ਪੰਜਾਬ ਨੂੰ ਮੁੜ ਅੱਤਵਾਦ ਦੀ ਭੱਠੀ ’ਚ ਧੱਕਣ ਦੀਆਂ ਸਾਜ਼ਿਸ਼ਾਂ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ : ਬਿੱਟਾ

08/09/2018 1:32:04 PM

ਜਲੰਧਰ (ਚੋਪੜਾ)— ਰੈਫਰੈਂਡਮ 2020 ਦੀ ਆੜ ਵਿਚ ਪੰਜਾਬ ਨੂੰ ਮੁੜ ਅੱਤਵਾਦ ਦੀ ਭੱਠੀ ਵਿਚ ਧੱਕਣ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ। ਉਕਤ ਸ਼ਬਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੇ ਇਕ ਬੈਠਕ ਦੌਰਾਨ ਕਹੇ। ਬਿੱਟਾ ਨੇ ਕਿਹਾ ਕਿ ਪੰਜਾਬ ਵਿਚ 2 ਦਹਾਕੇ ਤਕ ਰਹੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਬੇਗੁਨਾਹਾਂ ਦੀਆਂ ਜਾਨਾਂ ਗਈਆਂ । ਪੰਜਾਬ ਦੇ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਦੀਆਂ ਕੋਸ਼ਿਸ਼ਾਂ ਕਾਰਨ ਪੰਜਾਬ ਵਿਚ ਸ਼ਾਂਤੀ ਦੀ ਬਹਾਲੀ ਹੋਈ ਸੀ ਕਿਉਂਕਿ ਸਾਬਕਾ ਮੁੱਖ ਮੰਤਰੀ ਨੇ ਅੱਤਵਾਦੀਆਂ ਦੇ ਸਾਹਮਣੇ ਗੋਡੇ ਟੇਕਣ ਦੀ ਬਜਾਏ ਸ਼ਹਾਦਤ ਦਾ ਜਾਮ ਪੀਤਾ ਸੀ। ਬਿੱਟਾ ਤੇ ਸੁਖਬੀਰ ਵਾਲੀਆ ਨੇ ਕਿਹਾ ਕਿ ਪੰਜਾਬ ਦੇ ਕੁਝ ਸਿਆਸੀ ਆਗੂ ਵਿਦੇਸ਼ਾਂ ਵਿਚ ਬੈਠੀਆਂ ਵੱਖਵਾਦੀ ਤਾਕਤਾਂ ਦੇ ਇਸ਼ਾਰੇ ’ਤੇ ਰੈਫਰੈਂਡਮ 2020 ਦਾ ਸਮਰਥਨ ਕਰ ਕੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ ਪਰ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਸਾਡਾ ਪੰਜਾਬੀ ਭਾਈਚਾਰਾ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦੇਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਰੈਫਰੈਂਡਮ ਨੂੰ ਸਿਰੇ ਤੋਂ ਨਕਾਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਤਵਾਦ ਦੇ ਸੰਤਾਪ ਨੂੰ ਝੱਲ ਚੁਕਿਆ ਪੰਜਾਬ ਹੁਣ ਤਕ ਆਪਣੇ ਪੈਰਾਂ ’ਤੇ ਖੜ੍ਹਾ ਨਹੀਂ ਹੋ ਪਾਇਆ ਹੈ। ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਾਬਕਾ ਬਾਦਲ ਸਰਕਾਰ ਨੇ ਸੂਬੇ ਦੇ ਖਜ਼ਾਨੇ ਨੂੰ ਪੂਰੀ ਤਰ੍ਹਾਂ ਖੋਖਲਾ ਕਰ ਦਿੱਤਾ ਹੈ। ਪੰਜਾਬ ਵਿਚ ਮੌਜੂਦਾ ਸਰਕਾਰ ਨੇ ਸਖਤ ਕੋਸ਼ਿਸ਼ਾਂ ਨਾਲ ਪੰਜਾਬ ਨੂੰ ਇਕ ਵਾਰ ਫਿਰ ਤੋਂ ਵਿਕਾਸ ਦੀ ਰਾਹ ’ਤੇ ਅੱਗੇ ਕੀਤਾ ਹੈ। ਇਸ ਮੌਕੇ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ ਟੀਟੂ, ਜੀ. ਐੱਸ. ਭੁੱਲਰ, ਸ਼ਿਵ ਕੁਮਾਰ ਧੀਰ ਤੇ ਹੋਰ ਮੌਜੂਦ ਸਨ।


Related News