ਪੰਜਾਬ ’ਚ ਬਲੈਕ ਆਊਟ ਵਰਗੀ ਸਥਿਤੀ ਨਹੀਂ ਪੈਦਾ ਹੋਣ ਦੇਵੇਗੀ ਪੰਜਾਬ ਸਰਕਾਰ : ਖੇਤੀ ਮੰਤਰੀ

Sunday, Oct 10, 2021 - 09:57 AM (IST)

ਚੰਡੀਗੜ੍ਹ/ਨਾਭਾ (ਅਸ਼ਵਨੀ) : ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਦੇਸ਼ ’ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ ’ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ। ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬਿਜਲੀ ਸੰਕਟ ਦੇ ਹੱਲ ਲਈ ਪੁਖਤਾ ਇੰਤਜ਼ਾਮ ਕੀਤੇ ਹਨ, ਜਿਸ ਕਰਕੇ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਖ਼ੇਪ ਦੀ ਸਪੈਸ਼ਲ ਰੇਲਗੱਡੀ ਬਹੁਤ ਜਲਦ ਪੰਜਾਬ ਪਹੁੰਚ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ’ਚ ਡੀ. ਏ. ਪੀ. ਖਾਦ ਦੀ ਵੀ ਕੋਈ ਕਿੱਲਤ ਨਹੀਂ ਆਵੇਗੀ ਅਤੇ 1.97 ਲੱਖ ਮੀਟ੍ਰਿਕ ਟਨ ਪੰਜਾਬ ਪੁੱਜ ਰਹੀ ਹੈ। ਕੈਬਨਿਟ ਮੰਤਰੀ ਬਣਨ ਮਗਰੋਂ ਨਾਭਾ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੜ ਨਾਭਾ ਪੁੱਜੇ ਰਣਦੀਪ ਸਿੰਘ ਨਾਭਾ ਆਪਣੇ ਸਵ. ਪਿਤਾ ਤੇ ਸਾਬਕਾ ਮੰਤਰੀ ਗੁਰਦਰਸ਼ਨ ਸਿੰਘ ਦੀ ਨਾਭਾ-ਪਟਿਆਲਾ ਬਾਈਪਾਸ ਨੇੜੇ ਸਥਿਤ ਯਾਦਗਾਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਨਿਰੰਤਰ ਨਿਰਸਵਾਰਥ ਸੇਵਾ ਕਰਨ ਦਾ ਪ੍ਰਣ ਦੁਹਰਾਇਆ।

ਇਹ ਵੀ ਪੜ੍ਹੋ : ਮਾਛੀਵਾੜਾ ਦੇ 'ਹਰੇ ਸਮੋਸੇ' ਦੀਆਂ ਚਾਰੇ ਪਾਸੇ ਪਈਆਂ ਧੁੰਮਾਂ, ਬਾਹਰਲੇ ਸੂਬਿਆਂ ਤੋਂ ਵੀ ਖਾਣ ਆਉਂਦੇ ਨੇ ਲੋਕ (ਤਸਵੀਰਾਂ)

ਇਸ ਮੌਕੇ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਨਿਰਦਈ ਰਵੱਈਏ ਦੀ ਜ਼ੋਰਦਾਰ ਢੰਗ ਨਾਲ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਮੰਦਭਾਗੀ ਘਟਨਾ ਨੇ ਭਾਜਪਾ ਸਮੇਤ ਕੇਂਦਰ ਅਤੇ ਯੂ. ਪੀ. ਦੀ ਸਰਕਾਰ ਦੇ ਮੱਥੇ ’ਤੇ ਕਲੰਕ ਲਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕਰਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵਧਣਗੇ ਬਿਜਲੀ ਕੱਟ, ਦਿੱਲੀ ’ਚ ਬਲੈਕ ਆਊਟ ਦਾ ਖ਼ਤਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News