ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

10/14/2021 2:53:57 PM

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵੱਧ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।                
 


Babita

Content Editor

Related News