2022 ਵਿਧਾਨ ਸਭਾ ਚੋਣਾਂ ਲਈ 201 ਵਸਤਾਂ ਦੇ ਰੇਟ ਨਿਰਧਾਰਿਤ
Monday, Nov 08, 2021 - 10:05 PM (IST)
ਜਲੰਧਰ- ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਮਿਸ਼ਨਰ, ਜਲੰਧਰ ਡਵੀਜ਼ਨ, ਜਲੰਧਰ ਦੀ ਪ੍ਰਧਾਨਗੀ ਵਾਲੀ ਰਾਜ ਪੱਧਰੀ ਕਮੇਟੀ, ਜਿਸ ਵਿੱਚ ਡਿਪਟੀ ਕਮਿਸ਼ਨਰ ਜਲੰਧਰ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੈਂਬਰ ਵਜੋਂ ਸ਼ਾਮਲ ਸਨ, ਵੱਲੋਂ ਉਮੀਦਵਾਰਾਂ ਦੁਆਰਾ ਚੋਣ ਪ੍ਰਚਾਰ 'ਤੇ ਹੋਣ ਵਾਲੇ ਖਰਚੇ ਦੀ ਗਣਨਾ ਲਈ 201 ਵਸਤਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲੰਧਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ 2022 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ 201 ਵਸਤਾਂ ਲਈ ਇਹ ਰੇਟ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹ ਦੇ ਕੱਪ ਤੋਂ ਲੈ ਕੇ ਏਅਰ ਕੰਡੀਸ਼ਨਰ ਤੱਕ ਵਸਤਾਂ ਦੇ ਰੇਟ ਸਿਆਸੀ ਪਾਰਟੀਆਂ ਅਤੇ ਵਪਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਤੈਅ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਿਰਧਾਰਤ ਕੀਮਤਾਂ ਨੂੰ ਇਸ ਨਵੀਂ ਸੂਚੀ ਨੂੰ ਤਿਆਰ ਕਰਨ ਲਈ ਆਧਾਰ ਮੰਨਿਆ ਗਿਆ ਕਿਉਂਕਿ ਉਸ ਸੂਚੀ ਵਿੱਚ ਦਰਜ ਵਸਤੂਆਂ ਦੀਆਂ ਕੀਮਤਾਂ ਵਿੱਚ 10 ਪ੍ਰਤੀਸ਼ਤ ਦੇ ਵਾਧੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਹੈ।
ਥੋਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਰੇਟ ਲਿਸਟ ਨੂੰ ਨੋਟੀਫਾਈ ਕਰ ਦਿੱਤਾ ਗਿਆ ਹੈ ਅਤੇ ਉਮੀਦਵਾਰਾਂ ਦੇ ਚੋਣ ਖਰਚੇ ਦੀ ਨਿਗਰਾਨੀ ਕਰਨ ਲਈ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਅਤੇ ਕਮੇਟੀਆਂ ਵੱਲੋਂ ਰੇਟ ਲਿਸਟ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੇ ਗਏ ਚੋਣ ਖਰਚੇ ਦਾ ਨਵੀਆਂ ਦਰਾਂ ਅਨੁਸਾਰ ਮੁਲਾਂਕਣ ਕੀਤਾ ਜਾਵੇਗਾ ਅਤੇ ਆਬਜ਼ਰਵਰਾਂ ਵੱਲੋਂ ਉਮੀਦਵਾਰਾਂ ਦੇ ਖਰਚੇ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।