ਸੁਖਬੀਰ ਬਾਦਲ ਵੱਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ 'ਤੇ ਭੜਕੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
Tuesday, Apr 19, 2022 - 04:24 PM (IST)
ਚੰਡੀਗੜ੍ਹ : ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ 'ਤੇ ਭੜਕੇ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਬਿੱਟੂ ਨੇ ਟਵੀਟ ਕਰਕੇ ਕਿਹਾ ਹੈ ਕਿ ਸੁਖਬੀਰ ਬਾਦਲ ਵੱਲੋਂ ਵਾਰ-ਵਾਰ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ ਦਾ ਮਤਲਬ ਹੈ ਕਿ ਸੁਖਬੀਰ ਮੈਨੂੰ ਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ
ਦਰਅਸਲ, ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ 'ਚ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ਗੱਲ ਤੋਂ ਖਫ਼ਾ ਹੋਏ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਟਵੀਟ ਸਾਹਮਣੇ ਆਏ ਹਨ, ਜਿਨ੍ਹਾਂ 'ਚ ਉਨ੍ਹਾਂ ਸੁਖਬੀਰ ਬਾਦਲ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਦੇਸ਼ ਵਿਰੋਧੀ ਤਾਕਤਾਂ ਦੀ ਇਕ ਬਹੁਤ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ ’ਤੇ ਸੁਖਬੀਰ ਅਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਪਾਰਲੀਮੈਂਟ ’ਚ ਪ੍ਰਧਾਨ ਮੰਤਰੀ ਨੂੰ ਇਸ ਦੀ ਰਿਹਾਈ ਦੀ ਵਾਰ-ਵਾਰ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਮਨਜੀਤ ਸਿੰਘ GK ਨੇ ਲਾਏ ਵੱਡੇ ਇਲਜ਼ਾਮ
ਬਿੱਟੂ ਨੇ ਕਿਹਾ ਕਿ ਬਾਦਲ ਪਰਿਵਾਰ ਉਸ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਲ 17 ਹੋਰ ਵਿਅਕਤੀਆਂ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਹ ਦੱਸਣ ਕਿ ਉਨ੍ਹਾਂ ਦੀ ਕੀ ਮਜਬੂਰੀ ਹੈ, ਜੋ ਇਹ ਵਾਰ-ਵਾਰ ਇਕ ਹੀ ਮੰਗ ਕਰ ਰਹੇ ਹਨ। ਮੈਨੂੰ ਹੁਣ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਸੁਖਬੀਰ ਬਾਦਲ ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕਰਾਂਗਾ ਕਿ ਇਸ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ : ਅੱਜ ਦੇਸ਼ ਨੂੰ ਨਫ਼ਰਤ, ਕੱਟੜਤਾ, ਅਸਹਿਣਸ਼ੀਲਤਾ ਅਤੇ ਝੂਠ ਨੇ ਘੇਰਿਆ ਹੋਇਆ ਹੈ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਜ਼ਾ ਕੱਟ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਦਖਲ ਦੇਣ ਦੀ ਬੇਨਤੀ ਕੀਤੀ ਸੀ। ਇਸ ਸਬੰਧੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਵੀ ਲਿਖਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਜੋਆਣਾ ਦੀ ਮੁਆਫ਼ੀ ਦੇ ਮਾਮਲੇ ਵਿਚ ਤੇਜ਼ੀ ਲਿਆਉਣ ਦੀ ਵੀ ਬੇਨਤੀ ਕੀਤੀ। ਆਪਣੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਇਸ ਗੱਲ ਦੀ ਸ਼ਲਾਘਾ ਕਰਨਗੇ ਕਿਉਂਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਘੱਟ ਕਰ ਦਿੱਤਾ ਸੀ, ਇਸ ਲਈ ਰਾਜੋਆਣਾ ਨੂੰ ਜੇਲ੍ਹ ਵਿਚ ਰੱਖਣ ਦਾ ਕੋਈ ਮਤਲਬ ਨਹੀਂ ਹੈ। ਅਕਾਲੀ ਦਲ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਜਿਹੀ ਹੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਨਾਂ ’ਤੇ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਮਨੋਰੰਜਨ ਕਾਲੀਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ