ਰੰਧਾਵਾ ਵੱਲੋਂ ਕਾਨੂੰਨ ਵਿਵਸਥਾ ਹੋਰ ਸੁਚਾਰੂ ਬਣਾਉਣ ਲਈ ਰਾਤ ਸਮੇਂ ਪੁਲਸ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼
Monday, Nov 22, 2021 - 07:42 PM (IST)
ਚੰਡੀਗੜ੍ਹ/ਜਲੰਧਰ (ਬਿਊਰੋ,ਧਵਨ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇਕ-ਤਿਹਾਈ ਗਜ਼ਟਿਡ ਅਫ਼ਸਰਾਂ ਦੀ ਤਾਇਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ, ਜਿਸ ਦੀ ਉਹ ਖ਼ਦ ਹਰ ਰੋਜ਼ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ। ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ’ਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਸ ਗਸ਼ਤ ਨਹੀਂ ਕੀਤੀ ਜਾਂਦੀ। ਉਨ੍ਹਾਂ ਸਮੂਹ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਕਿਹਾ ਹੈ ਕਿ ਆਪੋ-ਆਪਣੇ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਗਜ਼ਟਿਡ ਅਫਸਰਾਂ ਦੀ ਡਿਊਟੀ ਦਾ ਰੋਸਟਰ ਬਣਾਇਆ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ
ਹਰ ਰਾਤ ਘੱਟੋ-ਘੱਟ ਇਕ-ਤਿਹਾਈ ਅਫ਼ਸਰ ਡਿਊਟੀ ’ਤੇ ਤਾਇਨਾਤ ਰਹਿਣ। ਉਨ੍ਹਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਰੋਸਟਰ ਵਾਲੇ ਡਿਊਟੀ ਅਫ਼ਸਰ ਨੂੰ ਵੀਡੀਓ ਕਾਲ ਕਰ ਕੇ ਉਸ ਦੀ ਲੋਕੇਸ਼ਨ ਚੈੱਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਨੇ ਇਸ ਸਬੰਧੀ ਬਾਕਾਇਦਾ ਡੀ. ਜੀ. ਪੀ., ਏ. ਡੀ. ਜੀ. ਪੀ (ਕਾਨੂੰਨ ਤੇ ਵਿਵਸਥਾ), ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਪੱਤਰ ਜਾਰੀ ਕਰਕੇ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਹੂ-ਬਹੂ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਰੋਸਟਰ ਬਣਾਇਆ ਜਾਵੇਗਾ, ਉਸ ਦੀ ਕਾਪੀ ਏ. ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਜਾਵੇਗੀ, ਜੋ ਅੱਗੇ ਰੋਸਟਰ ਦੀਆਂ ਕਾਪੀਆਂ ਨੂੰ ਇਕੱਠਾ ਕਰਕੇ ਰੋਜ਼ਾਨਾ ਸ਼ਾਮ 5 ਵਜੇ ਉਪ ਮੁੱਖ ਮੰਤਰੀ, ਗ੍ਰਹਿ ਸਕੱਤਰ ਅਤੇ ਡੀ. ਜੀ. ਪੀ. ਨੂੰ ਭੇਜਣਗੇ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ