ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

Sunday, Aug 13, 2023 - 06:43 PM (IST)

ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ। ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐੱਫ. ਆਈ. ਆਰ. ਨੰ. 11 ਮਿਤੀ 16-08-2022 ਨੂੰ ਆਈ. ਪੀ. ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ। ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ. ਸੀ. ਐੱਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ 'ਤੇ ਖਰੀਦੀਆਂ ਸਨ। ਇਨ੍ਹਾਂ ਵਿਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮਾਝੇ ’ਚ ਅਕਾਲੀ ਦਲ ਨੂੰ ਲੱਗਾ ਸਕਦੈ ਵੱਡਾ ਝਟਕਾ, ਇਸ ਵੱਡੇ ਆਗੂ ਦੇ ਭਾਜਪਾ ’ਚ ਜਾਣ ਦੀ ਚਰਚਾ ਜ਼ੋਰਾਂ ’ਤੇ

ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ. ਪੀ. ਸੀ. ਦੀ ਧਾਰਾ 120-ਬੀ ਤਹਿਤ ਐੱਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿਚ ਭਗੌੜੇ ਹਨ। ਉਨ੍ਹਾਂ ਦੱਸਿਆ ਕਿ 01-04-2011 ਤੋਂ 31-07-2022 ਤੱਕ ਦੇ ਜਾਂਚ ਸਮੇਂ ਦੌਰਾਨ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ ਜਦੋਂਕਿ ਉਨ੍ਹਾਂ ਵੱਲੋਂ 4,43,87,182 ਰੁਪਏ ਖਰਚੇ ਗਏ ਜੋ ਕਿ ਉਨ੍ਹਾਂ ਦੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦੀ (1,84,18,230 ਰੁਪਏ) ਵੱਧ ਹੈ।

ਇਹ ਵੀ ਪੜ੍ਹੋ : ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

ਵਿਜੀਲੈਂਸ ਬਿਊਰੋ ਨੇ ਛੇ ਹੋਰ ਜਾਇਦਾਦਾਂ ਦਾ ਲਗਾਇਆ ਪਤਾ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਨ੍ਹਾਂ ਵਿਚੋਂ ਪੰਜ ਜਾਇਦਾਦਾਂ ਵਸੀਕਾ 1179/30.6.21 (ਖੇਤਰ 95.51 ਵਰਗ ਗਜ਼), ਵਸੀਕਾ 1180/30.6.21 (ਖੇਤਰ 98.47 ਵਰਗ ਗਜ਼), ਵਸੀਕਾ 1181/30.6.21 (ਖੇਤਰ 121.51 ਵਰਗ ਗਜ਼),  ਵਸੀਕਾ 1182/30.6.21 (ਖੇਤਰ 98.47 ਵਰਗ ਗਜ਼), ਵਸੀਕਾ 1183/30.6.21 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਮਿਤੀ 02/05/2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ’ਤੇ 79.04 ਵਰਗ ਮੀਟਰ ਦਾ ਇਕ ਐੱਸ. ਸੀ. ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਉਪਰੰਤ ਬਾਕੀ ਸੱਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹੁਣ ਗੁਰਦੁਆਰਿਆਂ ’ਚ ਨਹੀਂ ਚੜ੍ਹਾਏ ਜਾ ਸਕਣਗੇ ਖਿਡੌਣਾ ਜਹਾਜ਼, ਜਲਦ ਲਿਆ ਜਾ ਸਕਦੈ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News