ਸਪੀਕਰ ਨੇ ਵਿਧਾਨ ਸਭਾ ਇਜਲਾਸ ''ਚ ਹਿੱਸਾ ਲੈਣ ਵਾਲੇ ਵਿਧਾਇਕਾਂ ਨੂੰ ਦਿੱਤੀ ਖ਼ਾਸ ਛੋਟ
Saturday, Oct 17, 2020 - 11:31 AM (IST)
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ। ਇਸ ਵਾਰ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਵਿਧਾਨ ਸਭਾ ਦੇ ਇਜਲਾਸ 'ਚ ਹਿੱਸਾ ਲੈਣ ਵਾਲੇ ਵਿਧਾਇਕਾਂ ਨੂੰ ਛੋਟ ਦਿੱਤੀ ਗਈ ਹੈ।
ਸਪੀਕਰ ਨੇ ਕਿਹਾ ਹੈ ਕਿ ਵਿਸ਼ੇਸ਼ ਇਜਲਾਸ 'ਚ ਹਿੱਸਾ ਲੈਣ ਵਾਲੇ ਵਿਧਾਇਕਾਂ ਨੂੰ ਇਸ ਵਾਰ ਕੋਰੋਨਾ ਰਿਪੋਰਟ ਲਿਆਉਣ ਦੀ ਲੋੜ ਨਹੀਂ ਹੈ, ਸਗੋਂ ਵਿਧਾਇਕਾਂ ਨੂੰ ਖੁਦ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਲਾਈਵ ਇਜਲਾਸ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜੱਥੇਬੰਦੀਆਂ ਨਾਲ ਪਿਛਲੇ ਦਿਨਾਂ 'ਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵਾਅਦਾ ਕੀਤਾ ਸੀ ਤਾਂ ਜੋ ਕੇਂਦਰੀ ਖੇਤੀ ਕਾਨੂੰਨਾਂ ਨੂੰ ਖੁੰਢਾ ਕੀਤਾ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਾਕਮ ਧਿਰ ਨੂੰ ਸੈਸ਼ਨ ਸੱਦਣ ਲਈ 7 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਸਾਫ਼ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਵਾਅਦੇ 'ਤੇ ਖਰੀ ਨਹੀਂ ਉਤਰਦੀ ਅਤੇ ਇਜਲਾਸ ਨਹੀਂ ਸੱਦਦੀ ਹੈ ਤਾਂ ਕਿਸਾਨ ਜਿਸ ਤਰ੍ਹਾਂ ਦਾ ਵਿਵਹਾਰ ਭਾਜਪਾ ਆਗੂਆਂ ਨਾਲ ਕਰ ਰਹੇ ਹਨ, ਉਸੇ ਤਰ੍ਹਾਂ ਦਾ ਕਾਂਗਰਸੀਆਂ ਨਾਲ ਕੀਤਾ ਜਾਵੇਗਾ।