ਪੰਜਾਬ ''ਚ Red Alert! ਥਾਈਂ-ਥਾਈਂ ਲੱਗੇ ਹਾਈਟੈੱਕ ਨਾਕੇ

Saturday, Oct 12, 2024 - 08:10 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਦੁਸਹਿਰੇ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੋਟਲ 'ਚ ਪਈਆਂ ਭਾਜੜਾਂ! ਪ੍ਰੇਮੀ ਜੋੜੇ ਦੀ ਗਈ ਜਾਨ, ਕਈ ਹਸਪਤਾਲ ਦਾਖ਼ਲ

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈੱਕ ਮਜ਼ਬੂਤ ਨਾਕੇ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਤੇ ਸ਼ੱਕੀ ਵਿਅਕਤੀਆਂ ਵਿਰੁੱਧ ਅਹਿਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਸੂਬੇ ਦੀਆਂ ਸਾਰੀਆਂ ਅੰਤਰਰਾਜੀ ਅਤੇ ਅੰਤਰ-ਜ਼ਿਲਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਗਜ਼ਟਿਡ ਅਫਸਰਾਂ ਨੂੰ ਤਿਉਹਾਰੀ ਸੀਜ਼ਨ ਤੱਕ ਫੀਲਡ ’ਚ ਰਹਿਣ ਦੀਆਂ ਹਦਾਇਤਾਂ

ਸਪੈਸ਼ਲ ਡੀ. ਜੀ. ਪੀ. ਨੇ ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਅਤੇ ਨਾਕਿਆਂ ’ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ। ਬਾਅਦ ’ਚ ਉਨ੍ਹਾਂ ਨੇ ਕਮਿਸ਼ਨਰੇਟ ਪੁਲਸ ਜਲੰਧਰ ਸਵਪਨ ਸ਼ਰਮਾ ਦੀ ਮੌਜੂਦਗੀ ’ਚ ਪੁਲਸ ਕਮਿਸ਼ਨਰੇਟ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਸਾਰੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਰਪਿਤ ਸ਼ੁਕਲਾ ਨੇ ਉਨ੍ਹਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮੂਹ ਸਟੇਸ਼ਨ ਹਾਊਸ ਅਫਸਰਾਂ (ਐੱਸ.ਐੱਚ.ਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੀ ਸਮਾਪਤੀ ਤੱਕ ਫੀਲਡ ’ਚ ਰਹਿਣ ਲਈ ਵੀ ਹਦਾਇਤ ਕੀਤੀ।

ਉਨ੍ਹਾਂ ਨੇ ਸੀ.ਪੀਜ਼./ਐੱਸ. ਐੱਸ. ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਉਹ ਸਟ੍ਰੀਟ ਕ੍ਰਾਈਮ ਨੂੰ ਰੋਕਣ ’ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ੇ ਦੀ ਵਿਕਰੀ ਵਾਲੀਆਂ ਥਾਵਾਂ ’ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ।

ਇਹ ਖ਼ਬਰ ਵੀ ਪੜ੍ਹੋ - ਆ ਗਈ LIST, ਜਾਣੋ ਕਿਥੇ-ਕਿਥੇ ਰੱਦ ਹੋਈਆਂ ਪੰਚਾਇਤੀ ਚੋਣਾਂ

ਉਨ੍ਹਾਂ ਨੇ ਫੀਲਡ ਅਫਸਰਾਂ ਨੂੰ ਕਿਹਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਕਾਲਾਂ, ਸਨੈਚਿੰਗ, ਚੋਰੀਆਂ ਅਤੇ ਲੁੱਟ-ਖੋਹ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰਨ। ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਸ ਨੂੰ 112 ਹੈਲਪਲਾਈਨ ਨੰਬਰ ’ਤੇ ਸੂਚਿਤ ਕਰਨ ਲਈ ਵੀ ਕਿਹਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News