ਦਿੱਲੀ Blast ਮਗਰੋਂ ਪੰਜਾਬ 'ਚ ਰੈੱਡ ਅਲਰਟ! ਪੁਲਸ ਪ੍ਰਸ਼ਾਸਨ ਨੂੰ ਸਖਤ ਹੁਕਮ ਜਾਰੀ
Monday, Nov 10, 2025 - 09:50 PM (IST)
ਨਵੀਂ ਦਿੱਲੀ/ਚੰਡੀਗੜ੍ਹ : ਸੋਮਵਾਰ, 10 ਨਵੰਬਰ, 2025 ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਕਾਰ ਧਮਾਕੇ ਦੀ ਅੱਤਵਾਦੀ ਹਮਲੇ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਇਸ ਹਾਈ ਇੰਟੈਂਸਿਟੀ ਬਲਾਸਟ ਵਿੱਚ ਘੱਟੋ-ਘੱਟ 8 ਤੋਂ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਸਣੇ ਕਈ ਸੂਬਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦਿੱਲੀ ਪੁਲਸ ਕਮਿਸ਼ਨਰ ਸਤੀਸ਼ ਗੋਲਚਾ ਨੇ ਦੱਸਿਆ ਕਿ ਸ਼ਾਮ ਲਗਭਗ 6:52 ਵਜੇ, ਇੱਕ ਹੌਲੀ ਚੱਲ ਰਹੀ ਗੱਡੀ ਨੂੰ ਲਾਲ ਬੱਤੀ 'ਤੇ ਰੁਕੀ ਤੇ ਅਚਾਨਕ ਉਸ ਵਿਚ ਧਮਾਕਾ ਹੋ ਗਿਆ। ਧਮਾਕੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸਨੇ ਨੇੜੇ ਦੀਆਂ ਤਿੰਨ ਗੱਡੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਵਿਸਫੋਟਕ ਸਮੱਗਰੀ, ਵਾਇਰਿੰਗ ਅਤੇ ਬੈਟਰੀ ਦੇ ਟੁਕੜੇ ਬਰਾਮਦ ਕੀਤੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਧਮਾਕਾ ਹੱਥੀਂ ਕੀਤਾ ਗਿਆ ਸੀ।
ਦਿੱਲੀ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੂੰ ਗੰਭੀਰ ਹਾਲਤ ਵਿੱਚ ਐੱਲਐੱਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਦੀ ਤਿਆਰੀ ਕੀਤੀ ਜਾ ਰਹੀ ਹੈ। ਐੱਨਆਈਏ (NIA), ਐੱਫਐੱਸਐੱਲ (FSL) ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ 'ਤੇ ਗੱਲ ਕਰਕੇ ਪੂਰੀ ਜਾਣਕਾਰੀ ਲਈ ਹੈ।
ਪੰਜਾਬ 'ਚ ਰੈੱਡ ਅਲਰਟ
ਨਵੀਂ ਦਿੱਲੀ 'ਚ ਹੋਏ ਇਸ ਵੱਡੇ ਧਮਾਕੇ ਦੇ ਮੱਦੇਨਜ਼ਰ, ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੀਪੀ/ਐੱਸਐੱਸਪੀ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ, ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਥਾਵਾਂ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਵੀ ਤੇਜ਼ ਕਰ ਦਿੱਤੀ ਗਈ ਹੈ।
