ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Monday, Aug 09, 2021 - 05:35 PM (IST)

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਤਰਸ ਦੇ ਆਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ  ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਇਨ੍ਹਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਨਦੇਹੀ, ਸੁਹਿਰਦਤਾ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ ਕਿਉਂਕਿ ਜੋ ਸਰਕਾਰੀ ਨੌਕਰੀ ਵਿਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵੱਧ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਜੁਲਾਈ 2020 ਵਿਚ 43 ਨਿਯੁਕਤੀ ਪੱਤਰ ਅਤੇ ਅਪ੍ਰੈਲ 2021 ਵਿਚ 28 ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਜਦਕਿ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਲਈ 20 ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਜੋ ਕਿ ਵਿਭਾਗ ਵਲੋਂ ਪਹਿਲ ਦੇ ਅਧਾਰ ’ਤੇ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈਆਂ ਜਾਣਗੀਆਂ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਮੌਜੂਦ ਸਨ।


Gurminder Singh

Content Editor

Related News