ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Thursday, Feb 17, 2022 - 12:12 AM (IST)

ਜਲੰਧਰ : ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆ ਰਹੀ ਹੈ, ਸਿਆਸੀ ਪਾਰਾ ਵੀ ਚੜ੍ਹਦਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਵੱਡੇ-ਵੱਡੇ ਲੀਡਰ ਚੋਣ ਪ੍ਰਚਾਰ 'ਚ ਰੁੱਝੇ ਹੋਏ ਹਨ। ਅਜਿਹੀਆਂ ਹੀ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਪ੍ਰਮੁੱਖ ਖ਼ਬਰਾਂ :

ਵੱਡੀ ਖ਼ਬਰ : ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ
ਅੰਮ੍ਰਿਤਸਰ ਤੋਂ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੇਅਰ ਰਿੰਟੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।

ਕੇਜਰੀਵਾਲ ’ਤੇ ਫੰਡਾਂ ਦੀ ਦੁਰਵਰਤੋਂ ਦਾ ਦੋਸ਼, ਸੀ. ਬੀ. ਆਈ. ਕੋਲ ਪਹੁੰਚੀ ਸ਼ਿਕਾਇਤ
ਪੰਜਾਬ ਵਿਚ ਚੋਣ ਪ੍ਰਚਾਰ ’ਤੇ ਆਏ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੰਦੀਪ ਦਿਕਸ਼ਿਤ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ। ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਦਿਕਸ਼ਿਤ ਨੇ ਕਿਹਾ ਕਿ ਕੇਜਰੀਵਾਲ ਨੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐੱਨ.ਡੀ.ਪੀ.) ਦੇ ਪ੍ਰਾਪਤ ਕਰੀਬ 56 ਲੱਖ ਰੁਪਏ ਦੇ ਫੰਡਜ਼ ਦੀ ਦੁਰਵਰਤੋਂ ਕੀਤੀ ਹੈ।

ਜੋ PM ਦਾ ਰਾਹ ਸੁਰੱਖਿਅਤ ਨਹੀਂ ਰੱਖ ਸਕਦੇ, ਉਹ ਪੰਜਾਬ ਨੂੰ ਕਿਵੇਂ ਸੁਰੱਖਿਅਤ ਕਰਨਗੇ : ਅਮਿਤ ਸ਼ਾਹ
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਵਲੋਂ ਚੋਣਾਵੀ ਰੈਲੀ ਕਰ ਕੇ ਜਨਤਾ ਦਾ ਦਿਲ ਜਿੱਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ’ਤੇ ਆਏ ਹਨ। ਉਨ੍ਹਾਂ ਨੇ ਫਿਰੋਜ਼ਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਸ਼ਾਹ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਨ ਕਰਦਾ ਹਾਂ।

ਭਾਰਤ-ਪਾਕਿ ਸਰਹੱਦ ਤੋਂ BSF ਨੂੰ ਮਿਲੀ 19.75 ਕਰੋੜ ਰੁਪਏ ਦੀ ਹੈਰੋਇਨ, ਵਿਦੇਸ਼ੀ ਹਥਿਆਰ ਵੀ ਹੋਏ ਬਰਾਮਦ
ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ ਵਲੋਂ ਚਲਾਏ ਗਏ ਸਪੈਸ਼ਲ ਸਰਚ ਆਪ੍ਰੇਸ਼ਨ ਦੇ ਤਹਿਤ ਜਵਾਨਾਂ ਨੇ ਹੈਰੋਇਨ ਨਾਲ ਭਰੀਆਂ 2 ਬੋਤਲਾਂ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬੋਤਲਾਂ ’ਚ ਬਰਾਮਦ ਹੋਈ ਹੈਰੋਇਨ ਦੀ ਕੋਮਾਂਤਰੀ ਬਾਜ਼ਾਰ ’ਚ ਕੀਮਤ 19 ਕਰੋੜ 75 ਲੱਖ ਰੁਪਏ ਦੱਸੀ ਜਾ ਰਹੀ ਹੈ।

ਪਠਾਨਕੋਟ ਰੈਲੀ ’ਚ PM ਮੋਦੀ ਬੋਲੇ- ਅਸੀਂ ਮਜਬੂਰ ਨਹੀਂ, ਮਜ਼ਬੂਤ ਪੰਜਾਬ ਬਣਾਵਾਂਗੇ
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਜਪਾ ਪਾਰਟੀ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ ਪਹੁੰਚੇ ਹਨ। ਇੱਥੇ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸੰਤ ਰਵਿਦਾਸ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕਰਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਸੰਤ ਰਵਿਦਾਸ ਜੀ ਦੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਭਾਜਪਾ 'ਚ ਸ਼ਾਮਲ ਹੋਏ ਟਕਸਾਲੀ ਅਕਾਲੀ ਪ੍ਰੇਮ ਸਿੰਘ ਲਾਲਪੁਰਾ ਦੇ ਪੁੱਤਰ, ਤਰੁਣ ਚੁੱਘ ਨੇ ਕੀਤਾ ਸੁਆਗਤ
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਭਾਜਪਾ ਉਮੀਦਵਾਰ ਨਵਨੀਤ ਸਿੰਘ ਸ਼ਫੀਪੁਰ ਦੀ ਚੋਣ ਮੁਹਿੰਮ ਨੂੰ ਅੱਜ ਵੱਡਾ ਸਮਰਥਨ ਮਿਲਿਆ ਹੈ। ਇਸ ਚੋਣ ਮੁਹਿੰਮ ’ਚ ਜ਼ਿਲ੍ਹਾ ਤਰਨਤਾਰਨ ਤੋਂ ਟਕਸਾਲੀ ਅਕਾਲੀ ਆਗੂ ਪ੍ਰੇਮ ਸਿੰਘ ਲਾਲਪੁਰਾ ਦੇ ਪੁੱਤਰ ਦਲਜੀਤ ਸਿੰਘ ਲਾਲਪੁਰ ਅਤੇ ਪਰਮਜੀਤ ਸਿੰਘ ਸੰਧੂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ’ਚ ਸ਼ਾਮਲ ਹੋ ਗਏ।


Gurdeep Singh

Content Editor

Related News