ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨਾਲ ਖਿੱਤੇ ’ਚ ਫਿਰਕੂ ਕੁੜੱਤਣ ਪੈਦਾ ਹੋ ਰਹੀ ਹੈ : ਹਰਸਿਮਰਤ

Tuesday, Jan 31, 2023 - 01:00 PM (IST)

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨਾਲ ਖਿੱਤੇ ’ਚ ਫਿਰਕੂ ਕੁੜੱਤਣ ਪੈਦਾ ਹੋ ਰਹੀ ਹੈ : ਹਰਸਿਮਰਤ

ਚੰਡੀਗੜ੍ਹ (ਜ. ਬ.) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਜ਼ਬਰ-ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵਲੋਂ ਵਾਰ-ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜੱਤਣ ਪੈਦਾ ਹੋ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਸਾਰਿਆਂ ਲਈ ਕਾਨੂੰਨ ਇਕ ਹੋਣਾ ਚਾਹੀਦਾ ਹੈ। ਜਿਸ ਤਰੀਕੇ ਨਾਲ ਵਾਰ-ਵਾਰ ਚੋਣਵੇਂ ਢੰਗ ਨਾਲ ਜ਼ਬਰ-ਜਨਾਹ ਤੇ ਕਤਲਾਂ ਦੇ ਦੋਸ਼ੀਆਂ ਨੂੰ ਪੈਰੋਲ ਦਿੱਤੀ ਜਾ ਰਹੀ ਹੈ, ਉਹ ਬਹੁਤ ਹੈਰਾਨੀ ਭਰਿਆ ਤੇ ਮੰਦਭਾਗਾ ਹੈ। ਇਹ ਸਭ ਕੁਝ ਹੋਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਫੈਸਲੇ ਨੂੰ ਹੁਣ ਤਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਵਾਲ ਪੁੱਛ ਰਹੀ ਹੈ ਕਿ ਜੇਕਰ ਇਕ ਜ਼ਬਰ-ਜਨਾਹ ਦੇ ਦੋਸ਼ੀ ਨੂੰ ਥੋੜ੍ਹੇ ਚਿਰਾਂ ਮਗਰੋਂ ਹੀ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਤਾਂ ਫਿਰ ਪਿਛਲੇ 30 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬਗੈਰ ਪੈਰੋਲ ਤੋਂ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੇ ਪੰਜਾਬ ਸਰਕਾਰ ਦੇ ਦਾਅਵੇ ਨਿਕਲੇ ਫੋਕੇ : ਨਿਮਿਸ਼ਾ ਮਹਿਤਾ

ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਸਿੰਧੂ ਜਲ ਸਮਝੌਤੇ ’ਤੇ ਮੁੜ ਗੱਲਬਾਤ ਕਰਨ ਦੀ ਪਹਿਲਕਦਮੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਸਥਾਨ ਤੇ ਹਰਿਆਣਾ ਸਮੇਤ ਹੋਰ ਰਾਜਾਂ ਨਾਲ ਹੋਏ ਪਾਣੀਆਂ ਦੇ ਸਮਝੌਤਿਆਂ ਦੀ ਵੀ ਇਸੇ ਤਰੀਕੇ ਸਮੀਖਿਆ ਹੋਣੀ ਚਾਹੀਦੀ ਹੈ। ਅਜਿਹਾ ਰਾਇਪੇਰੀਅਨ ਸਿਧਾਂਤ ਅਨੁਸਾਰ ਹੋਣਾ ਚਾਹੀਦਾ ਹੈ, ਜਿਸ ਤਹਿਤ ਜਿਸ ਸੂਬੇ ਵਿਚੋਂ ਦਰਿਆ ਲੰਘਦਾ ਹੈ, ਉਸ ’ਤੇ ਉਸ ਰਾਜ ਦਾ ਅਨਿੱਖੜਵਾਂ ਅਧਿਕਾਰ ਬਣ ਜਾਂਦਾ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਸਮਝੌਤਾ ਵੀ ਖਾਰਿਜ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸਰਕਾਰ ਨੇ ਕੀਤਾ ਨੋਟੀਫਿਕੇਸ਼ਨ, ਸਾਰੇ ਖੇਤਰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ’ਚ ਵੰਡੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News