ਰਾਜੋਆਣਾ ਮਾਮਲੇ ''ਚ ਅਕਾਲੀ ਐੱਮ. ਪੀ. ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗ੍ਰਹਿ ਮੰਤਰੀ ਨੂੰ ਮਿਲਣਗੇ

07/16/2018 1:21:02 AM

ਪਟਿਆਲਾ (ਬਲਜਿੰਦਰ,ਜਗਦੇਵ) - ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 16 ਜੁਲਾਈ ਨੂੰ ਭੁੱਖ ਹੜਤਾਲ 'ਤੇ ਨਾ ਬੈਠਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਜੋਆਣਾ ਮਾਮਲੇ ਵਿਚ 18 ਜੁਲਾਈ ਨੂੰ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਨਾਲ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ 12 ਵਜੇ ਮਿਲਣ ਲਈ ਜਾ ਰਹੇ ਹਨ। ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਜਲਦੀ ਫੈਸਲਾ ਲੈਣ। ਇਸ ਮਾਮਲੇ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜੇਲ ਸੁਪਰਡੈਂਟ ਰਾਜਨ ਕਪੂਰ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਤੱਕ ਸੁਨੇਹਾ ਵੀ ਪਹੁੰਚਾਇਆ ਹੈ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਰਾਜੋਆਣਾ ਮਾਮਲੇ ਵਿਚ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਹਰ ਹਾਲ ਵਿਚ ਪੈਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਧਰਮ ਜਾਂ ਵਿਅਕਤੀ ਦਾ ਨਹੀਂ ਸਗੋਂ ਮਾਨਵੀ ਕਦਰਾਂ-ਕੀਮਤਾਂ ਦਾ ਹੈ। ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ 'ਤੇ ਬੈਠਣ ਦਾ ਫੈਸਲਾ ਤਿਆਗ ਦੇਣ, ਕਿਉਂਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਕੇਸ ਦੀ ਪੂਰੀ ਪੈਰਵਾਈ ਕਰੇਗੀ।
ਪ੍ਰੋ. ਬਡੂੰਗਰ ਵੱਲੋਂ ਭਾਈ ਰਾਜੋਆਣਾ ਨੂੰ ਮੁੜ ਤੋਂ ਭੁੱਖ ਹੜਤਾਲ 'ਤੇ ਨਾ ਬੈਠਣ ਦੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੀ ਕੇਂਦਰੀ ਜੇਲ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ 16 ਜੁਲਾਈ ਤੋਂ ਭੁੱਖ ਹੜਤਾਲ 'ਤੇ ਬੈਠਣ ਦੇ ਕੀਤੇ ਐਲਾਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਭੁੱਖ ਹੜਤਾਲ 'ਤੇ ਨਾ ਬੈਠਣ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ੁਰੂ ਤੋਂ ਹੀ ਫਾਂਸੀ ਦੀ ਸਜ਼ਾ ਮੁਆਫ ਕਰਵਾਉਣ ਲਈ ਲਗਾਤਾਰ ਨਿਰੰਤਰ ਯਤਨ ਕਰਦੀ ਆ ਰਹੀ ਹੈ।
ਪ੍ਰੋ. ਬਡੂੰਗਰ ਨੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਬਹੁਤ ਨਾਜ਼ੁਕ ਪੰਥਕ ਮਾਮਲਾ ਹੈ ਤੇ ਉਹ ਤੁਰੰਤ ਕੇਂਦਰ ਸਰਕਾਰ ਨਾਲ ਮਿਲ ਕੇ ਇਸ ਮਾਮਲੇ ਨੂੰ ਹੱਲ ਕਰਵਾਉਣ 'ਚ ਪਹਿਲਕਦਮੀ ਕਰਨ।


Related News