ਪੰਜਾਬ ਦੀ ਨਵੀਂ ਸਰਕਾਰ ਤੋਂ 'ਰਵਨੀਤ ਬਿੱਟੂ' ਨਾਰਾਜ਼, ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਦਿਲੀ ਦਰਦ

Saturday, Mar 19, 2022 - 01:56 PM (IST)

ਪੰਜਾਬ ਦੀ ਨਵੀਂ ਸਰਕਾਰ ਤੋਂ 'ਰਵਨੀਤ ਬਿੱਟੂ' ਨਾਰਾਜ਼, ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਦਿਲੀ ਦਰਦ

ਲੁਧਿਆਣਾ/ਮਾਛੀਵਾੜਾ ਸਾਹਿਬ (ਵੈੱਬ ਡੈਸਕ, ਟੱਕਰ) : ਪੰਜਾਬ 'ਚ ਸ਼ਨੀਵਾਰ ਨੂੰ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਨਵੀਂ ਸਰਕਾਰ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇਸ ਦਿਲੀ ਦਰਦ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ 'ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ ’ਚੋਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ

ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਨਾਲ ਸਬੰਧਿਤ ਇੱਕ ਵੀ ਵਿਧਾਇਕ ਨੂੰ ਕੈਬਨਿਟ ਮੰਤਰੀ ਨਹੀਂ ਬਣਾਇਆ ਗਿਆ, ਜੋ ਕਿ ਬੜੀ ਮੰਦਭਾਗੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਇਸ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੁਧਿਆਣਾ ਜ਼ਿਲ੍ਹੇ ਦੇ 14 ਹਲਕਿਆਂ ’ਚੋਂ ਇੱਥੋਂ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ 13 ਹਲਕਿਆਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਪਰ ਅੱਜ ਜਦੋਂ ਪੰਜਾਬ ਦੀ ਕੈਬਨਿਟ ਦਾ ਵਿਸਥਾਰ ਹੋਣ ਜਾ ਰਿਹਾ ਸੀ ਤਾਂ ਉਸ ਵਿਚ ਜ਼ਿਲ੍ਹੇ ਨਾਲ ਸਬੰਧਿਤ ਕਿਸੇ ਵੀ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਹੋਵੇਗੀ ਬੈਠਕ

ਪਿਛਲੀਆਂ ਸਰਕਾਰਾਂ ਦੌਰਾਨ ਕਿਸੇ ਵੀ ਪਾਰਟੀ ਨੇ ਲੁਧਿਆਣਾ ਜ਼ਿਲ੍ਹੇ ਨੂੰ ਅਣਗੌਲਿਆਂ ਨਹੀਂ ਕੀਤਾ ਅਤੇ ਇੱਥੋਂ ਇੱਕ ਜਾਂ ਦੋ ਵਿਧਾਇਕਾਂ ਨੂੰ ਮੰਤਰੀ ਦਾ ਅਹੁਦਾ ਦੇ ਕੇ ਜ਼ਰੂਰ ਨਿਵਾਜ਼ਿਆ ਪਰ ਇਸ ਵਾਰ ਤਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕਾਂ ਨੇ ਇਸ ਕਦਰ ਜ਼ੋਰਦਾਰ ਫਤਵਾ ਦਿੱਤਾ ਕਿ ਘੱਟੋ-ਘੱਟ 2 ਮੰਤਰੀ ਜ਼ਰੂਰ ਬਣਾਏ ਜਾਣੇ ਚਾਹੀਦੇ ਹਨ। ਬੇਸ਼ੱਕ 13 ਵਿਧਾਨ ਸਭਾ ਹਲਕਿਆਂ ’ਚੋਂ ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕਾਂ ’ਚੋਂ ਜ਼ਿਆਦਾਤਰ ਕਾਂਗਰਸ ਪਾਰਟੀ ਤੋਂ ਆਏ ਆਗੂ ਹਨ ਪਰ ਜਗਰਾਓਂ ਤੋਂ ਸਰਬਜੀਤ ਕੌਰ ਮਾਣੂੰਕੇ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਹਲਕਾ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ।

ਇਹ ਵੀ ਪੜ੍ਹੋ : ਕੈਪਟਨ ਦੀ ਰਾਹ 'ਤੇ ਚੱਲੇ ਮੁੱਖ ਮੰਤਰੀ 'ਭਗਵੰਤ ਮਾਨ', ਦੁਹਰਾਇਆ 5 ਸਾਲ ਪੁਰਾਣਾ ਇਤਿਹਾਸ

ਇਹ ਦੋਵੇਂ ਆਗੂ ਜਿਸ ਦਿਨ ਤੋਂ ਪੰਜਾਬ ’ਚ ਆਮ ਆਦਮੀ ਪਾਰਟੀ ਹੋਂਦ ’ਚ ਆਈ ਹੈ, ਉਸ ਦਿਨ ਤੋਂ ਹੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਜ਼ਾਰਤ ਵਿਚ ਪਹਿਲੇ 10 ਮੰਤਰੀਆਂ ’ਚੋਂ ਲੁਧਿਆਣਾ ਜ਼ਿਲ੍ਹੇ ਨਾਲ ਕੋਈ ਸਬੰਧਿਤ ਨਹੀਂ ਪਰ ਲੋਕਾਂ ਨੂੰ ਆਸ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ 14 ’ਚੋਂ 13 ਸੀਟਾਂ ’ਤੇ ਪਾਰਟੀ ਨੂੰ ਜਿਤਾ ਕੇ ਵੱਡਾ ਮਾਣ ਬਖ਼ਸ਼ਿਆ ਹੈ, ਉਹ ਵੀ ਇਸ ਜ਼ਿਲ੍ਹੇ ਤੋਂ ਪਾਰਟੀ ਨਾਲ ਜੁੜੇ ਜਿੱਤ ਕੇ ਵਿਧਾਇਕ ਬਣੇ ਪੁਰਾਣੇ ਆਗੂਆਂ ਨੂੰ ਮੰਤਰੀ ਮੰਡਲ ਵਿਚ ਥਾਂ ਜ਼ਰੂਰ ਦੇਣਗੇ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News