ਡੇਰਾ ਸਿਰਸਾ ਦੀ ਮਦਦ ਨਾਲ ਜਿੱਤੇ ਸੁਖਬੀਰ ਤੇ ਹਰਸਿਮਰਤ : ਬ੍ਰਹਮਪੁਰਾ

05/27/2019 6:19:33 PM

ਜਲੰਧਰ (ਸੋਨੂੰ)— ਲੋਕ ਸਭਾ ਚੋਣਾਂ 'ਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਦੇ ਜਿੱਤਣ 'ਤੇ ਟਕਸਾਲੀਆਂ ਨੇ ਆਪਣਾ ਪ੍ਰਤੀਕਰਮ ਜ਼ਾਹਰ ਕੀਤਾ ਹੈ। ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਰਣਜੀਤ ਸਿੰਘ ਬ੍ਰਹਮੁਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਡੇਰਾ ਸਿਰਸਾ ਵਾਲੇ ਦੀ ਮਦਦ ਨਾਲ ਜਿੱਤ ਹਾਸਲ ਹੋਈ ਹੈ। ਉਨ੍ਹਾਂ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਦੋਹਾਂ ਨੂੰ ਸਿਰਸੇ ਦੇ ਡੇਰੇ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਮਿਲ ਕੇ ਜਿਤਾਇਆ ਹੈ ਅਤੇ ਇਹ ਸਭ ਆਉਣ ਵਾਲੇ ਦਿਨਾਂ 'ਚ ਸਾਰਿਆਂ ਨੂੰ ਪਤਾ ਲੱਗ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ 2 ਸੀਟਾਂ 'ਤੇ ਜਿੱਤ ਹਾਸਲ ਕਰਨ ਅਤੇ ਬਾਕੀ ਸੀਟਾਂ ਗਵਾਉਣ ਤੋਂ ਬਾਅਦ ਖੁਸ਼ੀ ਮਨਾ ਰਿਹਾ ਹੈ, ਜੋ ਕਿ ਗਲਤ ਹੈ। ਆਪਣੇ ਮਿਸ਼ਨ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਿਸ਼ਨ ਲੋਕ ਸਭਾ ਜਿੱਤਣਾ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕਰਨਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸਾਨੂੰ ਚੋਣਾਂ ਦੌਰਾਨ ਘੱਟ ਵੋਟਾਂ ਪਈਆਂ ਹਨ ਪਰ ਉਹ ਦੋ ਸੀਟਾਂ 'ਤੇ ਅਕਾਲੀ ਦਲ ਨੂੰ ਹਰਾਉਣ 'ਚ ਸਫਲ ਹੋਏ ਹਨ। 

ਐੱਸ. ਜੀ. ਪੀ. ਸੀ. ਦੀਆਂ ਚੋਣਾਂ ਜਲਦੀ ਕਰਵਾਉਣ ਦੀ ਕੇਂਦਰ ਸਰਕਾਰ ਨੂੰ ਮੰਗ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਬੀ ਜਗੀਰ ਕੌਰ ਤੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ 'ਚ ਉਹ ਐੱਸ. ਜੀ. ਪੀ. ਸੀ. ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਸਬਕ ਸਿਖਾ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਬਾਦਲ ਪਰਿਵਾਰ ਦੀ ਪ੍ਰਾਪਰਟੀ ਹੈ ਅਤੇ ਉਹ ਇਸ ਦੀ ਖਿਲਾਫਤ ਕਰਦੇ ਰਹਿਣਗੇ।
ਉਥੇ ਨਵੋਜਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਵਾਦ ਦੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਿੱਧੂ ਇਕ ਸਾਫ ਅਕਸ ਵਾਲੇ ਅਤੇ ਈਮਾਨਦਾਰ ਇਨਸਾਨ ਹਨ। ਉਨ੍ਹਾਂ ਨੂੰ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੇ ਹਿੰਦੋਸਤਾਨ ਦੇ ਲੋਕ ਚਾਹੁੰਦੇ ਹਨ। ਉਥੇ ਹੀ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਵੱਲੋਂ ਕਾਂਗਰਸ ਦੇ ਨੇਤਾਵਾਂ ਨੂੰ ਉਸ ਨੂੰ ਹਰਾਉਣ ਦੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਜਿਹਾ ਹੀ ਹੋਇਆ ਹੈ ਅਤੇ ਕਾਂਗਰਸ ਦੇ ਨੇਤਾਵਾਂ ਨੇ ਹੀ ਉਸ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ 'ਚ ਸਾਰੇ ਛੋਟੇ ਦਲਾਂ ਨੂੰ ਇਕੱਠੇ ਕਰਨ ਦੀ ਕੋਸ਼ਿਸ਼ ਕਰਨਗੇ।


shivani attri

Content Editor

Related News