ਮੰਤਰੀ ਰੰਧਾਵਾ ਦਾ ਸ਼੍ਰੋਮਣੀ ਕਮੇਟੀ ਪ੍ਰਤੀ ਬਿਆਨ ਸਿਆਸਤ ਤੋਂ ਪ੍ਰੇਰਿਤ : ਮਹਿਤਾ

07/10/2020 3:11:23 AM

ਅੰਮ੍ਰਿਤਸਰ,(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਲਈ ਦੇਸੀ ਘਿਉ ਤੇ ਸੁੱਕੇ ਦੁੱਧ ਬਾਰੇ ਪੈਦਾ ਕੀਤਾ ਜਾ ਰਿਹਾ ਵਿਵਾਦ ਬੇਲੋੜਾ ਹੈ। ਜਿਸ ਦੁਆਰਾ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਮਿਲਣੀ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵੀ ਖਰੀਦ ਲਈ ਅਖ਼ਬਾਰਾਂ ਵਿਚ ਬਕਾਇਦਾ ਇਸ਼ਤਿਹਾਰ ਦੇ ਕੇ ਟੈਂਡਰਾਂ ਦੀ ਮੰਗ ਕਰਦੀ ਹੈ। ਉਪਰੰਤ ਸਬੰਧਤ ਫਰਮਾਂ ਨੂੰ ਬੁਲਾ ਕੇ ਨੀਯਤ ਸਬ-ਕਮੇਟੀ ਗੱਲਬਾਤ ਕਰਦੀ ਹੈ ਅਤੇ ਮੰਗ ਮੁਤਾਬਿਕ ਐੱਗਮਾਰਕ ਪੈਮਾਨੇ ਅਨੁਸਾਰ ਘੱਟ ਰੇਟ ਵਾਲੀ ਫਰਮ ਦਾ ਟੈਂਡਰ ਪ੍ਰਵਾਨ ਕੀਤਾ ਜਾਂਦਾ ਹੈ। ਟੈਂਡਰ ਦੀਆਂ ਸ਼ਰਤਾਂ ਤੇ ਨਿਯਮਾਂ ਅਨੁਸਾਰ ਸਭ ਤੋਂ ਘੱਟ ਰੇਟ ਵਾਲੀ ਸੋਨਾਈ ਕੋਅਪਰੇਟਿਵ ਡੇਅਰੀ ਪੂਨੇ ਦਾ ਰੇਟ ਪ੍ਰਵਾਨ ਕਰ ਲਿਆ ਗਿਆ। ਤਿੰਨ ਮਹੀਨੇ ਦੀ ਖ਼ਪਤ 'ਤੇ ਵੇਰਕਾ ਦੇ ਸੋਨਾਈ ਡੇਅਰੀ ਨਾਲੋਂ ਕੁੱਲ 5 ਕਰੋੜ 20 ਲੱਖ 56 ਹਜ਼ਾਰ 900 ਰੁਪਏ ਵੱਧ ਭਾਰ ਪੈਂਦਾ ਹੈ।ਉਨ੍ਹਾਂ ਕਿਹਾ ਕਿ ਰੰਧਾਵਾ ਨੂੰ ਆਪਣੇ ਮਹਿਕਮੇ ਦੀਆਂ ਨਕਾਮੀਆਂ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ 'ਤੇ ਸੁੱਟਣ ਦੀ ਬਜਾਏ ਮਹਿਕਮੇ ਵਿਚ ਸੁਧਾਰ ਕਰਕੇ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰੀ ਅਦਾਰੇ ਦੇ ਪੈਕ 37 ਟੀਨਾਂ ਵਿੱਚੋਂ 41 ਕਿਲੋ 330 ਗ੍ਰਾਮ ਦੇਸੀ ਘਿਉ ਘੱਟ ਨਿਕਲਿਆ, ਜਿਸ ਸਬੰਧੀ ਮਿਲਕਫੈੱਡ ਦੇ ਐੱਮ. ਡੀ. ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਸੀ, ਜਿਸ 'ਤੇ ਐੱਮ. ਡੀ. ਨੇ ਕੰਡੇ ਵਿਚ ਮੈਕੇਨੀਕਲ ਨੁਕਸ ਹੋਣ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰੰਧਾਵਾ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਦੀ ਸਿਰਮੌਰ ਸੰਸਥਾ 'ਤੇ ਦੋਸ਼ ਲਗਾਉਣ ਦੀ ਬਜਾਏ ਆਪਣਾ ਮਹਿਕਮਾ ਠੀਕ ਕਰਨ ਦੀ ਬਣਦੀ ਜ਼ਿੰਮੇਵਾਰੀ ਨੂੰ ਸਮਝਣ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਰੰਧਾਵਾ ਦਾ ਬਿਆਨ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਤ ਹੈ ਇਸ ਵੱਲ ਧਿਆਨ ਨਾ ਦੇਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਗੁਰਮੀਤ ਸਿੰਘ ਬੂਹ, ਗੁਰਤੇਜ ਸਿੰਘ ਢੱਡੇ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਇੰਚਾਰਜ ਲਖਬੀਰ ਸਿੰਘ ਡੋਗਰ ਵੀ ਹਾਜ਼ਰ ਸਨ।


Bharat Thapa

Content Editor

Related News