ਮੁੜ ਹੋ ਸਕਦੈ ਦੇਸ਼ 'ਚ ਵੱਡਾ ਕਿਸਾਨ ਅੰਦੋਲਨ, ਜਲੰਧਰ ਪੁੱਜੇ ਰਾਕੇਸ਼ ਟਿਕੈਤ ਨੇ ਦਿੱਤੇ ਸੰਕੇਤ

10/29/2022 3:39:12 PM

ਜਲੰਧਰ (ਸੋਨੂੰ)- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅੱਜ ਜਲੰਧਰ ਪੁੱਜੇ। ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖਾ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਅਲਸਾਜ਼ ਹੈ ਅਤੇ ਬੇਈਮਾਨ ਹੈ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਪਰ ਫਿਰ ਵੀ ਕਿਸਾਨ ਦੇਸ਼ 'ਚ ਇਕ ਵੱਡੇ ਅੰਦੋਲਨ ਲਈ ਤਿਆਰ ਰਹਿਣ ਕਿਉਂਕਿ ਦੇਸ਼ 'ਚ ਇਕ ਵੱਡੇ ਅੰਦੋਲਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਵੇਗਾ। ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿੱਚ ਇਕੱਲੇ ਕਿਸਾਨ ਹੀ ਨਹੀਂ ਸਗੋਂ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਹਿੱਸਾ ਲੈਣਗੇ। 

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ

ਪਰਾਲੀ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ਸਰਕਾਰ ਪਰਾਲੀ ਦੇ ਮਸਲੇ ਨੂੰ ਹੱਲ ਕਰਨਾ ਚਾਹੁੰਦੀ ਹੈ ਤਾਂ ਆਪ ਹੀ ਕੋਈ ਅਜਿਹੀ ਤਕਨੀਕ ਕਿਸਾਨਾਂ ਨੂੰ ਦੱਸ ਦੇਵੇ, ਜਿਸ ਨਾਲ ਬਿਨਾਂ ਪਰਾਲੀ ਤੋਂ ਝੋਨਾ ਹੋ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵੱਡੀਆਂ-ਵੱਡੀਆਂ ਖੇਤੀਬਾੜੀ ਯੂਨੀਵਰਸਿਟੀਆਂ, ਸਾਇੰਟਿਸਟ ਅਤੇ ਹੋਰ ਅਧਿਕਾਰੀ ਮੌਜੂਦ ਹਨ, ਉਹ ਕੋਈ ਅਜਿਹੀ ਤਕਨੀਕ ਦੱਸਣ ਜਿਸ ਨਾਲ ਪਰਾਲੀ ਦਾ ਹੱਲ ਹੋ ਸਕੇ।  

ਉੱਧਰ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੱਕਤਰ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਪਰਾਲੀ ਬਾਰੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ 100 ਰੁਪਏ ਕੁਇੰਟਲ ਦੇ ਹਿਸਾਬ ਨਾਲ ਪਰਾਲੀ ਨਸ਼ਟ ਕਰਨ ਲਈ ਦੇਵੇ ਜਾਂ ਫਿਰ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਤਾਂ ਕਿਸਾਨ ਇਸ ਮਸਲੇ ਦਾ ਕੋਈ ਹੱਲ ਸੋਚ ਸਕਦੇ ਨੇ ਪਰ ਜੇਕਰ ਸਰਕਾਰ ਉਨ੍ਹਾਂ ਦੀ ਮਦਦ ਨਹੀਂ ਕਰਦੀ ਤਾਂ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਦਾ ਅਸਰ ਸਭ ਤੋਂ ਪਹਿਲੇ ਉਸ ਦੇ ਪਿੰਡ ਵਿੱਚ ਉਸ ਦੇ ਪਰਿਵਾਰ 'ਤੇ ਹੀ ਪੈਂਦਾ ਹੈ। ਉਨ੍ਹਾਂ ਮੁਤਾਬਕ ਪਰਾਲੀ ਨੂੰ ਨਸ਼ਟ ਕਰਨ ਲਈ ਜੋ ਮਸ਼ੀਨਾਂ ਮੌਜੂਦ ਹਨ, ਉਨ੍ਹਾਂ ਲਈ ਵੱਡੇ ਟਰੈਕਟਰਾਂ ਦੀ ਲੋੜ ਹੈ, ਜੋ ਆਮ ਕਿਸਾਨ ਕੋਲ ਨਹੀਂ ਹੁੰਦਾ। 

ਇਹ ਵੀ ਪੜ੍ਹੋ: ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri