ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਰੰਧਾਵਾ ਦੀ ਬਰਖਾਸਤਗੀ ਦੀ ਮੰਗ

Tuesday, Nov 26, 2019 - 01:10 AM (IST)

ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਰੰਧਾਵਾ ਦੀ ਬਰਖਾਸਤਗੀ ਦੀ ਮੰਗ

ਚੰਡੀਗਡ਼੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਾਤਲਾਂ ਦੀ ਪੁਸ਼ਤਪਨਾਹੀ ਕਰਨ ਅਤੇ ਸੂਬੇ ਦੀਆਂ ਜੇਲਾਂ ਅੰਦਰ ਗੈਂਗਸਟਰਾਂ ਨੂੰ ਖੁੱਲ੍ਹੀ ਛੋਟ ਦੇਣ ਲਈ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਮੀਟਿੰਗ ’ਚ ਇਹ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਵਿਧਾਇਕਾਂ ਦਾ ਇਕ ਵਫ਼ਦ ਪੰਜਾਬ ਦੇ ਡੀ.ਜੀ.ਪੀ. ਨੂੰ ਮਿਲੇਗਾ ਅਤੇ ਮੰਗ ਕਰੇਗਾ ਕਿ ਦਲਬੀਰ ਢਿੱਲਵਾਂ ਦੇ ਪਰਿਵਾਰ ਦੇ ਬਿਆਨ ਮੁਤਾਬਿਕ ਸੁਖਜਿੰਦਰ ਰੰਧਾਵਾ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਜੇਕਰ ਡੀ.ਜੀ.ਪੀ. ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕਰਦਾ ਹੈ ਤਾਂ ਅਕਾਲੀ ਦਲ ਇਹ ਮਸਲਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਲੈ ਕੇ ਜਾਵੇਗਾ ਅਤੇ ਰੰਧਾਵਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰੇਗਾ।

ਕੋਰ ਕਮੇਟੀ ਨੇ ਕਿਹਾ ਕਿ ਜੇਲ ਮੰਤਰੀ ਵਿਰੁੱਧ ਲੱਗੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਇਸ ਤੱਥ ਨੂੰ ਧਿਆਨ ’ਚ ਰੱਖਦੇ ਹੋਏ ਕਿ ਬਟਾਲਾ ਪੁਲਸ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਇਹ ਕੇਸ ਡੂੰਘੀ ਜਾਂਚ ਲਈ ਸੀ.ਬੀ.ਆਈ. ਨੂੰ ਸੌਂਪ ਦੇਣਾ ਚਾਹੀਦਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਉਹ ਅਕਾਲੀ ਵਰਕਰ ਦਲਬੀਰ ਢਿੱਲਵਾਂ ਦੇ ਭੋਗ ਸਮਾਗਮ ’ਚ ਹਿੱਸਾ ਲੈਣਗੇ।

ਇਸ ਮੀਟਿੰਗ ਵਿਚ ਚਰਨਜੀਤ ਸਿੰਘ ਅਟਵਾਲ, ਬਲਵਿੰਦਰ ਸਿੰਘ ਭੂੰਦਡ਼, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਹਰੀ ਸਿੰਘ ਜ਼ੀਰਾ ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖਡ਼ਾ ਅਤੇ ਬਲਦੇਵ ਸਿੰਘ ਮਾਨ ਨੇ ਭਾਗ ਲਿਆ।


author

Bharat Thapa

Content Editor

Related News