ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼

01/17/2018 11:57:55 AM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਹੈ। 'ਜਗਬਾਣੀ' ਨਾਲ ਫੋਨ 'ਤੇ ਗੱਲਬਾਤ ਦੌਰਾਨ ਰਾਣਾ ਗੁਰਜੀਤ ਨੇ ਦੱਸਿਆ ਕਿ ਇਕ ਹਫਤੇ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵਲੋਂ ਲਗਾਤਾਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਰੇਤ ਦੀਆਂ ਖਾਨਾਂ ਨੂੰ ਲੈ ਕੇ ਪੂਰੀ ਪਾਰਟੀ 'ਤੇ ਟਿੱਪਣੀ ਕੀਤੀ ਜਾ ਰਹੀ ਸੀ। ਰਾਣਾ ਗੁਰਜੀਤ ਦੇ ਅਸਤੀਫੇ ਦੀ ਮੰਗ ਲਗਾਤਾਰ ਵਧ ਰਹੀ ਸੀ। ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੁੰਦਾ ਹੈ ਜਾਂ ਨਹੀਂ, ਇਹ ਕੈਪਟਨ ਅਮਰਿੰਦਰ ਸਿੰਘ 'ਤੇ ਨਿਰਭਰ ਕਰਦਾ ਹੈ, ਜੋ ਕਿ ਅੱਜ ਦਿੱਲੀ 'ਚ ਹਨ।

ਦੱਸਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁੱਕੇ ਹਨ। ਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ, ਜਿਸ 'ਚ ਰਾਣਾ ਗੁਰਜੀਤ 'ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ। ਇਸ ਮਾਮਲੇ ਤੋਂ ਬਾਅਦ ਰਾਣਾ ਗੁਰਜੀਤ ਪੰਜਾਬ 'ਚ ਵਿਰੋਧੀ ਧਿਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ ਸਨ।


Related News