20 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਘਰ ''ਤੇ ਚਲਾਈਆਂ ਗੋਲੀਆਂ

Saturday, Nov 02, 2024 - 05:40 PM (IST)

20 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਘਰ ''ਤੇ ਚਲਾਈਆਂ ਗੋਲੀਆਂ

ਤਰਨਤਾਰਨ (ਰਮਨ): ਜ਼ਿਲ੍ਹੇ ਦੇ ਪਿੰਡ ਘਰਿਆਲਾ ਵਿਖੇ ਇਕ ਕਾਰੋਬਾਰੀ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਚੱਲਦਿਆਂ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਤੋਂ ਬਾਅਦ ਪੀੜਤ ਪਰਿਵਾਰ ਵਿਚ ਕਾਫੀ ਸਹਿਮ ਭਰਿਆ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਇਸ ਮਾਮਲੇ ਵਿਚ ਪ੍ਰਭ ਦਾਸੂਵਾਲ ਸਮੇਤ 3 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਦਿਆਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਘਰਿਆਲਾ ਵੱਲੋਂ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮੋਬਾਇਲ ਉਪਰ ਇਕ ਵਿਦੇਸ਼ੀ ਨੰਬਰ ਤੋਂ ਫੋਨ ਆਈ, ਜਿਸ ਨੇ ਆਪਣਾ ਨਾਮ ਪ੍ਰਭ ਦਾਸੂਵਾਲ ਦੱਸਿਆ ਅਤੇ ਉਸ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਜਿਸ ਨੂੰ ਦੇਣ ਤੋਂ ਉਸਨੇ ਮਨ੍ਹਾ ਕਰ ਦਿੱਤਾ। ਇਸ ਤਹਿਤ ਬੀਤੀ 1 ਨਵੰਬਰ ਦੀ ਰਾਤ ਕਰੀਬ 1 ਵਜੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ਦੇ ਗੇਟ ਉਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਦਰ ਪੱਟੀ ਵਿਖੇ ਪ੍ਰਭ ਦਾਸੂਵਾਲ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News