''ਪੜ੍ਹੋ ਪੰਜਾਬ ਪੜ੍ਹਾਓ ਪੰਜਾਬ'' ਪ੍ਰਾਜੈਕਟ ਨੂੰ ਸਿੱਖਿਆ ਮੰਤਰੀ ਦਾ ਥਾਪੜਾ
Saturday, May 05, 2018 - 06:29 AM (IST)

ਮੋਹਾਲੀ (ਨਿਆਮੀਆਂ) - 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਆਯੋਜਿਤ ਮੀਟਿੰਗ 'ਚ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਮੀਟਿੰਗ 'ਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਉਕਤ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਚਾਨਣਾ ਪਾਇਆ ਤੇ ਕੰਮ ਕਰ ਰਹੀ ਮਿਹਨਤੀ ਟੀਮ ਨਾਲ ਜਾਣ-ਪਛਾਣ ਕਰਵਾਈ।
ਇਸ ਮੌਕੇ ਸਿੱਖਿਆ ਮੰਤਰੀ ਨੇ ਸਿੱਖਿਆ ਸਕੱਤਰ ਅਤੇ ਸਮੂਹ ਅਧਿਕਾਰੀਆਂ ਤੇ ਅਧਿਆਪਕਾਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਪਿੱਠ ਥਾਪੜੀ। ਉਨ੍ਹਾਂ ਇਸ ਮੌਕੇ ਸਿੱਖਣ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਵੀ ਦੇਖੀ ਅਤੇ ਤਿਆਰ ਕੀਤਾ ਮੈਨੂਅਲ/ ਕਿਤਾਬਚਾ ਵੀ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਅੰਦਰ ਕਿਸੇ ਵੀ ਪੱਧਰ 'ਤੇ ਅਨੁਸ਼ਾਸਨਹੀਣਤਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਪ੍ਰਾਜੈਕਟ ਤਹਿਤ ਗੁਣਾਤਮਕ ਸਿੱਖਿਆ ਲਈ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ 26 ਜਨਵਰੀ ਤੇ 15 ਅਗਸਤ ਨੂੰ ਸਨਮਾਨਿਤ ਕਰਨ ਲਈ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨੇ ਤਰਸ ਦੇ ਆਧਾਰ 'ਤੇ 38 ਆਸ਼ਰਿਤਾਂ, ਜਿਨ੍ਹਾਂ 'ਚ 10 ਕਲਰਕ ਅਤੇ 28 ਦਰਜਾ ਚਾਰ ਮੁਲਾਜ਼ਮ ਸਨ, ਨੂੰ ਨਿਯੁਕਤੀ ਪੱਤਰ ਦਿੱਤੇ।