ਰਾਜੋਆਣਾ ਨੂੰ ਮੁਆਫੀ ਦੇਣ ਦਾ ਮਾਮਲਾ ਲੋਕ ਸਭਾ ''ਚ ਗੂੰਜਿਆ

Tuesday, Aug 07, 2018 - 04:50 AM (IST)

ਰਾਜੋਆਣਾ ਨੂੰ ਮੁਆਫੀ ਦੇਣ ਦਾ ਮਾਮਲਾ ਲੋਕ ਸਭਾ ''ਚ ਗੂੰਜਿਆ

ਜਲੰਧਰ(ਧਵਨ)-ਪੰਜਾਬ ਦੇ ਸਵਰਗੀ ਮੁਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਦੀ ਮੰਗ ਅਕਾਲੀ ਦਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਦੇ ਸਾਹਮਣੇ ਕਰਨ ਦਾ ਮਾਮਲਾ ਅੱਜ ਲੋਕ ਸਭਾ ਵਿਚ ਜੰਮ ਕੇ ਗੂੰਜਿਆ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ਨੂੰ ਇਸ ਮਾਮਲੇ ਵਿਚ ਦੇਸ਼ ਦੀ ਜਨਤਾ ਕੋਲੋਂ ਮੁਆਫੀ ਮੰਗਣ ਲਈ ਕਿਹਾ ਕਿਉਂਕਿ ਉਹ ਇਕ ਅੱਤਵਾਦੀ ਲਈ ਪੈਰਵੀ ਕਰ ਰਹੇ ਹਨ। ਇਹ ਮਾਮਲਾ ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਉਠਾਉਂਦਿਆਂ ਕਿਹਾ ਕਿ ਉਹ ਆਪਣੇ ਦਾਦਾ ਸਵਰਗੀ ਬੇਅੰਤ ਸਿੰਘ ਦਾ ਮਾਮਲਾ ਨਹੀਂ ਉਠਾ ਰਹੇ ਸਗੋਂ ਪੰਜਾਬ ਦੇ ਸਵਰਗਵਾਸੀ ਮੁਖ ਮੰਤਰੀ ਦਾ ਮਾਮਲਾ ਉਠਾ ਰਹੇ ਹਨ ਜਿਨ੍ਹਾਂ ਨੂੰ ਅਹੁਦੇ 'ਤੇ ਰਹਿੰਦੇ ਸ਼ਹੀਦ ਕਰ ਦਿੱਤਾ ਗਿਆ ਸੀ।  ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ ਕਰਨ ਦੀ ਫਰਿਆਦ ਕਰਨ ਵਾਲਿਆਂ ਵਿਚ ਕੇਂਦਰੀ ਮੰਤਰੀ, ਸ਼੍ਰੋਮਣੀ ਕਮੇਟੀ ਪ੍ਰਧਾਨ, ਅਕਾਲੀ ਸੰਸਦ ਮੈਂਬਰ ਤੇ ਹੋਰ ਸ਼ਾਮਲ ਸਨ ਜੋ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਗਏ। ਇਸ ਤਰ੍ਹਾਂ ਉਨ੍ਹਾਂ ਇਕ ਕਾਤਲ ਲਈ ਮੁਆਫੀ ਦੀ ਮੰਗ ਕੀਤੀ ਹੈ। ਬਿੱਟੂ ਜਦੋਂ ਮਾਮਲਾ ਉਠਾ ਰਹੇ ਸਨ ਤਾਂ ਉਨ੍ਹਾਂ ਦੇ ਨਾਲ ਹੀ ਬੈਠੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਸੰਸਦ ਮੈਂਬਰਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕਰਦਿਆਂ ਸ਼ਰਮ ਆਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਕੋਲੋਂ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ, ਜੋ ਕਦੇ ਵੀ ਕਾਤਲਾਂ ਦੀ ਸਜ਼ਾ ਮੁਆਫੀ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸੰਸਦ ਮੈਂਬਰਾਂ ਨੂੰ ਲੋਕ ਸਭਾ ਵਿਚ ਵੀ ਆਪਣੇ ਕਾਰਨਾਮੇ ਲਈ ਮੁਆਫੀ ਮੰਗਣੀ ਚਾਹੀਦੀ ਹੈ।


Related News