ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸੌਂਪੇ ਨਿਯੁਕਤੀ ਪੱਤਰ

07/01/2020 5:20:12 PM

ਚੰਡੀਗੜ੍ਹ : ਪੰਜਾਬ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਮੁਲਾਜ਼ਮ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ 'ਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮੇ ’ਚ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮਾ ਜਸਪ੍ਰੀਤ ਤਲਵਾਰ, ਮਹਿਕਮੇ ਦੇ ਮੁਖੀ ਅਮਿਤ ਤਲਵਾੜ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।


 

Babita

This news is Content Editor Babita