ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ; 3660 ਵਿਅਕਤੀਆਂ ਦੀ ਲਈ ਤਲਾਸ਼ੀ
Sunday, Sep 10, 2023 - 05:52 AM (IST)
ਜਲੰਧਰ/ਚੰਡੀਗੜ੍ਹ (ਧਵਨ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਸ ਟੀਮਾਂ ਨੇ ਸਮੂਹ 28 ਪੁਲਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐੱਸ.ਓ.) ਵੀ ਚਲਾਏ ਗਏ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦੀ ਸਖ਼ਤ ਕਾਰਵਾਈ: 4 ਸਰਕਾਰੀ ਮੁਲਾਜ਼ਮਾਂ ਨੂੰ ਕੀਤਾ ਮੁੱਅਤਲ, ਪੜ੍ਹੋ ਪੂਰਾ ਮਾਮਲਾ
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਪੁਲਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।
ਇਹ ਖ਼ਬਰ ਵੀ ਪੜ੍ਹੋ - Asia Cup 2023: ਭਾਰਤ-ਪਾਕਿ ਮੁਕਾਬਲੇ ਤੋਂ ਪਹਿਲਾਂ ACC ਨੇ ਲੈ ਲਿਆ ਵੱਡਾ ਫ਼ੈਸਲਾ, ਜੇ ਇਸ ਵਾਰ ਪਿਆ ਮੀਂਹ ਤਾਂ...
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐੱਸ.ਐੱਸ.ਪੀਜ਼ ਨੂੰ ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐੱਸ.ਓ.) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।
ਇਹ ਖ਼ਬਰ ਵੀ ਪੜ੍ਹੋ - ਸਕੂਲ ਬੱਸ ਚਾਲਕ ਦੀ ਅਣਗਹਿਲੀ ਨੇ ਲਈ ਮਾਸੂਮ ਦੀ ਜਾਨ, 5 ਸਾਲਾ ਬੱਚੇ ਦੀ ਹਾਲਤ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਜ਼ਿਕਰਯੋਗ ਹੈ ਕਿ ਸੀਪੀਜ਼/ਐੱਸ.ਐੱਸ.ਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿਚ ਵੱਧ ਤੋਂ ਵੱਧ ਪੁਲਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8