ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Saturday, May 28, 2022 - 09:03 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਸਾਬਕਾ ਵਿਧਾਇਕਾਂ, ਸਾਬਕਾ ਐੱਮ. ਪੀ., ਸਾਬਕਾ ਪੁਲਸ ਅਫ਼ਸਰਾਂ, ਡੇਰਾ ਮੁਖੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ। ਪੰਜਾਬ ਸਰਕਾਰ ਵੱਲੋਂ ਅੱਜ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲਈ ਗਈ ਹੈ। ਉਥੇ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਪੰਜਾਬੀ ਕਲਚਰ ਨਾਲ ਸਬੰਧਤ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਨਾਮਜ਼ਦ ਕੀਤਾ ਗਿਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਸੁਰੱਖਿਆ ਨੂੰ ਲੈ ਕੇ ਲੋਕਾਂ ’ਚ ਆਪਣਾ ਪ੍ਰਭਾਵ ਬਣਾਉਣ ਵਾਲਿਆਂ ਦੀ ਸੁਰੱਖਿਆ ’ਤੇ ਪੰਜਾਬ ਪੁਲਸ ਵੱਲੋਂ ਲਗਾਤਾਰ ਕੈਂਚੀ ਚਲਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਫਿਰ ਸਾਬਕਾ ਵਿਧਾਇਕਾ, ਸਾਬਕਾ ਐੱਮ.ਪੀ., ਸਾਬਕਾ ਪੁਲਸ ਅਫ਼ਸਰਾਂ, ਡੇਰਾ ਮੁੱਖੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਅੱਜ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਅੱਜ 28 ਮਈ ਨੂੰ ਮੁਲਾਜ਼ਮ ਆਪਣੀ ਰਿਪੋਰਟ ਕਰਨਗੇ।

‘ਆਪ’ ਵਲੋਂ ਦੋ ਰਾਜ ਸਭਾ ਮੈਂਬਰਾਂ ਦਾ ਐਲਾਨ, ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਲੱਗੀ ਮੋਹਰ
ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਹੋਣ ਵਾਲੀਆਂ ਚੋਣਾਂ ਆਮ ਆਦਮੀ ਪਾਰਟੀ ਨੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਵਾਤਾਵਰਣ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬੀ ਕਲਚਰ ਨਾਲ ਸਬੰਧਤ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਭੇਜਿਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਵਾਤਾਵਰਣ ਲਈ ਬਹੁਤ ਕੰਮ ਕੀਤਾ ਹੈ। ਉਥੇ ਹੀ ਸਾਹਨੀ ਨੇ ਕੋਵਿਡ ਦੌਰਾਨ ਪੰਜਾਬ ਦੇ ਪਿੰਡਾਂ ਵਿਚ ਵੱਡੀ ਮਦਦ ਕੀਤੀ ਸੀ।

ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੋ ਸਕਦੀ ਹੈ CBI ਜਾਂਚ
ਪੁਲਸ ਅਕੈਡਮੀ ਵਿਚ ਚੱਲ ਰਹੇ ਨਸ਼ੇ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿਚ ਬੀਤੇ ਦਿਨ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਰਿਟ ਪਟੀਸ਼ਨ ਦਾਇਰ ਕੀਤੀ ਗਈ, ਜਿਸ ਤੋਂ ਬਾਅਦ ਅਕੈਡਮੀ ਤੋਂ ਲੈ ਕੇ ਪੂਰੇ ਪੰਜਾਬ ਪੁਲਸ ਪ੍ਰਸ਼ਾਸਨ ਵਿਚ ਹੰਗਾਮਾ ਮਚ ਗਿਆ ਹੈ। ਰਿਟ ਪਟੀਸ਼ਨ ਦਾਇਰ ਕਰਨ ਵਾਲੇ ਸ਼ਿਕਾਇਤਕਰਤਾ ਨੇ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ, ਸਿੰਘ ਸਾਹਿਬ ਨੇ ਲੈਣ ਤੋਂ ਕੀਤਾ ਇਨਕਾਰ
ਪੰਜਾਬ ਸਰਕਾਰ ਨੇ ਅੱਜ ਵਾਪਸ ਲਈ ਗਈ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ ਪਰ ਉਨ੍ਹਾਂ ਨੇ ਹੁਣ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਰਨਗੇ ਵੱਡਾ ਧਮਾਕਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਕਾਤ ਕਰਕੇ ਵੱਡਾ ਧਮਕਾ ਕਰਨ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਵਿਚ ਖਾਸ ਤੌਰ ’ਤੇ ਪਿਛਲੀ ਸਰਕਾਰ ਦੇ ਉਹ ਆਗੂ ਹਨ ਜਿਨ੍ਹਾਂ ਦਾ ਨਾਂ ਨਜਾਇਜ਼ ਮਾਈਨਿੰਗ ਵਿਚ ਬੋਲਦਾ ਰਿਹਾ ਹੈ। 

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਖਿੱਚੀ ਤਿਆਰੀ
ਜਨਤਕ ਸੇਵਾਵਾਂ ਪ੍ਰਣਾਲੀ ’ਚ ਵਧੇਰੇ ਪਾਰਦਰਸ਼ਿਤਾ ਲਿਆਉਣ ਲਈ ਇਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ ਵਿਚ ਈ-ਆਫਿਸ ਰਾਹੀਂ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ਼ ਦਿੱਤੇ। ਇਹ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੇਵਾਵਾਂ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਡਿਜੀਟਲਾਈਜ਼ੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਪੰਜਾਬ ਸਣੇ ਦੇਸ਼ ਭਰ ਦੇ 14 ਸੂਬਿਆਂ 'ਚ ਪੈਟਰੋਲ-ਡੀਜ਼ਲ ਦੀ ਹੋ ਸਕਦੀ ਹੈ ਕਿੱਲਤ, ਜਾਣੋ ਵਜ੍ਹਾ

ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਪਿਛਲੇ ਸਾਲ ਦੀਵਾਲੀ ਅਤੇ ਹੁਣ ਮਈ ਦੇ ਮਹੀਨੇ ਕੇਂਦਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੈਟਰੋਲ ਪੰਪ ਦੇ ਮਾਲਕ ਖ਼ੁਸ਼ ਨਹੀਂ ਹਨ। ਹੁਣ ਇਸ ਫ਼ੈਸਲੇ ਦਾ ਦੇਸ਼ ਭਰ ਦੇ ਪੈਟਰੋਲ ਪੰਪ ਡੀਲਰ ਵਿਰੋਧ ਕਰਨ ਜਾ ਰਹੇ ਹਨ। ਦੇਸ਼ ਭਰ ਦੇ 14 ਸੂਬਿਆਂ ਦੇ ਪੈਟਰੋਲ ਪੰਪ ਡੀਲਰਾਂ ਨੇ 31 ਮਈ 2022 ਤੋਂ ਸਰਕਾਰੀ ਤੇਲ ਕੰਪਨੀਆਂ ਦੇ ਤੇਲ ਡਿਪੂਆਂ ਤੋਂ ਪੈਟਰੋਲ ਅਤੇ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ।

UN ਨੇ ਔਰਤਾਂ ’ਤੇ ਲਾਈਆਂ ਪਾਬੰਦੀਆਂ ਨੂੰ ਹਟਾਉਣ ਦੀ ਕੀਤੀ ਮੰਗ, ਤਾਲਿਬਾਨ ਨੇ ਕੀਤਾ ਖ਼ਾਰਿਜ
ਅਫ਼ਗਾਨਿਸਤਾਨ ’ਚ ਤਾਲਿਬਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਅਫ਼ਗਾਨ ਮਹਿਲਾ ’ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਨੂੰ ਖ਼ਾਰਿਜ ਕਰਦੇ ਹੋਏ ਵਿਸ਼ਵ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਬੇਬੁਨਿਆਦ ਦੱਸਿਆ ਹੈ। ਖਾਮਾ ਪ੍ਰੈੱਸ ਮੁਤਾਬਕ ਅਫ਼ਗਾਨ ਔਰਤਾਂ ਦੇ ਪ੍ਰਤੀ ਵਚਨਬੱਧਤਾ ਜਤਾਉਂਦੇੇ ਹੋਏ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਬਦੁਲ ਕਹਿਰ ਬਾਲਕੀ ਨੇ ਸੁਰੱਖਿਆ ਪ੍ਰੀਸ਼ਦ ਦੀਆਂ ਚਿੰਤਾਵਾਂ ਨੂੰ ਖ਼ਾਰਿਜ ਕਰ ਦਿੱਤਾ। 

ਸੰਦੀਪ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ
ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖ਼ੁਰਦ ’ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਨਾਮਵਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੰਦੀਪ ਕਤਲ ਕਾਂਡ ’ਚ ਜਲੰਧਰ ਦਿਹਾਤੀ ਪੁਲਸ ਨੇ ਪੰਜਾਬ ਸਮੇਤ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ’ਚ ਬੰਦ ਨਾਮਵਰ ਸ਼ਾਰਪ ਸ਼ੂਟਰ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮਾਮਲੇ ’ਚ ਨਾਮਜ਼ਦ ਕਰ ਕੁਝ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੀਤੀ ਸਖ਼ਤੀ ਨਾਲ ਪੁੱਛਗਿੱਛ ਕੀਤੀ। 


author

Manoj

Content Editor

Related News