'ਆਪ੍ਰੇਸ਼ਨ ਲੋਟਸ' 'ਤੇ ਪੰਜਾਬ ਤੋਂ ਦਿੱਲੀ ਤੱਕ ਦੀ ਸਿਆਸਤ 'ਚ ਉਬਾਲ, ਜਾਣੋ ਹੁਣ ਤਕ ਮਾਮਲੇ 'ਚ ਕੀ-ਕੀ ਹੋਇਆ

Thursday, Sep 15, 2022 - 04:01 PM (IST)

'ਆਪ੍ਰੇਸ਼ਨ ਲੋਟਸ' 'ਤੇ ਪੰਜਾਬ ਤੋਂ ਦਿੱਲੀ ਤੱਕ ਦੀ ਸਿਆਸਤ 'ਚ ਉਬਾਲ, ਜਾਣੋ ਹੁਣ ਤਕ ਮਾਮਲੇ 'ਚ ਕੀ-ਕੀ ਹੋਇਆ

ਜਲੰਧਰ : ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ ’ਤੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ‘ਆਪ’ ਨੇਤਾ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ‘ਆਪ੍ਰੇਸ਼ਨ ਲੋਟਸ’ ਦੇ ਤਹਿਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵਿਰੋਧੀ ਦਲਾਂ ਦੀਆਂ ਸਰਕਾਰਾਂ ਨੂੰ ਤੋੜਨ ਲਈ ‘ਸੀਰੀਅਲ ਕਿਲਰ’ ਦੀ ਤਰ੍ਹਾਂ ਕੰਮ ਕਰ ਰਹੀ ਹੈ। ਬੀਤੇ ਦਿਨ ‘ਆਪ’ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ ਅਤੇ ਲਾਭ ਸਿੰਘ ਉਗੋਕੇ ਦੇ ਨਾਲ ਪੱਤਰਕਾਰ ਸੰਮੇਲਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਪੈਸੇ ਦੇ ਕੇ ਵੱਖ-ਵੱਖ ਸੂਬਿਆਂ ਵਿਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਢਹਿ-ਢੇਰੀ ਕਰਕੇ ਲੋਕਤੰਤਰ ਦਾ ਕਤਲ ਕਰਨ ਵਿਚ ਮਾਹਿਰ ਹੋ ਚੁੱਕੀ ਭਾਜਪਾ ਹੁਣ ਪੰਜਾਬ ਵਿਚ ‘ਆਪ’ ਸਰਕਾਰ ਨੂੰ ਡੇਗਣ ਦਾ ਯਤਨ ਕਰ ਰਹੀ ਹੈ ਪਰ ‘ਆਪ’ ਦੇ ਇਮਾਨਦਾਰ ਸਿਪਾਹੀਆਂ ਨੇ ਭਾਜਪਾ ਦੀਆਂ ਕੋਸ਼ਿਸ਼ਾਂ ’ਤੇ ਪੂਰੀ ਤਰ੍ਹਾਂ ਪਾਣੀ ਫੇਰ ਦਿੱਤਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੁਝ ਵਿਧਾਇਕਾਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਸ ਵਲੋਂ ਬੀਤੇ ਦਿਨ ਪੁਲਸ ਥਾਣਾ ਸਟੇਟ ਕ੍ਰਾਈਮ, ਐੱਸ.ਏ.ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਆਈ.ਪੀ.ਸੀ. ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐੱਫ਼.ਆਈ.ਆਰ.) ਦਰਜ ਕੀਤੀ ਗਈ ਹੈ। ਪੰਜਾਬ ਪੁਲਸ ਨੇ ਮੁੱਢਲੇ ਤੌਰ ’ਤੇ ਐੱਫ਼.ਆਈ.ਆਰ. ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਤਫ਼ਸੀਲ 'ਚ ਜਾਣੋ ਇਸ ਮਾਮਲੇ 'ਚ ਹੁਣ ਤੱਕ ਸਿਆਸੀ ਆਗੂਆਂ ਨੇ ਕੀ-ਕੀ ਬਿਆਨ ਦਿੱਤੇ ਹਨ।

ਹਰਪਾਲ ਚੀਮਾ ਨੇ ਕੀਤਾ ਸੀ ਖ਼ੁਲਾਸਾ

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਪੰਜਾਬ ਦੀ ਸਰਕਾਰ ਨੂੰ ਡੇਗਣ ਲਈ ਭਾਜਪਾ ਆਪ੍ਰੇਸ਼ਨ ਲੋਟਸ ਚਲਾ ਰਹੀ ਹੈ। ਇਸ ਆਪ੍ਰੇਸ਼ਨ ਦੇ ਤਹਿਤ ਪੰਜਾਬ 'ਚ ਵਿਧਾਇਕਾਂ ਨੂੰ ਖ਼ਰੀਦਣ ਲਈ ਭਾਜਪਾ ਨੇ 1375 ਕਰੋੜ ਰੁਪਏ ਰੱਖੇ ਹਨ। ਭਾਜਪਾ ਨੂੰ ਸੀਰੀਅਲ ਕਿੱਲਰ ਦੱਸਦਿਆਂ ਚੀਮਾ ਨੇ ਕਿਹਾ ਸੀ ਕਿ ਭਾਜਪਾ ਹਰ ਸੂਬੇ ਵਿਚ ਡਰ, ਭੈਅ ਅਤੇ ਦਹਿਸ਼ਤ ਪੈਦਾ ਕਰਕੇ ਸਰਕਾਰਾਂ ਨੂੰ ਤੋੜਨ ਦੀ ਕੋਸ਼ਿਸ਼ ਕਰਦੀ ਹੈ, ਜਿਸ ਤਹਿਤ ਸ਼ਰੇਆਮ ਦੇਸ਼ ਅੰਦਰ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਸੀ ਕਿ ਭਾਜਪਾ ਗੋਆ, ਮੱਧ ਪ੍ਰਦੇਸ਼ ਅਤੇ ਦਿੱਲੀ ਸਣੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਇਸ ਆਪ੍ਰੇਸ਼ਨ ਤਹਿਤ ਸਰਕਾਰਾਂ ਸੁੱਟਣ ਦੀਆਂ ਕੋਸ਼ਿਸ਼ਾਂ ਕਰ ਚੁੱਕੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

ਇਸ ਮਸਲੇ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਏ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਆਪਣੀ ਅਸਫ਼ਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਇਲਜ਼ਾਮ ਲਗਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਵਿੱਚ ਬਗਾਵਤ ਹੁੰਦੀ ਨਜ਼ਰ ਆ ਰਹੀ ਹੈ ਜਿਸ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਅਜਿਹੇ ਇਲਜ਼ਾਮ ਲਗਾ ਰਹੀ ਹੈ।

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੀ ਤਿੱਖੀ ਪ੍ਰਤੀਕਿਰਿਆ

ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਤੋਂ ਕੋਈ ਖ਼ਤਰਾ ਨਹੀਂ ਹੈ, ਉਨ੍ਹਾਂ ਦੀ ਲੜਾਈ ਆਪਸ ਵਿੱਚ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਜਦ ਵੀ ਕੋਈ ਖ਼ਤਰਾ ਪੈਦਾ ਹੋਵੇਗਾ, ਉਹ ਉਨ੍ਹਾਂ ਨੂੰ ਦੂਸਰੀਆਂ ਪਾਰਟੀਆਂ ਤੋਂ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਤੋਂ ਹੋਵੇਗਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਝੂਠ ਤੋਂ ਹੋਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 'ਆਪ' ਦੇ ਕਈ ਆਗੂਆਂ 'ਤੇ ਗੰਭੀਰ ਮਾਮਲੇ ਦਰਜ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਵਾਲੀ ਸਰਕਾਰ ਹੈ। ਇਹ ਆਮ ਬੰਦਿਆਂ ਦੀ ਨਹੀਂ ਸਗੋਂ ਖ਼ਾਸ ਬੰਦਿਆ ਦੀ ਸਰਕਾਰ ਬਣ ਗਈ ਹੈ। ਇਹ ਸਰਕਾਰ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਹੋ ਰਹੀ ਮਾਈਨਿੰਗ ਇਸ ਸਰਕਾਰ ਲਈ ਜੀਅ ਦਾ ਜੰਜਾਲ ਬਣ ਗਈ ਹੈ।  

ਮਾਮਲੇ 'ਚ ਰਾਘਵ ਚੱਢਾ ਦੀ ਐਂਟਰੀ 

ਆਪ੍ਰੇਸ਼ਨ ਲੋਟਸ ਨੂੰ ਲੈ ਕੇ ਪੰਜਾਬ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦਿਆਂ ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਿਫ਼ਤ ਕੀਤੀ ਹੈ ਉਥੇ ਹੀ ਕਾਂਗਰਸ 'ਤੇ ਤੰਜ ਕੀਤਾ । ਰਾਘਵ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ ਆਪਰੇਸ਼ਨ ਲੋਟਸ ਅਸਫ਼ਲ ਹੋ ਗਿਆ ਹੈ ਪਰ ਇਹ ਗੋਆ ਵਿੱਚ 'ਜਿੱਥੇ ਕਾਂਗਰਸ ਦੀ ਸਰਕਾਰ ਹੈ' ਸਫ਼ਲ ਹੋ ਗਿਆ ਹੈ। ਰਾਘਵ ਚੱਢਾ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਨੂੰ ਵੋਟਾਂ ਪਾਉਣ ਦਾ ਮਤਲਬ ਭਵਿੱਖ ਵਿੱਚ ਭਾਜਪਾ ਲਈ ਵਿਧਾਇਕ ਚੁਣਨਾ ਹੈ। ਰਾਘਵ ਚੱਢਾ ਨੇ ਕਿਹਾ ਕਿ ਭਾਰਤ ਵਿੱਚ ਹੌਲੀ-ਹੌਲੀ ਕਾਂਗਰਸ ਦਾ ਵਜੂਦ ਖ਼ਤਮ ਹੋ ਰਿਹਾ ਹੈ।

'ਆਪ' ਵਿਧਾਇਕਾਂ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ : ਹਰਪਾਲ ਚੀਮਾ

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਮੁੜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਭਾਜਪਾ ਦੁਆਰਾ ਚਲਾਏ ਜਾ ਰਹੇ ਆਪ੍ਰੇਸ਼ਨ ਲੋਟਸ ਨੂੰ ਪੰਜਾਬ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਹਰਪਾਲ ਚੀਮਾ ਨੇ ਤਿੱਖੇ ਸ਼ਬਦਾਂ 'ਚ ਕਿਹਾ ਕਿ ਜਿਨ੍ਹਾਂ ਸੂਬਿਆਂ ਦੇ ਲੋਕਾਂ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਭਾਜਪਾ ਉਥੋਂ ਦੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੈਸੇ ਰਾਹੀਂ, ਸੀ.ਬੀ.ਆਈ ਤੇ ਈ.ਡੀ. ਦੇ ਜ਼ੋਰ ਤੋਂ ਇਲਾਵਾ ਹੋਰ ਗ਼ੈਰ-ਕਾਨੂੰਨੀ ਢੰਗਾਂ ਨਾਲ ਵਿਧਾਇਕਾਂ ਨੂੰ ਖ਼ਰੀਦ ਕੇ ਆਪਣੀ ਸਰਕਾਰ ਬਣਾਉਣਾ ਚਾਹੁੰਦੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਆਪ੍ਰੇਸ਼ਨ ਲੋਟਸ ਤਹਿਤ ਪੰਜਾਬ 'ਚ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਤੱਕ ਪਹੁੰਚ ਕਰ ਚੁੱਕੀ ਹੈ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵੱਲੋਂ ਧਮਕਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਬਾਕੀ ਵਿਧਾਇਕਾਂ ਦਾ ਨਾਂ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ। ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਕੋਲ ਸਾਰੇ ਸਬੂਤ ਮੌਜੂਦ ਹਨ।

ਮਨਜਿੰਦਰ ਸਿਰਸਾ ਦਾ ਬਿਆਨ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਘਪਲਿਆਂ ਅਤੇ ਅਸਫ਼ਲਤਾਵਾਂ ਨੂੰ ਛੁਪਾਉਣ ਲਈ ਆਪ੍ਰੇਸ਼ਨ ਲੋਟਸ ਦਾ ਜ਼ਿਕਰ ਕਰ ਰਹੀ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੇ 92 ਵਿਧਾਇਕ ਹਨ ਅਤੇ ਸਾਰੀ ਪੁਲਸ ਵੀ 'ਆਪ' ਕੋਲ ਹੈ ਫਿਰ ਵੀ ਪੈਸੇ ਦੇਣ ਦੀ ਪੇਸ਼ਕਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ। ਸਿਰਸਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਘਪਲਿਆਂ ਅਤੇ ਅਸਫ਼ਲਤਾਵਾਂ ਨੂੰ ਛੁਪਾਉਣ ਦਾ ਤਰੀਕਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਅਤੇ ਕੇਜਰੀਵਾਲ ਨੇ ਕਿਸੇ ਵੀ ਭਾਜਪਾ ਆਗੂ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਹੈ ਜਿਸ ਨੇ ਪੈਸੇ ਦੇ ਕੇ 'ਆਪ' ਦੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਹੈ।

ਜਰਮਨ ਦੌਰੇ 'ਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤੋੜੀ ਚੁੱਪੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ੍ਰੇਸ਼ਨ ਲੋਟਸ 'ਤੇ ਭਾਜਪਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬੀ ਆਪਣੇ ਮਿੱਟੀ ਦੇ ਵਫ਼ਾਦਾਰ ਹਾਂ ਅਤੇ ਵਫ਼ਾਦਾਰ ਹੀ ਰਹਾਂਗਾ। ਮੁੱਖ ਮੰਤਰੀ ਮਾਨ ਨੇ ਭਾਜਪਾ ਵੱਲੋਂ ਪੰਜਾਬ ਦੇ 'ਆਪ' ਵਿਧਾਇਕਾਂ ਨੂੰ ਤੋੜਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਨੂੰ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਕਿਹਾ ਜਾਂਦਾ ਹੈ ਪਰ ਲੋਕਤੰਤਰ ਦਾ ਸਭ ਤੋਂ ਵੱਧ ਕਤਲ ਵੀ ਭਾਰਤ 'ਚ ਹੀ ਹੋਇਆ ਹੈ। ਭਾਜਪਾ ਵੱਲੋਂ ਸੱਤਾ 'ਚ ਆਉਣ ਲਈ ਸਰਕਾਰ ਨੂੰ ਤੋੜਿਆ ਜਾਂਦਾ ਰਿਹਾ ਹੈ ਅਤੇ ਵਿਧਾਇਕ ਨੂੰ ਲਾਲਚ ਦੇ ਕੇ ਪਾਰਟੀ ਛੱਡਣ ਲਈ ਧਮਕਾਇਆ ਜਾਂਦਾ ਹੈ। ਮਾਨ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਭਾਜਪਾ ਨੇ ਦਿੱਲੀ 'ਚ ਆਪ੍ਰੇਸ਼ਨ ਲੋਟਸ ਤਹਿਤ ਸਰਕਾਰ ਤੋੜਣ ਦੀ ਕੋਸ਼ਿਸ਼ ਕੀਤੀ ਸੀ ਪਰ ਦਿੱਲੀ ਦਾ ਕੋਈ ਵੀ 'ਆਪ' ਵਿਧਾਇਕ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਇਆ ਅਤੇ ਭਾਜਪਾ ਦੀ ਕੋਸ਼ਿਸ਼ ਨਾਕਾਮ ਰਹੀ। ਮਾਨ ਨੇ ਤਿੱਖੇ ਸ਼ਬਦਾਂ 'ਚ ਕਿਹਾ ਕਿ ਭਾਜਪਾ ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ ਹੈ, ਇਸ ਕਾਰਨ ਉਹ ਹੁਣ ਪੰਜਾਬ 'ਚ ਸਰਕਾਰ ਤੋੜਣ ਦੀ ਕੋਸ਼ਿਸ਼ ਕਰ ਰਹੀ ਹੈ।

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਚੁੱਕੇ ਸਵਾਲ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਭਾਜਪਾ 'ਤੇ ਤੰਜ ਕਸਦਿਆਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਇਹ ਲੋਕ ਸਾਡੇ ਵਿਧਾਇਕਾਂ ਨੂੰ ਖ਼ਰੀਦਣ ਲਈ ਪੰਜਾਬ ਪਹੁੰਚ ਗਏ ਹਨ। ਇਨ੍ਹਾਂ ਕੋਲ ਹਜ਼ਾਰਾਂ ਕਰੋੜਾਂ ਰੁਪਏ ਕਿੱਥੋਂ ਆ ਰਹੇ ਹਨ? ਇਨ੍ਹਾਂ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ- ਅਸੀਂ ਕਾਂਗਰਸੀ ਨਹੀਂ, ਸਾਨੂੰ ਖ਼ਰੀਦਣਾ ਕਿਸੇ ਦੇ ਵੱਸ ਦੀ ਗੱਲ ਨਹੀਂ।

ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਸਬੰਧੀ ਠੋਸ ਸਬੂਤ ਲੋਕਾਂ ਸਾਹਮਣੇ ਪੇਸ਼ ਕਰੇ ‘ਆਪ’ ਸਰਕਾਰ : ਪ੍ਰਤਾਪ ਬਾਜਵਾ

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸੂਬੇ ’ਚ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਭਾਵੇਂ ਚੀਮਾ ਨੇ ਕਿਹਾ ਕਿ ਭਾਜਪਾ ਨੇ ‘ਆਪ’ ਦੇ ਕਰੀਬ 35 ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਪਰ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ’ਚੋਂ ਸਿਰਫ਼ 10 ਨੂੰ ਹੀ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਜੇਕਰ ਇਹ ਇੰਨਾ ਗੰਭੀਰ ਮੁੱਦਾ ਸੀ ਤਾਂ ‘ਆਪ’ ਵਿਧਾਇਕਾਂ ਦਾ ਪੂਰਾ ਸਮੂਹ ਮੀਡੀਆ ਸਾਹਮਣੇ ਕਿਉਂ ਨਹੀਂ ਪੇਸ਼ ਕੀਤਾ ਜਾ ਸਕਦਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਤੇ ਦੇਸ਼ ਦੇ ਦੱਖਣੀ ਹਿੱਸਿਆਂ ’ਚ ਹੁਣ ਤੱਕ ਮਿਲੇ ਭਰਵੇਂ ਹੁੰਗਾਰੇ ਤੋਂ ਵੀ ਪ੍ਰੇਸ਼ਾਨ ਹਨ। ‘ਆਪ’ ਵਿਧਾਇਕਾਂ ਦਾ ਪੰਜਾਬ ਦੇ ਡੀ. ਜੀ. ਪੀ. ਕੋਲ ਭਾਜਪਾ ਖ਼ਿਲਾਫ਼ ਕਥਿਤ ਖ਼ਰੀਦਦਾਰੀ ਦੀ ਸ਼ਿਕਾਇਤ ਕਰਨ ਲਈ ਜਾਣਾ ਵੀ ਖੋਖਲਾ ਅਤੇ ਤਰਕ ਵਿਹੂਣਾ ਕਦਮ ਹੈ। ਬਾਜਵਾ ਨੇ ਕਿਹਾ ਕਿ ਜੇਕਰ ‘ਆਪ’ ਇਸ ਸਬੰਧੀ ਸਬੂਤ ਪੇਸ਼ ਕਰਨ ਵਿਚ ਅਸਫ਼ਲ ਰਹਿੰਦੀ ਹੈ ਤਾਂ ਭਾਜਪਾ ਲੀਡਰਸ਼ਿਪ ਨੂੰ ਤੁਰੰਤ ਅਪਰਾਧਿਕ ਮਾਮਲਾ ਦਰਜ ਕਰਨਾ ਚਾਹੀਦਾ ਹੈ ਅਤੇ ‘ਝੂਠੇ’ ਦੋਸ਼ ਲਗਾਉਣ ਲਈ ਏ. ਪੀ. ਪੀ. ਵਿਰੁੱਧ ਮਾਣਹਾਨੀ ਦਾ ਮੁਕੱਦਮਾ ਵੀ ਦਰਜ ਕਰਨਾ ਚਾਹੀਦਾ ਹੈ।

ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ 'ਆਪ'

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪ੍ਰੇਸ਼ਨ ਲੋਟਸ 'ਤੇ ਬੋਲਦਿਆਂ ਕਿਹਾ ਕਿ ਜੇਕਰ ਮੰਡੀਆਂ 'ਚ ਜਾਓਗੇ ਤਾਂ ਲੋਕ ਖ਼ਰੀਦਣਗੇ ਹੀ। ਬਾਦਲ ਨੇ ਕਿਹਾ ਕਿ ਇਹ ਆਪਣੇ ਆਪ ਹੀ ਰੌਲਾ ਪਾਈ ਜਾ ਰਹੇ ਹਨ ਕਿ ਸਾਨੂੰ ਖ਼ਰੀਦੋ। ਉਨ੍ਹਾਂ ਕਿਹਾ ਕਿ ਉਦੋਂ ਤੱਕ ਕੋਈ ਵੀ ਕਿਸੇ ਵਿਅਕਤੀ ਨੂੰ ਨਹੀਂ ਖ਼ਰੀਦ ਸਕਦਾ ਜਦੋਂ ਤਕ ਬੰਦਾ ਆਪ ਨਾ ਵਿਕਣ ਲਈ ਤਿਆਰ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਇਨ੍ਹਾਂ ਦੇ ਸਾਰੇ ਵਿਧਾਇਕ ਹੀ ਭ੍ਰਿਸ਼ਟ ਹਨ।

ਭਾਜਪਾ ਲੱਖ ਕੋਸ਼ਿਸ਼ ਕਰ ਲਵੇ, ‘ਆਪ’ ਨੂੰ ਤੋੜ ਨਹੀਂ ਸਕਦੀ : ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਘਟੀਆ ਮਨਸੂਬਾ ਕਦੇ ਵੀ ਸਫ਼ਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਹਥਕੰਡੇ ਕੰਮ ਨਹੀਂ ਆਉਣਗੇ ਕਿਉਂਕਿ ਆਮ ਆਦਮੀ ਪਾਰਟੀ ਰਾਜਨੀਤਕ ਪਾਰਟੀ ਹੋਣ ਤੋਂ ਪਹਿਲਾਂ ਇਕ ਮਜਬੂਤ ਪਰਿਵਾਰ ਹੈ। ‘ਆਪ੍ਰੇਸ਼ਨ ਲੋਟਸ’ ਤਹਿਤ ਦਿੱਲੀ ਅਤੇ ਪੰਜਾਬ ਤੋਂ ਭਾਜਪਾ ਦੇ ਕਈ ਆਗੂਆਂ ਅਤੇ ਏਜੰਟਾਂ ਨੇ ‘ਆਪ’ ਦੇ ਵਿਧਾਇਕਾਂ ਨੂੰ ਤੋੜਨ ਦਾ ਯਤਨ ਕੀਤਾ ਹੈ ਪਰ ਭਾਜਪਾ ਦੇ ਨਾਪਾਕ ਏਜੰਡੇ ਨੂੰ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਕਦੇ ਸਫ਼ਲ ਨਹੀਂ ਹੋਣ ਦੇਣਗੇ। ਅਸੀਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਰਾਜਨੀਤਕ ਪ੍ਰਣਾਲੀ ਵਿਚ ਸੁਧਾਰ ਕਰਕੇ ਦੇਸ਼ ਵਿਚ ਤਬਦੀਲੀ ਲਿਆਉਣ ਲਈ ਸਮਰਪਿਤ ਹੋ ਕੇ ਕੰਮ ਕਰ ਰਹੇ ਹਾਂ। ਸਾਡੇ ਵਿਧਾਇਕ ਭਾਜਪਾ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਨੂੰ ਤੋੜਨ ਲਈ ਭਾਜਪਾ ਚਾਹੇ ਹਰ ਵਿਧਾਇਕ ਨੂੰ 25 ਕਰੋੜ ਜਾਂ 50 ਕਰੋੜ ਰੁਪਏ ਹੀ ਕਿਉਂ ਨਾ ਆਫ਼ਰ ਕਰੇ ਪਰ ਪੰਜਾਬ ਵਿਚ ਉਸ ਦਾ ਆਪ੍ਰੇਸ਼ਨ ਲੋਟਸ ਸਫ਼ਲ ਨਹੀਂ ਹੋਵੇਗਾ।

ਭਾਜਪਾ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰ ਰਹੀ ਹੈ : ਮੀਤ ਹੇਅਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ’ਤੇ ਸਿੱਧਾ ਹਮਲਾ ਬੋਲਿਆ ਤੇ ਕਿਹਾ ਕਿ ਖਰੀਦੋ-ਫ਼ਰੋਖ਼ਤ ਦੀ ਰਾਜਨੀਤੀ ਕਰਕੇ ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ 2014 ਵਿਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲਗਭਗ ਹਰ ਸੂਬੇ ਵਿਚ ਭਾਜਪਾ ਨੇ ਈ.ਡੀ. ਤੇ ਸੀ.ਬੀ.ਆਈ. ਦਾ ਡਰ ਦਿਖਾ ਕੇ ਦੂਸਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਆਸਾਮ ਦੇ ਮੌਜੂਦਾ ਮੁੱਖ ਮੰਤਰੀ ਹੇਮੰਤ ਵਿਸ਼ਵ ਸ਼ਰਮਾ, ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਭੇਂਦੂ ਅਧਿਕਾਰੀ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਨੂੰ ਭਾਜਪਾ ਨੇ ਈ.ਡੀ. ਦਾ ਡਰ ਦਿਖਾ ਕੇ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਵਿਚ ਵੀ ਤੇਲਗੂ ਦੇਸ਼ਮ ਪਾਰਟੀ ਦੇ ਦੋ ਸੰਸਦ ਮੈਂਬਰਾਂ ਨੂੰ ਈ.ਡੀ. ਸੀ.ਬੀ.ਆਈ. ਦਾ ਡਰ ਦਿਖਾ ਕੇ ਪਾਰਟੀ ਵਿਚ ਲਿਆਂਦਾ ਤੇ ਗੋਆ ਦੀ ਉਦਾਹਰਣ ਵੀ ਸਭ ਦੇ ਸਾਹਮਣੇ ਹੈ। ਕਾਂਗਰਸ ਦੇ 11 ਵਿਚੋਂ 8 ਵਿਧਾਇਕਾਂ ਨੂੰ ਤੋੜ ਕੇ ਭਾਜਪਾ ਵਿਚ ਸ਼ਾਮਲ ਕਰਵਾ ਲਿਆ ਗਿਆ।

ਮਲਵਿੰਦਰ ਕੰਗ ਦਾ ਬਿਆਨ

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਅਤੇ ਕਾਂਗਰਸ ’ਤੇ ਹਮਲਾ ਬੋਲਦਿਆਂ ਕਿਹਾ ਕਿ ਪੂਰੇ ਦੇਸ਼ ਵਿਚ ਕਾਂਗਰਸ ਦੇ ਵਿਧਾਇਕ ਵਿਕ ਕੇ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਕਾਂਗਰਸ ਪਾਰਟੀ ਖ਼ਤਮ ਹੋ ਚੁੱਕੀ ਪਾਰਟੀ ਹੈ। ਕੰਗ ਨੇ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਵਿਚ ਭਾਜਪਾ ਅਤੇ ਨਰਿੰਦਰ ਮੋਦੀ ਦਾ ਮੁਕਾਬਲਾ ਨਹੀਂ ਕਰ ਸਕਦੇ। ਨਰਿੰਦਰ ਮੋਦੀ ਨੂੰ ਦੇਸ਼ ਵਿਚ ਸਿਰਫ਼ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਤੋਂ ਹੀ ਡਰ ਲੱਗਦਾ ਹੈ।

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਆਪ੍ਰੇਸ਼ਨ ਲੋਟਸ ਮਾਮਲੇ 'ਚ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੱਟੜ ਈਮਾਨਦਾਰੀ ਦਾ ਅਕਸ ਬਣਾਉਣ ਵਾਲੇ ਹੁਣ ਕੱਟੜ ਭ੍ਰਿਸ਼ਟਾਚਾਰੀ ਹੋ ਗਏ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪ੍ਰੇਸ਼ਨ ਲੋਟਸ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਾਉਣ ਦੀ ਰਾਜਪਾਲ ਨੂੰ ਮੰਗ ਕੀਤੀ ਹੈ। 

ਬਿਕਰਮ ਮਜੀਠੀਆ ਨੇ ਮੰਗੀ ਐੱਫ਼.ਆਈ.ਆਰ. ਦੀ ਕਾਪੀ

ਮਜੀਠਿਆ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਜ਼ ਇਕ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਐਫ਼.ਆਈ.ਆਰ ਦੀ ਕਾਪੀ ਜਾਂ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਜੇਕਰ ਕੋਈ ਐਫ.ਆਈ. ਆਰ ਦਰਜ ਹੋਈ ਹੈ ਤਾਂ ਉਸ ਦੀ ਕਾਪੀ ਕਿਉਂ ਨਹੀਂ ਦਿੱਤੀ ਜਾ ਰਹੀ। ਪੰਜਾਬ ਸਰਕਾਰ ਵੱਲੋਂ ਭਾਜਪਾ ਤੇ ਆਪ੍ਰੇਸ਼ਨ ਲੋਟਸ ਦੇ ਲਾਏ ਗਏ ਇਲਜ਼ਾਮ ਬਹੁਤ ਗੰਭੀਰ ਹਨ, ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਵਿਧਾਇਕਾਂ ਨੂੰ ਆਫ਼ਰ ਕਰਨ ਵਾਲੇ ਵਿਅਕਤੀਆਂ ਦੇ ਨਾਂ ਜਨਤਕ ਹੋਣੇ ਚਾਹੀਦੇ ਹਨ। ਪੰਜਾਬ 'ਚ ਪਹਿਲੀ ਵਾਰ ਅਜਿਹਾ ਸੁਣਨ 'ਚ ਆਇਆ ਹੈ ਕਿ ਵਿਧਾਇਕਾਂ ਨੂੰ ਖ਼ਰੀਦਣ ਦਾ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਚੀਜ਼ਾਂ ਲੋਕਤੰਤਰ ਲਈ ਖ਼ਤਰਾ ਹਨ। ਮਜੀਠਿਆ ਨੇ ਕੇਂਦਰੀ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਇਸ ਮਸਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। 

ਨੋਟ : ਤੁਹਾਨੂੰ ਇਹ ਖ਼ਬਰ ਕਿਵੇਂ ਲੱਗੀ ? ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Harnek Seechewal

Content Editor

Related News