ਰਵਿਦਾਸ ਮੰਦਰ ਢਾਹੁਣ ਦੀ ਘਟਨਾ ਨੇ ਦੇਸ਼ ''ਚ ਭਾਜਪਾ ਦਾ ਚਿਹਰਾ ਕੀਤਾ ਨੰਗਾ : ਭਗਵੰਤ ਮਾਨ

08/11/2019 9:06:08 PM

ਸੰਗਰੂਰ/ਸ਼ੇਰਪੁਰ (ਸਿੰਗਲਾ)— ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਦੂਜੀ ਵਾਰ ਜਿੱਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਦਿੱਲੀ ਦੇ ਤੁਗਲਕਾਬਾਦ ਖੇਤਰ 'ਚ ਪ੍ਰਾਚੀਨ ਰਵਿਦਾਸ ਮੰਦਰ ਨੂੰ ਢਾਹੁਣ ਲਈ ਦਿੱਲੀ ਵਿਕਾਸ ਅਥਾਰਟੀ (ਡੀ. ਡੀ. ਏ.) ਅਤੇ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਡੀ. ਡੀ. ਏ. ਵੱਲੋਂ ਕਰਵਾਏ ਇਸ ਫੈਸਲੇ ਨੇ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ-ਨਿਰਪੱਖ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਵਾਲੀ ਸਕੂਲਰ ਪਾਰਟੀ ਹੈ। ਜਦਕਿ ਕੇਂਦਰ ਸਰਕਾਰ ਨੇ ਸਮੇਂ-ਸਮੇਂ 'ਤੇ ਆਪਣਾ ਰੰਗ ਦਿਖਾਉਣ 'ਚ ਕੋਈ ਕਸਰ ਨਹੀਂ ਛੱਡੀ। ਮਾਨ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਕੰਮ ਕਰਨ ਵਾਲੀ ਦਿੱਲੀ ਵਿਕਾਸ ਅਥਾਰਟੀ ਵੱਲੋਂ ਇਤਿਹਾਸਕ ਰਵਿਦਾਸ ਮੰਦਰ ਨੂੰ ਢਾਹੁਣ ਦੀ ਕੀਤੀ ਕਾਰਵਾਈ ਨਾਲ ਦੇਸ਼ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ 'ਆਪ' ਪਾਰਟੀ ਇਸ ਘਟਨਾ ਦੀ ਜਿੱਥੇ ਸਖਤ ਸ਼ਬਦਾਂ 'ਚ ਨਿੰਦਾ ਕਰਦੀ ਹੈ, Àਉਥੇ ਮੰਗ ਵੀ ਕਰਦੀ ਹੈ ਕਿ ਮੰਦਰ ਢਾਹੁਣ ਦੀ ਕੀਤੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ। ਮਾਨ ਨੇ ਕਿਹਾ ਕਿ ਦਿੱਲੀ 'ਚ ਭਾਜਪਾ ਦੇ ਮੈਂਬਰ ਪਾਰਲੀਮੈਂਟ ਇਸ ਮਾਮਲੇ 'ਤੇ ਚੁੱਪ ਕਿਉਂ ਬੈਠੇ ਹਨ, ਇਸ ਇਲਾਕੇ ਦੇ ਐੱਮ. ਪੀ. ਨੂੰ ਵੀ ਆਪਣਾ ਸਟੈਂਡ ਦੇਸ਼ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਤਰ੍ਹਾਂ ਦੇ ਫੈਸਲੇ ਲੈਣ ਵਾਲੀ ਡੀ. ਡੀ. ਏ. ਨੂੰ ਰੋਕਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹੋਈਆਂ ਹਨ।
ਆਪ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਕਿਹਾ ਕਿ ਉਹ ਖੁਦ ਵੀ ਇਸ ਫੈਸਲੇ ਦਾ ਵਿਰੋਧ ਕਰਦੇ ਹਨ ਅਤੇ ਸ਼ੇਰਪੁਰ ਵਿਖੇ 12 ਅਗਸਤ ਨੂੰ ਦਿੱਤੇ ਜਾ ਰਹੇ ਰੋਸ ਧਰਨੇ 'ਚ ਸ਼ਾਮਲ ਵੀ ਹੋਣਗੇ। ਉਨ੍ਹਾਂ ਸਾਰੀਆਂ ਹੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਆਪਣਾ ਰੋਸ ਕੇਂਦਰ ਸਰਕਾਰ ਖਿਲਾਫ ਪ੍ਰਗਟ ਕਰਨ।
 


KamalJeet Singh

Content Editor

Related News