ਪੰਜਾਬ ਦੇ ਕੱਚੇ ਮੁਲਾਜ਼ਮ ਪੁੱਜੇ ਕਾਂਗਰਸ ਦਿੱਲੀ ਦਰਬਾਰ, ਮੋੜਿਆ 2017 ਦਾ ਚੋਣ ਮੈਨੀਫੈਸਟੋ
Thursday, Sep 02, 2021 - 08:43 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸਿਆਸੀ ਘਮਾਸਾਨ ਕਾਰਨ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਵੱਲੋਂ ਗੱਲ ਨਾ ਸੁਣੇ ਜਾਣ ਕਾਰਨ ਪੰਜਾਬ ਦੇ ਕੱਚੇ ਮੁਲਾਜ਼ਮਾਂ ਵੱਲੋਂ ਕਾਂਗਰਸ ਦੇ ਦਿੱਲੀ ਦਰਬਾਰ ਵਿਖੇ ਆਵਾਜ਼ ਬੁਲੰਦ ਕੀਤੀ ਗਈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਅਸ਼ੀਸ਼ ਜੁਲਾਹਾ, ਅਵਤਾਰ ਸਿੰਘ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ, ਵਿਨੋਦ ਕੁਬਾ, ਵਿਕਾਸ ਕੁਮਾਰ ਅਤੇ ਜਗਦੇਵ ਸਿੰਘ ਨੇ ਕਿਹਾ ਕਿ 2017 ਦੌਰਾਨ ਚੋਣਾਂ ਤੋਂ ਪਹਿਲਾਂ ਜਿੱਥੇ ਪੂਰੀ ਕਾਂਗਰਸ ਪਾਰਟੀ ਸਮੇਤ ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ ਕੱਚੇ ਮੁਲਾਜ਼ਮਾਂ ਨੂੰ ਆਪ ਬੁਲਾ ਕੇ ਮੀਟਿੰਗਾਂ ਕਰ ਰਹੇ ਸਨ ਅਤੇ ਵਿਸ਼ਵਾਸ ਦੁਆ ਰਹੇ ਸਨ ਕਿ ਜੋ ਅਕਾਲੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰ ਕੇ ਧੋਖਾ ਕੀਤਾ ਹੈ, ਉਹ ਕਾਂਗਰਸ ਦੇ ਸੱਤਾ ਵਿਚ ਆਉਣ ’ਤੇ ਨਹੀਂ ਦੁਹਰਾਇਆ ਜਾਵੇਗਾ ਅਤੇ ਪਹਿਲ ਦੇ ਆਧਾਰ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਿਰਫ ਵਿਸ਼ਵਾਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਦੀ ਝੋਲੀ ਕੁੱਝ ਨਹੀਂ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਵਿਚ ਸੁਣਵਾਈ ਨਾ ਹੁੰਦੀ ਵੇਖ ਕੱਚੇ ਮੁਲਾਜ਼ਮਾਂ ਨੇ ਫ਼ੈਸਲਾ ਲਿਆ ਸੀ ਕਿ ਕਾਂਗਰਸ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਉਹ ਆਪਣੀ ਗੱਲ ਰੱਖਣਗੇ ਅਤੇ ਨਾਲ ਹੀ ਕਾਂਗਰਸ ਪਾਰਟੀ ਦਾ 2017 ਦਾ ਚੋਣ ਮਨੋਰਥ ਪੱਤਰ ਫਰੇਮ ਕਰਵਾ ਕੇ ਦਿੱਤਾ ਜਾਵੇਗਾ ਕਿਉਂਕਿ ਇਹ ਮੈਨੀਫੈਸਟੋ ਸਿਰਫ ਵਿਖਾਉਣ ਜੋਗਾ ਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਅਦੇ ਪੂਰੇ ਨਹੀਂ ਕਰਨੇ ਤਾਂ ਵਾਅਦੇ ਕਰਦੇ ਹੀ ਕਿਉਂ ਹੋ?
ਇਹ ਵੀ ਪੜ੍ਹੋ : ਜਦੋਂ ਜੇਲ੍ਹ ਅੰਦਰ ਗਸ਼ ਖਾ ਕੇ ਡਿੱਗੇ ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ... (ਵੀਡੀਓ)
ਠੇਕਾ ਮੁਲਾਜ਼ਮਾਂ ਦੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕਰਵਾਈ ਗਈ ਹੈ। ਇਸ ਮੌਕੇ ਚਮਕੌਰ ਸਿੰਘ, ਦੇਵਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ, ਡਾ. ਅਰਸ਼ਦੀਪ ਸਿੰਘ, ਵਿਸ਼ਵਜੀਤ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ ਅਤੇ ਸੰਦੀਪ ਸਿੰਘ ਆਦਿ ਆਗੂ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ