UP ’ਚ ਗ੍ਰੰਥੀ ਸਿੰਘ ਦੀ ਨਾਬਾਲਗ ਕੁੜੀ ਨਾਲ ਜਬਰਜ਼ਿਨਾਹ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਐਡਵੋਕੇਟ ਧਾਮੀ
Sunday, Jun 02, 2024 - 11:03 AM (IST)
ਅੰਮ੍ਰਿਤਸਰ(ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਿਗ ਕੁੜੀ ਨੂੰ ਅਗਵਾ ਕਰਕੇ ਜਬਰ-ਜ਼ਿਨਾਹ ਕਰਨ ਵਾਲਿਆਂ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਗਏ ਇਕ ਹਫ਼ਤੇ ਦੇ ਅਲਟੀਮੇਟਮ ਦਾ ਪੂਰਾ ਸਹਿਯੋਗ ਕਰਦੀ ਹੈ ਅਤੇ ਲੋੜ ਪੈਣ ’ਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਖ਼ਤ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ 50.33 ਫ਼ੀਸਦੀ ਵੋਟਿੰਗ ; ਪੰਜਾਬ ਦੇ 13 ਹਲਕਿਆਂ 'ਚੋਂ ਸਭ ਤੋਂ ਘੱਟ
ਉਨ੍ਹਾਂ ਯੂ. ਪੀ. ਸਰਕਾਰ ਨੂੰ ਸਖ਼ਤ ਸ਼ਬਦਾਂ ’ਚ ਕਿਹਾ ਕਿ ਉਹ ਸਿੱਖ ਸੰਗਤ ਨੂੰ ਸਖ਼ਤ ਫੈਸਲਾ ਲੈਣ ਲਈ ਮਜ਼ਬੂਰ ਨਾ ਕਰੇ ਅਤੇ ਮੁਲਜ਼ਮਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਾਨਾਥ ਕੋਲੋਂ ਮੰਗ ਕੀਤੀ ਕਿ ਇਸ ਘਿਨੌਣੇ ਅਪਰਾਧ ’ਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਉਹ ਖੁਦ ਯਕੀਨੀ ਬਣਾਉਣ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ’ਚ ਵਾਪਰੀ ਇਸ ਘਟਨਾ ਨਾਲ ਦੇਸ਼-ਵਿਦੇਸ਼ ’ਚ ਵਸਦੀ ਸਿੱਖ ਸੰਗਤ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਯੂ. ਪੀ. ਦੀ ਸੰਗਤ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੀਲੀਭੀਤ ਜ਼ਿਲ੍ਹੇ ਦੇ ਪੁਲਸ ਕਪਤਾਨ ਇਸ ਮਾਮਲੇ ’ਚ ਸਹਿਯੋਗ ਨਹੀਂ ਕਰ ਰਹੇ ਹਨ। ਉਨ੍ਹਾਂ ਯੂ. ਪੀ. ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ’ਚ ਢਿੱਲੀ ਕਾਰਗੁਜ਼ਾਰੀ ਕਰਨ ਵਾਲੇ ਮੁਲਜ਼ਮ ਪੁਲਸ ਅਧਿਕਾਰੀਆਂ ’ਤੇ ਵੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਮੁਕੰਮਲ ਹੋਈ ਚੋਣ ਪ੍ਰਕਿਰਿਆ, ਹਲਕੇ 'ਚ 64.66 ਫ਼ੀਸਦੀ ਹੋਈ ਵੋਟਿੰਗ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਨੂੰ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਲਈ ਅਤੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮਿਸ਼ਨ ਦੇ ਇੰਚਾਰਜ ਵੱਲੋਂ ਘਟਨਾ ਦੀ ਸਮੁੱਚੀ ਰਿਪੋਰਟ ਪ੍ਰਾਪਤ ਹੋ ਗਈ ਹੈ ਜੋ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8