ਕੈਬਨਿਟ ਮੰਤਰੀ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

10/16/2017 12:08:57 PM

ਕਪੂਰਥਲਾ(ਸ਼ਰਮਾ, ਮੱਲ੍ਹੀ)— ਕੈਬਨਿਟ ਮੰਤਰੀ ਸਿੰਚਾਈ ਅਤੇ ਬਿਜਲੀ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤਕ ਦੋ ਫਸਲਾਂ ਦੀ ਖਰੀਦ ਬਹੁਤ ਹੀ ਸਫਲਤਾਪੂਰਵਕ ਕੀਤੀ ਹੈ, ਜਿਸ ਤੋਂ ਕਿਸਾਨ ਵਰਗ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਅਕਾਲੀ-ਭਾਜਪਾ ਸਰਕਾਰ ਕੇਵਲ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰਦੀ ਸੀ, ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਫਸਲਾਂ ਦੀ ਖਰੀਦ ਦੇ ਵਧੀਆ ਇੰਤਜ਼ਾਮ ਕਰਕੇ ਆਪਣੀ ਕਿਸਾਨ ਹਿਤੈਸ਼ੀ ਸੋਚ ਨੂੰ ਪ੍ਰਮਾਣਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2002 ਤੋਂ 2007 ਦੇ ਆਪਣੇ ਕਾਰਜਕਾਲ ਦੌਰਾਨ ਵੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਕਰਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਸੀ। 
ਸਥਾਨਕ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ 'ਚ ਖਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦਾਣਾ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਹਾਜ਼ਰ ਅਧਿਕਾਰੀਆਂ, ਆੜ੍ਹਤੀਆਂ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਅਤੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਹ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਵੀ ਮਿਲੇ ਅਤੇ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਵਿਚਾਰ ਜਾਣੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦਰ ਸਿੰਘ ਸਾਹੀ, ਮੰਡੀ ਸੁਪਰਵਾਈਜ਼ਰ ਪ੍ਰਿਥੀਪਾਲ ਸਿੰਘ ਘੁੰਮਣ, ਮਨਜੀਤ ਸਿੰਘ ਨਿੱਝਰ, ਪਵਨ ਅਗਰਵਾਲ, ਨਰਿੰਦਰ ਸਿੰਘ ਮੰਨਸੂ, ਗੁਰਦੀਪ ਸਿੰਘ ਬਿਸ਼ਨਪੁਰ, ਵਿਨੋਦ ਸੂਦ, ਮਨਜਿੰਦਰ ਸਾਹੀ, ਵਿਸ਼ਾਲ ਸ਼ਰਮਾ, ਗੋਰਾ ਗਿੱਲ, ਰਜਿੰਦਰ ਸਿੰਘ ਵਾਲੀਆ, ਸੁਰਿੰਦਰ ਮੜ੍ਹੀਆ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਓਮ ਪ੍ਰਕਾਸ਼ ਬਹਿਲ ਤੇ ਉਪ-ਪ੍ਰਧਾਨ ਰਜਿੰਦਰ ਕੌੜਾ, ਵਿਪਨ ਆਜ਼ਾਦ ਟੋਨੀ, ਪਵਨ ਕੌੜਾ, ਵਿਜੈ ਸ਼ਰਮਾ, ਤਿਲਕ ਰਾਜ, ਅਸ਼ੋਕ ਕੌੜਾ, ਜਗਦੀਸ਼ ਧੀਰ, ਸੁਧੀਰ ਸੂਦ, ਪਰਮਿੰਦਰ ਸਿੰਘ ਚਾਂਦੀ, ਸੁਖਦੇਵ ਸਿੰਘ, ਰਣਜੀਤ ਸਿੰਘ, ਗੁਰਦੇਵ ਸਿੰਘ, ਟੀਨੂੰ ਆਜ਼ਾਦ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।