ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Tuesday, Mar 31, 2026 - 06:19 PM (IST)

ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਫ਼ਿਰੋਜ਼ਪੁਰ/ਨਵੀਂ ਦਿੱਲੀ : ਪੰਜਾਬ ਦੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਇਕ ਵਿਸਤ੍ਰਿਤ ਮੰਗ ਪੱਤਰ ਸੌਂਪਿਆ ਗਿਆ। ਕੇਂਦਰੀ ਆਗੂਆਂ ਨੇ ਭਰੋਸਾ ਦਿੱਤਾ ਕਿ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਨਿਤਿਨ ਨਬੀਨ ਨੇ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਦਾ ਵੀ ਭਰੋਸਾ ਦਿੱਤਾ।

ਕਿਸਾਨਾਂ ਅਤੇ ਬੁਨਿਆਦੀ ਢਾਂਚੇ ਲਈ ਮੰਗਾਂ

ਮੰਗ ਪੱਤਰ ਵਿਚ ਮੁੱਖ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਮੰਗ ਕੀਤੀ ਗਈ। ਵਫ਼ਦ ਨੇ ਮੰਗ ਰੱਖੀ ਕਿ ਡਿਫੈਂਸ ਵਾਇਰ ਅਤੇ ਜ਼ੀਰੋ ਲਾਈਨ ਦੇ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਕਾਨਾ ਹੱਕ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸੁਰੱਖਿਆ ਅਤੇ ਸਥਿਰਤਾ ਮਿਲ ਸਕੇ। ਇਸ ਤੋਂ ਇਲਾਵਾ, ਫ਼ਿਰੋਜ਼ਪੁਰ-ਫਾਜ਼ਿਲਕਾ ਮਾਰਗ ਨੂੰ ਚਾਰ ਮਾਰਗੀ (Four-lane) ਕਰਕੇ ਇਸ ਨੂੰ ਰਾਸ਼ਟਰੀ ਰਾਜਮਾਰਗ ਘੋਸ਼ਿਤ ਕਰਨ ਅਤੇ ਵਪਾਰ ਤੇ ਰੋਜ਼ਗਾਰ ਨੂੰ ਹੁਲਾਰਾ ਦੇਣ ਲਈ ਹੁਸੈਨੀਵਾਲਾ ਚੈੱਕ ਪੋਸਟ ਨੂੰ ਮੁੜ ਖੋਲ੍ਹਣ ਦੀ ਮੰਗ ਵੀ ਕੀਤੀ ਗਈ। ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਦਯੋਗ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਆਵਾਜਾਈ ਨੂੰ ਬਿਹਤਰ ਬਣਾਉਣ ਲਈ ਫਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਰਾਹੀਂ ਬਠਿੰਡਾ ਅਤੇ ਨਵੀਂ ਦਿੱਲੀ ਤੱਕ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਚਲਾਉਣ ਦੀ ਪੁਰਜ਼ੋਰ ਮੰਗ ਕੀਤੀ ਗਈ।

ਹੜ੍ਹ ਰੋਕੂ ਪ੍ਰਬੰਧ ਅਤੇ ਹੋਰ ਸਹੂਲਤਾਂ

ਇਲਾਕੇ ਵਿਚ ਹਰ ਸਾਲ ਆਉਣ ਵਾਲੇ ਹੜ੍ਹਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਮਜ਼ਬੂਤ ਬੰਨ੍ਹ ਬਣਾਉਣ ਅਤੇ ਖੂੰਢਰ ਘਾਟੀ ਨੂੰ ਫ਼ਿਰੋਜ਼ਪੁਰ ਸ਼ਹਿਰ ਨਾਲ ਜੋੜਨ ਲਈ ਪੁਲ ਦੀ ਉਸਾਰੀ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਵਿਕਾਸ ਸਿਰਫ਼ ਇਕ ਖੇਤਰੀ ਮੰਗ ਨਹੀਂ ਹੈ, ਸਗੋਂ ਇਹ ਦੇਸ਼ ਦੀ ਸੁਰੱਖਿਆ ਅਤੇ ਅੰਨ ਸੁਰੱਖਿਆ ਲਈ ਇਕ ਰਾਸ਼ਟਰੀ ਲੋੜ ਹੈ। ਇਸ ਵਫ਼ਦ ਵਿਚ ਅਨੀਸ਼ ਸਿਡਾਨਾ, ਹੰਸਾ ਸਿੰਘ ਕਾਮਰੇਡ, ਪੂਰਨ ਚੰਦ, ਬਾਬਾ ਬਲਵਿੰਦਰ ਸਿੰਘ, ਦਵਿੰਦਰ ਸਿੰਘ ਜੰਗ ਅਤੇ ਪੁਰਸ਼ੋਤਮ ਕੁਮਾਰ ਵਰਗੇ ਆਗੂ ਸ਼ਾਮਲ ਸਨ।


author

Gurminder Singh

Content Editor

Related News