ਰਵਨੀਤ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ''ਤੇ ਚੁੱਕੇ ਸਵਾਲ, ਜਾਣੋ ਕੀ ਬੋਲੇ

Friday, Apr 10, 2026 - 01:41 PM (IST)

ਰਵਨੀਤ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ''ਤੇ ਚੁੱਕੇ ਸਵਾਲ, ਜਾਣੋ ਕੀ ਬੋਲੇ

ਚੰਡੀਗੜ੍ਹ (ਅੰਕੁਰ ਤਾਂਗੜੀ) : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਪ੍ਰਤੀਕਿਰਿਆ ਦਿੰਦਿਆਂ ਸੂਬਾ ਸਰਕਾਰ ਅਤੇ ਕੁੱਝ ਮੰਤਰੀਆਂ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ-ਵਿਵਸਥਾ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਆਮ ਲੋਕਾਂ ਨਾਲ-ਨਾਲ ਉਦਯੋਗਪਤੀਆਂ 'ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਬਿੱਟੂ ਦੇ ਮੁਤਾਬਕ ਇਹ ਸਿਰਫ ਸਿਆਸੀ ਦੋਸ਼ ਨਹੀਂ, ਸਗੋਂ ਜ਼ਮੀਨੀ ਹਕੀਕਤ ਹੈ, ਜਿਸਨੂੰ ਹੁਣ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਹਾਲ ਹੀ 'ਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੁਕੇਰੀਆਂ ਖੇਤਰ ਨਾਲ ਸਬੰਧਿਤ ਕੁੱਝ ਨੌਜਵਾਨ ਉਦਯੋਗਪਤੀਆਂ ਨੂੰ ਧਮਕੀਆਂ ਦਿੱਤੀਆਂ ਗਈਆਂ। ਇਹ ਨੌਜਵਾਨ ਆਪਣੇ ਪਿੰਡ 'ਚ ਰਹਿ ਕੇ ਨਵੀਂ ਟੈਕਨਾਲੋਜੀ ਨਾਲ ਜੁੜਿਆ ਪ੍ਰੋਡਕਟ ਤਿਆਰ ਕਰ ਰਹੇ ਸਨ ਅਤੇ ਕਰੀਬ 150 ਤੋਂ 200 ਲੋਕਾਂ ਨੂੰ ਰੁਜ਼ਗਾਰ ਦੇ ਰਹੇ ਸਨ। ਬਿੱਟੂ ਨੇ ਕਿਹਾ ਕਿ ਅਜਿਹੇ ਯਤਨ ‘ਸਟਾਰਟਅਪ ਇੰਡੀਆ’ ਵਰਗੀਆਂ ਯੋਜਨਾਵਾਂ ਦੀ ਅਸਲੀ ਰੂਹ ਹਨ, ਪਰ ਜੇਕਰ ਅਜਿਹੇ ਲੋਕਾਂ ਨੂੰ ਹੀ ਤੰਗ ਕੀਤਾ ਜਾਵੇਗਾ ਤਾਂ ਫਿਰ ਪੰਜਾਬ 'ਚ ਨਿਵੇਸ਼ ਕਿਵੇਂ ਆਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਜਵਾਨਾਂ ਨੂੰ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਪੰਜਾਬ 'ਚ ਇਸ ਤਰ੍ਹਾਂ ਦੇ ਮਾਹੌਲ ਕਾਰਨ ਨੌਜਵਾਨ ਹੌਂਸਲਾ ਹਾਰ ਰਹੇ ਹਨ। ਬਿੱਟੂ ਨੇ ਦੋਸ਼ ਲਗਾਇਆ ਕਿ ਕੁੱਝ ਮੰਤਰੀ ਆਪਣੀ ਪਾਵਰ ਦਾ ਗਲਤ ਇਸਤੇਮਾਲ ਕਰਦੇ ਹੋਏ ਲੋਕਾਂ ‘ਤੇ ਦਬਾਅ ਬਣਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਦੇ ਅੱਗੇ ਨਹੀਂ ਝੁਕਦੇ, ਉਨ੍ਹਾਂ ਨੂੰ ਧਮਕਾਇਆ ਜਾਂਦਾ ਹੈ।
ਬਿੱਟੂ ਨੇ ਇਹ ਵੀ ਕਿਹਾ ਕਿ ਇੱਕ ਕੈਬਨਿਟ ਮੰਤਰੀ, ਜਿਸਦਾ ਪੁਰਾਣਾ ਰਿਕਾਰਡ ਵੀ ਵਿਵਾਦਿਤ ਰਿਹਾ ਹੈ, ਅਜਿਹੀਆਂ ਘਟਨਾਵਾਂ 'ਚ ਸ਼ਾਮਲ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਹ ਮੰਤਰੀ ਪਹਿਲਾਂ ਰੇਤ ਦੇ ਕਾਰੋਬਾਰ ਨਾਲ ਜੁੜਿਆ ਰਿਹਾ ਹੈ ਅਤੇ ਹੁਣ ਵੀ ਉਸਦੇ ਤਰੀਕੇ ਨਹੀਂ ਬਦਲੇ। ਬਿੱਟੂ ਦੇ ਮੁਤਾਬਕ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਇੱਕ ਜ਼ਿੰਮੇਵਾਰ ਅਹੁਦੇ ‘ਤੇ ਬੈਠਾ ਵਿਅਕਤੀ ਇਸ ਤਰ੍ਹਾਂ ਦੇ ਦਬਾਅ ਵਾਲੇ ਤਰੀਕੇ ਅਪਣਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਸੰਪਰਕ ਕੀਤਾ ਹੈ, ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਵੀ ਸ਼ਾਮਲ ਹਨ। ਬਿੱਟੂ ਨੇ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਸੂਬੇ ਦੇ ਹਰ ਨਾਗਰਿਕ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਇਸ ਲਈ ਸਾਰੇ ਆਗੂ ਇਸ ‘ਤੇ ਇੱਕਜੁੱਟ ਹੋ ਕੇ ਆਵਾਜ਼ ਉਠਾ ਰਹੇ ਹਨ। ਬਿੱਟੂ ਨੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਅਜਿਹੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਤਾਂ ਪੁਲਸ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਪਰ ਕਈ ਵਾਰ ਅਧਿਕਾਰੀ ਦਬਾਅ ਹੇਠ ਕੰਮ ਕਰਦੇ ਦਿਖਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਦੀ ਰੱਖਿਆ ਕਰਨ ਵਾਲੇ ਹੀ ਖਾਮੋਸ਼ ਰਹਿਣਗੇ ਤਾਂ ਆਮ ਲੋਕਾਂ ਦਾ ਭਰੋਸਾ ਟੁੱਟੇਗਾ।

 ਬਿੱਟੂ ਨੇ ਦੋਸ਼ ਲਗਾਇਆ ਕਿ ਪੀੜਤ ਪਰਿਵਾਰ ਨੂੰ ਇੰਨਾ ਡਰਾਇਆ ਗਿਆ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਚਿੰਤਾ ਹੋਣ ਲੱਗੀ। ਉਨ੍ਹਾਂ ਕਿਹਾ ਕਿ ਧਮਕੀਆਂ 'ਚ ਪਰਿਵਾਰ ਦੀਆਂ ਔਰਤਾਂ ਅਤੇ ਬੱਚਿਆਂ ਦਾ ਜ਼ਿਕਰ ਕਰਨਾ ਬਹੁਤ ਹੀ ਸ਼ਰਮਨਾਕ ਗੱਲ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸੇ ਵੀ ਸੱਭਿਆਚਾਰਕ ਸਮਾਜ ਵਿੱਚ ਕਬੂਲਯੋਗ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਸਿਰਫ ਇੱਕ ਉਦਾਹਰਨ ਹੈ, ਜਦੋਂ ਕਿ ਅਸਲ 'ਚ ਕਈ ਹੋਰ ਲੋਕ ਵੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਪਰ ਡਰ ਕਰਕੇ ਸਾਹਮਣੇ ਨਹੀਂ ਆ ਰਹੇ। ਬਿੱਟੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਉੱਚ ਪੱਧਰ ‘ਤੇ ਲੈ ਕੇ ਜਾਣਗੇ ਅਤੇ ਜਲਦ ਹੀ ਰਾਜਪਾਲ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਦੇ ਧਿਆਨ 'ਚ ਵੀ ਇਹ ਮਾਮਲਾ ਲਿਆਂਦਾ ਜਾਵੇਗਾ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਅਖ਼ੀਰ 'ਚ ਬਿੱਟੂ ਨੇ ਕਿਹਾ ਕਿ ਪੰਜਾਬ ਹਮੇਸ਼ਾ ਸ਼ਾਂਤੀ ਅਤੇ ਭਾਈਚਾਰੇ ਲਈ ਜਾਣਿਆ ਜਾਂਦਾ ਰਿਹਾ ਹੈ ਪਰ ਮੌਜੂਦਾ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਚਾਹੀਦਾ ਹੈ, ਨਹੀਂ ਤਾਂ ਲੋਕਤੰਤਰ ਦੀ ਮੂਲ ਭਾਵਨਾ ਨੂੰ ਨੁਕਸਾਨ ਪਹੁੰਚੇਗਾ।


author

Babita

Content Editor

Related News