ਲਗਾਤਾਰ ਦੂਜੇ ਸਾਲ ਘਰੇਲੂ ਬਿਜਲੀ ਦਰਾਂ ’ਚ ਕਮੀ ਗਰੀਬ ਲਈ ਫਾਇਦੇਮੰਦ : ਕੈਪਟਨ
Saturday, May 29, 2021 - 11:48 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਬਿਜਲੀ ਦਰਾਂ ’ਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਕੀਤੀ ਵੱਡੀ ਕਮੀ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿਵਾਏਗੀ। ਖਾਸ ਕਰ ਕੇ ਗਰੀਬਾਂ ਨੂੰ ਜਿਹੜੇ ਪਹਿਲਾਂ ਹੀ ਕੋਵਿਡ ਮਹਾਮਾਰੀ ਦੇ ਚਲਦਿਆਂ ਵਿੱਤੀ ਔਕੜਾਂ ਦਾ ਸਾਹਮਣਾ ਕਰ ਰਹੇ ਹਨ। ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਸੂਬੇ ਵਿਚ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾਈਆਂ ਗਈਆਂ ਹਨ। 2020 ਵਿਚ ਵੀ ਰੈਗੂਲੇਟਰੀ ਵਲੋਂ ਘਰੇਲੂ ਬਿਜਲੀ ਦਰਾਂ 50 ਪੈਸੇ ਪ੍ਰਤੀ ਯੂਨਿਟ ਘਟਾਈਆਂ ਗਈਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਘਰੇਲੂ ਦਰਾਂ ਘਟਾਉਣ ਦੇ ਕੀਤੇ ਫੈਸਲੇ ਨਾਲ ਸੂਬੇ ਵਿਚ 69 ਲੱਖ ਘਰੇਲੂ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਮਿਸ਼ਨ ਵਲੋਂ ਕੋਵਿਡ ਮਹਾਮਾਰੀ ਦੇ ਚੱਲਦਿਆਂ ਵਪਾਰਕ ਖਪਤਕਾਰਾਂ ਦੇ ਨਾਲ-ਨਾਲ ਲਘੂ ਅਤੇ ਮੱਧਮ ਉਦਯੋਗਾਂ ਲਈ ਦਰਾਂ ਨਾ ਵਧਾਉਣ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਹਾਈ ਕੋਰਟ ਦੇ ਹੁਕਮ, ਨਾ ਕੰਮ ਕਰਨ ਵਾਲੇ ਫਰੰਟਲਾਈਨ ਵਰਕਰਾਂ ਦੀ ਮੰਗੀ ਸੂਚੀ
ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਉਦਯੋਗਿਕ ਖਪਤਕਾਰਾਂ ਲਈ ਵੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਹੈ। ਇਸ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ ਜਿਹੜੇ ਪਹਿਲਾਂ ਹੀ ਲਾਕਡਾਊਨ ਅਤੇ ਮਹਾਮਾਰੀ ਕਾਰਨ ਮੰਗ ਵਿਚ ਆਏ ਆਫ਼ਤ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਜਿਹੜੀ ਪੰਜਾਬ ਕਾਂਗਰਸ ਦੇ 2017 ਚੋਣ ਮੈਨੀਫੈਸਟੋ ਵਿਚ ਸ਼ਾਮਲ ਸੀ, ਦੁਹਰਾਉਂਦਿਆਂ ਕਿਹਾ ਕਿ ਸਾਰੇ ਵਰਗਾਂ ਸਮੇਤ ਘਰੇਲੂ ਖਪਤਕਾਰਾਂ, ਵਪਾਰੀ, ਉਦਯੋਗਾਂ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਮੁਹੱਈਆ ਕਰਵਾਉਣੀ ਜਾਰੀ ਰਹੇਗੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਦਰਾਂ ਨੂੰ ਹੋਰ ਤਰਕਸੰਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਸਪਤਾਲਾਂ ’ਚ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਸੂਬਾ ਪੱਧਰੀ ਕਮੇਟੀ ਗਠਿਤ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ