''ਬ੍ਰਹਮਪੁਰਾ'' ਨੇ 22 ਅਕਤੂਬਰ ਨੂੰ ਸੱਦੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੰਗਾਮੀ ਮੀਟਿੰਗ
Tuesday, Oct 20, 2020 - 03:49 PM (IST)
ਮੋਹਾਲੀ/ਅੰਮ੍ਰਿਤਸਰ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਜੱਥੇਦਾਰਾਂ ਦੀ ਹੰਗਾਮੀ ਮੀਟਿੰਗ 22 ਅਕਤੂਬਰ ਦਿਨ ਵੀਰਵਾਰ ਪਾਰਟੀ ਦੇ ਮੁੱਖ ਦਫ਼ਤਰ ਗੁਰੂ ਹਰਰਾਏ ਇਨਕਲੇਵ ਨਜ਼ਦੀਕ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਰਨਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਮੀਟਿੰਗ 'ਚ ਪੰਜਾਬ ਦੇ ਧਾਰਮਿਕ, ਸਿਆਸੀ, ਸਮਾਜਿਕ ਤੇ ਕਿਸਾਨਾਂ ਸਬੰਧੀ ਠੋਸ ਵਿਚਾਰਾਂ ਕੀਤੀਆਂ ਜਾਣਗੀਆਂ।
ਪਾਰਟੀ ਦੇ ਬੁਲਾਰੇ ਨੇ ਦੱਸਿਆ ਹੈ ਕਿ ਕੇਂਦਰ ਵੱਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸਾਨਾਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਤੋਂ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਰੇਲਾਂ ਦੀਆਂ ਪਟੜੀਆਂ, ਸੜਕਾਂ, ਪਾਣੀ ਦੀਆਂ ਵਾਛੜਾਂ, ਕਹਿਰ ਦੀ ਧੁੱਪ ਅਤੇ ਪੁਲਸ ਦੀਆਂ ਡਾਂਗਾਂ ਆਪਣੇ ਪਿੰਡੇ 'ਤੇ ਹੰਢਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ 'ਤੇ ਫੇਲ ਹੋਈ ਹੈ।
ਉਨ੍ਹਾਂ ਸਖ਼ਤ ਸ਼ਬਦਾਂ 'ਚ ਖੇਤੀ ਆਰਡੀਨੈਂਸਾਂ ਨੂੰ ਮੁੱਢ ਤੋਂ ਨਕਾਰਿਆ ਅਤੇ ਕਿਹਾ ਕਿ ਹੋਣ ਵਾਲੀ ਪਾਰਟੀ ਦੀ ਮੀਟਿੰਗ 'ਚ ਕਿਸਾਨਾਂ ਦੇ ਹਿੱਤਾਂ ਲਈ ਅਹਿਮ ਫ਼ੈਸਲੇ ਲਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸੰਬੰਧੀ ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਅੰਗਰੇਜ਼ਾਂ ਤੋਂ ਬਾਅਦ ਦੇਸ਼ ਆਜ਼ਾਦ ਹੋਣ 'ਤੇ ਸ਼੍ਰੋਮਣੀ ਕਮੇਟੀ ਦੀ ਚੋਣ ਕਦੇ ਸਮੇਂ ਸਿਰ ਨਹੀਂ ਹੋਈ।