਹੀਂ ਹਨ, ਉਹ ਮੌਤ ਦੀ ਸਜ਼ਾ ਜ਼ਾਫਤਾ ਹਨ, ਉਨ੍ਹਾਂ ਦਾ ਮਾਮਲਾ ਸਾਰਿਆਂ ਤੋਂ ਵੱਖਰਾ ਹੈ। ਰਾਜੋਆਣਾ ਨੇ ਕਿਹਾ ਕਿ ਮੇਰਾ ਤੁਰੰਤ ਫ਼ੈਸਲਾ ਕਰਵਾਇਆ ਜਾਵੇ ਫ਼ੈਸਲਾ ਨਹੀਂ ਹੁੰਦਾ ਤਾਂ ਸ਼੍ਰੋਮਣੀ ਕਮੇਟੀ ਮੇਰੀ ਪਟੀਸ਼ਨ ਵਾਪਸ ਲਵੇ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦੀ ਡੈੱਡ ਲਾਈਨ ਦਿੱਤੀ ਗਈ ਹੈ। ਕੇਂਦਰ ਸਰਕਾਰ ਨੂੰ ਸਾਫ ਆਖਿਆ ਗਿਆ ਹੈ ਕਿ ਰਾਜੋਆਣਾ ਮਾਮਲੇ ’ਤੇ ਤੁਰੰਤ ਫ਼ੈਸਲਾ ਲਿਆ ਜਾਵੇ। 

ਇਹ ਵੀ ਪੜ੍ਹੋ : CM ਭਗਵੰਤ ਮਾਨ ਵਲੋਂ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ, ਸਖ਼ਤ ਹੁਕਮ ਜਾਰੀ

ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਅਸੀਂ ਭੀਖ ਨਹੀਂ ਮੰਗ ਰਹੇ ਸਗੋਂ ਅਸੀਂ ਇਨਸਾਫ ਮੰਗਦੇ ਹਾਂ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਅੰਮ੍ਰਿਤਸਰ ਸਰੋਵਰ ਦਾ ਜਲ ਛਕ ਕੇ ਅਤੇ ਜੂਸ ਪੀ ਕੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੋਰ ਉਡੀਕ ਨਹੀਂ ਕਰ ਸਕਦਾ ਹਾਂ। ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ’ਤੇ ਕੋਈ ਸਿਆਸਤ ਨਾ ਕਰਕੇ ਜਲਦ ਕੋਈ ਫ਼ੈਸਲਾ ਕਰੇ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਯੂ .ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ’ਚ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News