''ਰੰਗਲਾ ਪੰਜਾਬ ਵਿਕਾਸ ਯੋਜਨਾ'' ਤਹਿਤ ਖੇਤੀ ਮੰਤਰੀ ਨੇ ਪੰਜਾਬ ’ਚ 43.79 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
Friday, Aug 08, 2025 - 08:11 PM (IST)

ਜਲੰਧਰ, (ਚੋਪੜਾ)–ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੀ ਪ੍ਰਮੁੱਖ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ 43.79 ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ।
ਖੇਤੀ ਮੰਤਰੀ ਜੋ ਇਸ ਯੋਜਨਾ ਦੇ ਨੋਡਲ ਮੰਤਰੀ ਵੀ ਹਨ, ਨੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜ਼ਨ ਦੇ ਅਨੁਰੂਪ ਪੰਜਾਬ ਵਿਚ ਵਿਕਾਸ ਦੇ ਮਾਮਲੇ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਨੂੰ ਸਰਗਰਮ ਵਿਕਾਸ ਯਕੀਨੀ ਕਰਨ ਲਈ 5 ਕਰੋੜ ਰੁਪਏ ਮਿਲਣਗੇ। ਕੈਬਨਿਟ ਮੰਤਰੀ ਦੇ 9 ਵਿਧਾਨ ਸਭਾ ਹਲਕੇ ਵਿਚ ਮਨਜ਼ੂਰ 755 ਪ੍ਰਾਜੈਕਟਾਂ ਅਤੇ ਉੱਚ ਗੁਣਵੱਤਾ ਮਾਪਦੰਡਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ 22.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਚੁੱਕੀ ਹੈ ਅਤੇ ਬਾਕੀ ਫੰਡ ਵੀ ਜਲਦ ਹੀ ਵੰਡੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਵਿਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਹੁਲਾਰਾ ਮਿਲੇਗਾ।
ਖੁੱਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਡੈਮ ਅਤੇ ਦਰਿਆ ਵਿਚ ਵਧਦੇ ਪਾਣੀ ਦੇ ਪੱਧਰ ’ਤੇ ਸਖ਼ਤ ਨਜ਼ਰ ਰੱਖ ਰਹੀ ਹੈ। ਇਸ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਨੇ ਖੇਤੀ ਮੰਤਰੀ ਦਾ ਇਥੇ ਆਮਦ ’ਤੇ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟ ਨੂੰ ਸਮੇਂ ’ਤੇ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ, ‘ਆਪ’ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਹੋਰ ਵੀ ਮੌਜੂਦ ਸਨ।