ਰਾਜੋਆਣਾ ਦੀ ਸਜ਼ਾ ਮੁਆਫੀ ਦੇ ਫੈਸਲੇ ਨੂੰ ਚੁਣੌਤੀ ਦੇਵੇਗਾ ਬੇਅੰਤ ਸਿੰਘ ਦਾ ਪਰਿਵਾਰ

11/13/2019 8:56:33 AM

ਲੁਧਿਆਣਾ (ਹਿਤੇਸ਼) : ਕੇਂਦਰ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦੇ ਮਾਮਲੇ 'ਚ ਨਾਮਜ਼ਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ, ਜਿਸ ਦੇ ਤਹਿਤ ਬੇਅੰਤ ਸਿੰਘ ਦੇ ਪਰਿਵਾਰ ਨੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਮੁੱਦੇ 'ਤੇ ਬੇਅੰਤ ਸਿੰਘ ਦੇ ਪੋਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਨੇ ਲੰਬਾ ਸਮਾਂ ਅੱਤਵਾਦ ਦਾ ਸੰਤਾਪ ਝੱਲਿਆ ਹੈ, ਜਿਸ ਤੋਂ ਬਾਅਦ ਸੂਬੇ 'ਚ ਸ਼ਾਂਤੀ ਦਾ ਮਾਹੌਲ ਵਾਪਸ ਲਿਆਉਣ ਲਈ ਬੇਅੰਤ ਸਿੰਘ ਨੂੰ ਆਪਣੀ ਸ਼ਹਾਦਤ ਦੇਣੀ ਪਈ।

ਬਿੱਟੂ ਨੇ ਕਿਹਾ ਕਿ ਰਾਜੋਆਣਾ ਨੇ ਬੇਅੰਤ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਕਤਲ ਕਰਨ ਦਾ ਜ਼ੁਰਮ ਕਬੂਲ ਕੀਤਾ ਹੈ ਅਤੇ ਸੰਵਿਧਾਨ 'ਚ ਭਰੋਸਾ ਰੱਖਣ ਦੀ ਬਜਾਏ ਸਜ਼ਾ ਮੁਆਫੀ ਲਈ ਅਪੀਲ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਇਸ ਦੇ ਬਾਵਜੂਦ ਉਸ ਸਮੇਂ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਐਲਾਨ ਕੀਤਾ ਜਾ ਰਿਹਾ ਹੈ, ਜਦੋਂ ਖਾਲਿਸਤਾਨ ਦੇ ਨਾਂ 'ਤੇ ਫਿਰ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ 'ਚ ਜੁੱਟੀਆਂ ਤਾਕਤਾਂ ਨੂੰ ਲਗਾਤਾਰ ਹਥਿਆਰਾਂ ਦੇ ਨਾਲ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਰਾਜੋਆਣ ਦੀ ਸਜ਼ਾ ਮੁਆਫੀ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵਲੋਂ ਪਹਿਲਾਂ ਕੇਂਦਰ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਵਾ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਲਏ ਗਏ ਫੈਸਲੇ ਨਾਲ ਅੱਤਵਾਦ ਦੇ ਖਿਲਾਫ ਭਾਜਪਾ ਦਾ ਦੋਹਰਾ ਚਿਹਰਾ ਬੇਨਕਾਬ ਹੋਇਆ ਹੈ।

Babita

This news is Content Editor Babita