ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਦੇਣ ਲਈ ਫੰਡ ਜਾਰੀ ਕਰਨ ਦੀ ਪ੍ਰਵਾਨਗੀ

10/22/2019 12:50:57 AM

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਕਣਕ ਦਾ 25 ਹਜ਼ਾਰ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ਰਾਹਤ ਫੰਡ 'ਚੋਂ 5 ਕਰੋੜ ਰੁਪਏ ਖੇਤੀਬਾੜੀ ਵਿਭਾਗ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬੀਜ ਨਾਲ ਕਿਸਾਨ ਹਾੜ੍ਹੀ ਦੀ ਫਸਲ ਦੀ ਬੀਜਾਈ ਕਰ ਸਕਣਗੇ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈ. ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਅਨੁਸਾਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ, ਫਾਜ਼ਿਲਕਾ, ਰੋਪੜ ਆਦਿ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ 'ਚ ਕਣਕ ਦੇ ਬੀਜ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੀਜ ਵੰਡਣ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ। ਇਹ ਬੀਜ ਪਨਸੀਡ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਪਨਸੀਡ ਸੂਬਾ ਸਰਕਾਰ ਦੀ ਨੋਡਲ ਏਜੰਸੀ ਹੈ, ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਂਦੀ ਹੈ।

KamalJeet Singh

This news is Content Editor KamalJeet Singh