ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ ਮੁੜ ਅਕਾਲੀ ਦਲ ’ਚ ਸ਼ਾਮਲ

12/23/2021 5:55:09 PM

ਚੰਡੀਗੜ੍ਹ : ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਵਾਪਸੀ ਕਰ ਲਈ ਹੈ। ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਚ ਵਾਪਸੀ ਕਰਵਾਉਂਦੇ ਹੋਏ ਆਖਿਆ ਕਿ ਉਨ੍ਹਾਂ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਚੋਣਾਂ ਵਿਚ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਰ ਔਖੀ ਘੜੀ ਵਿਚ ਇਕੱਠੇ ਰਹਿ ਕੇ ਇਕ-ਦੂਜੇ ਦਾ ਸਾਥ ਦਿੱਤਾ ਹੈ। ਕੁੱਝ ਕਾਰਨਾਂ ਕਰਕੇ ਅਸੀਂ ਵਿੱਛੜ ਗਏ ਸੀ ਪਰ ਹੁਣ ਫਿਰ ਬ੍ਰਹਮਪੁਰਾ ਸਾਹਿਬ ਦੇ ਅਸ਼ੀਰਵਾਦ ਨਾਲ ਅਸੀਂ ਮਜ਼ਬੂਤ ਹੋ ਕੇ ਚੋਣ ਲੜਾਂਗੇ ਅਤੇ ਜਿੱਤ ਹਾਸਲ ਕਰਾਂਗੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਅਦਾਲਤ ’ਚ ਲਗਾਈ ਅਰਜ਼ੀ

ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਦੀ ਦੂਰ ਅੰਦੇਸ਼ੀ ਸੋਚ ਨਾਲ ਅਕਾਲੀ ਦਲ ਨੂੰ ਵੱਡਾ ਲਾਭ ਹੋਵੇਗਾ। ਸੁਖਬੀਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਹੁਕਮ ਦਿੱਤਾ ਹੈ ਕਿ ਕਿ ਸਾਰੀਆਂ ਪੰਥਕ ਧਿਰਾਂ ਨੂੰ ਹੁਣ ਇਕੱਠਿਆਂ ਹੋਣ ਦੀ ਲੋੜ ਹੈ। ਅੱਜ ਸਾਡੇ ਧਰਮ ਅਤੇ ਪੰਜਾਬ ’ਤੇ ਹਮਲਾ ਹੋ ਰਿਹਾ ਹੈ। ਤਿੰਨ ਸਰਕਾਰਾਂ ਨਾਲ ਅਕਾਲੀ ਦਲ ਟੱਕਰ ਲੈ ਰਿਹਾ ਹੈ। ਇਕ ਦੋਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਹਿਲਾਂ ਇੰਦਰਾ ਗਾਂਧੀ ਨੇ ਵੀ ਹਮਲਾ ਕਰਵਾਇਆ ਸੀ ਅਤੇ ਹੁਣ ਫਿਰ ਅਜਿਹੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ, ਅਜਿਹੀਆਂ ਤਾਕਤਾਂ ਨਾਲ ਇਕੱਠੇ ਹੋ ਕੇ ਲੜਨ ਦੀ ਲੋੜ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੀ ਵੱਡੀ ਸਖ਼ਤੀ, ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ

ਕੀ ਬੋਲੇ ਰਣਜੀਤ ਸਿੰਘ ਬ੍ਰਹਮਪੁਰਾ
ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇਕਰ ਅਸੀਂ ਇਕੱਠੇ ਹੋ ਕੇ ਮੈਦਾਨ ਵਿਚ ਉਤਰੀਏ। ਉਨ੍ਹਾਂ ਕਿਹਾ ਕਿ ਕੁੱਝ ਮੱਤਭੇਦਾਂ ਕਾਰਣ ਅਸੀਂ ਵੱਖ ਜ਼ਰੂਰ ਹੋ ਗਏ ਸੀ ਪਰ ਅੱਜ ਫਿਰ ਉਹ ਇਕੱਠੇ ਹੋ ਗਏ ਹਨ ਅਤੇ ਤੱਗੜੇ ਹੋ ਕੇ ਚੋਣਾਂ ਲੜਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਬ੍ਰਹਮਪੁਰਾ ਨੇ ਹਮੇਸ਼ਾ ਮੇਰਾ ਸਾਥ ਦਿੱਤਾ : ਪ੍ਰਕਾਸ਼ ਸਿੰਘ ਬਾਦਲ
ਇਸ ਮੌਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਜੇਕਰ ਮੈਨੂੰ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤਾਂ ਇਸ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਦਾ ਬਹੁਤ ਵੱਡਾ ਹੱਥ ਰਿਹਾ। ਉਨ੍ਹਾਂ ਕਿਹਾ ਭਾਵੇਂ ਕੁੱਝ ਮਤਭੇਦਾਂ ਕਰਕੇ ਥੋੜ੍ਹੇ ਸਮੇਂ ਲਈ ਬ੍ਰਹਮਪੁਰਾ ਵੱਖ ਹੋ ਗਏ ਸਨ ਪਰ ਅਸੀਂ ਦਿਲੋਂ ਇਕ ਹਾਂ, ਅੱਜ ਬ੍ਰਹਮੁਰਾ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਜ਼ਬਰ ਨਾਲ ਦੱਬਣ ਵਾਲਾ ਨਹੀਂ ਹੈ, ਜਦੋਂ ਵੀ ਅਕਾਲੀ ਦਲ ਨਾਲ ਧੱਕਾ ਹੋਇਆ ਹੈ ਤਾਂ ਅਕਾਲੀ ਦਲ ਦੁੱਗਣਾ ਮਜ਼ਬੂਤ ਹੋਇਆ ਹੈ।

ਇਹ ਵੀ ਪੜ੍ਹੋ : ਭਿੱਖੀਵਿੰਡ ਨੇੜੇ ਵਾਪਰਿਆ ਵੱਡਾ ਹਾਦਸਾ, ਬੈਂਕ ਮੈਨੇਜਰ ਸਮੇਤ ਦੋ ਕੁੜੀਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News