ਜਬਰ-ਜ਼ਨਾਹ ਪੀੜਤਾ ਵਲੋਂ ਡੀ.ਐੱਸ.ਪੀ. ਦਫਤਰ ਦੇ ਬਾਹਰ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼
Friday, Sep 14, 2018 - 09:47 AM (IST)

ਗੁਰੂਹਰਸਹਾਏ (ਆਵਲਾ) – ਜਬਰ-ਜ਼ਨਾਹ ਪੀੜਤ ਲੜਕੀ ਨੇ ਪੁਲਸ ਦੁਆਰਾ ਮੁਲਜ਼ਮਾਂ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦੇ ਹੋਏ ਡੀ. ਐੱਸ. ਪੀ. ਦਫਤਰ ਦੇ ਬਾਹਰ ਆਪਣੇ 'ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ 'ਤੇ ਮੌਜੂਦ ਕਰਮਚਾਰੀਆਂ ਨੇ ਰੋਕ ਲਿਆ। ਪੀੜਤਾ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ 9 ਮੁਲਜ਼ਮਾਂ ਨੇ ਉਸ ਦੇ ਘਰ ਦਾਖਲ ਹੋ ਕੇ ਆਪਣੇ ਸਾਥੀਆਂ ਦੀ ਮਦਦ ਨਾਲ ਉਸ ਨਾਲ ਜਬਰ-ਜ਼ਨਾਹ ਕੀਤਾ।
ਉਸ ਨੇ ਪੁਲਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਕਥਿਤ ਦੋਸ਼ੀ ਸ਼ਹਿਰ 'ਚ ਸ਼ਰੇਆਮ ਘੁੰਮ ਰਹੇ ਹਨ। ਉਸ ਨੇ ਦੱਸਿਆ ਕਿ ਵੀਰਵਾਰ ਉਹ ਆਪਣੇ ਕਿਸੇ ਕੰਮ ਨਾਲ ਫਰੀਦਕੋਟ ਰੋਡ 'ਤੇ ਜਾ ਰਹੀ ਸੀ ਕਿ ਪਿਛੇ ਤੋਂ ਇਕ ਮੁਲਜ਼ਮ ਨੇ ਉਸ ਨੂੰ ਕਾਰ ਨਾਲ ਕੁੱਚਲਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਭੱਜ ਕੇ ਆਪਣੀ ਜਾਨ ਬਚਾ ਲਈ। ਉਸ ਨੇ ਦੱਸਿਆ ਕਿ ਉਹ ਕਈ ਵਾਰ ਥਾਣੇ ਜਾ ਚੁੱਕੀ ਹੈ ਪਰ ਪੁਲਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕੋਈ ਕਾਰਵਾਈ ਨਹੀਂ ਕਰ ਰਹੀ, ਜਿਸ ਤੋਂ ਦੁਖੀ ਹੋ ਕੇ ਉਸ ਨੂੰ ਅਜਿਹਾ ਕਦਮ ਉਠਾਉਣ ਲਈ ਮਜ਼ਬੂਰ ਹੋਣਾ ਪਿਆ। ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲੈਣਗੇ। ਪੀੜਤਾ ਨੇ ਕਾਰ ਚਾਲਕ ਦੇ ਖਿਲਾਫ ਵੀ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।