RBI ਵੱਲੋਂ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ ਪੰਜਾਬ ਲਈ 24773.11 ਕਰੋੜ ਦਾ ਕਰਜ਼ਾ ਮਨਜ਼ੂਰ
Monday, Mar 28, 2022 - 08:29 PM (IST)
ਚੰਡੀਗੜ੍ਹ (ਬਿਊਰੋ) : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਕਦ ਕਰਜ਼ਾ ਹੱਦ (ਸੀ. ਸੀ. ਐੱਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ 'ਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ. ਸੀ. ਐੱਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਕਿਉਂਕਿ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਨਹੀਂ, ਬਾਦਲ ਪਰਿਵਾਰ ਹਾਰਿਆ : ਖਹਿਰਾ
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ. ਸੀ. ਐੱਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ 1 ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਬਣਾਏ ਜਾ ਰਹੇ ਪੁਲ ਦਾ ਨਿਰਮਾਣ ਜੰਗੀ ਪੱਧਰ 'ਤੇ ਜਾਰੀ
ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖ਼ਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ, ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ।