ਕੱਚੇ ਕਾਮਿਆਂ ਨੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਨੂੰ ਦਿੱਤਾ ਸਮਰਥਨ ਪੱਤਰ

Tuesday, Jun 24, 2025 - 11:41 AM (IST)

ਕੱਚੇ ਕਾਮਿਆਂ ਨੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਨੂੰ ਦਿੱਤਾ ਸਮਰਥਨ ਪੱਤਰ

ਬੁਢਲਾਡਾ (ਮਨਜੀਤ) : ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੇ ਆਗੂਆਂ ਵੱਲੋਂ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨਾਲ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਪੱਧਰੀ ਸੰਘਰਸ਼ ਸਬੰਧੀ ਮੀਟਿੰਗ ਕੀਤੀ ਗਈ। ਯੂਨੀਅਨ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਸਮਰਥਨ ਪੱਤਰ ਵੀ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਾਂਚ ਬੁਢਲਾਡਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਮਿਤੀ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਚੱਲ ਰਹੀ ਹੈ ਪਰ ਸੂਬਾ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਪੁਖ਼ਤਾ ਸੁਣਵਾਈ ਨਹੀਂ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਯੂਨੀਅਨ ਨੂੰ ਵਿਸ਼ਵਾਸ਼ ਦਿਵਾਉਂਦਿਆਂ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਉਹ ਸੀਵਰੇਜ ਵਿਭਾਗ ਦੇ ਕੱਚੇ ਕਾਮਿਆਂ ਦੇ ਪੰਜਾਬ ਪੱਧਰੀ ਸੰਘਰਸ਼ ਵਿੱਚ ਪੂਰਨ ਸਹਿਯੋਗ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ, ਜਨਰਲ ਸਕੱਤਰ ਜਗਵੀਰ ਸਿੰਘ, ਕੁਲਵਿੰਦਰ ਸਿੰਘ, ਸੱਤਪਾਲ ਸਿੰਘ, ਬੀਰਾ ਸਿੰਘ, ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।  


author

Babita

Content Editor

Related News