ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...
Wednesday, Mar 11, 2026 - 10:47 AM (IST)
ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਕੰਟਰੋਲਰ ਸਰਤਾਜ ਸਿੰਘ ਚੀਮਾ ਦੀ ਅਗਵਾਈ ’ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ (ਪੀ. ਐੱਮ. ਜੀ. ਕੇ. ਵਾਈ.) ਤਹਿਤ 75 ਫ਼ੀਸਦੀ ਲਾਭਪਾਤਰੀਆਂ ਨੂੰ ਅਨਾਜ ਵੰਡਣ ਦਾ ਕੰਮ ਸਫ਼ਲਤਾ ਪੂਰਵਕ ਨਜਿੱਠ ਲਿਆ ਗਿਆ ਹੈ। ਸਰਕਾਰ ਵੱਲੋਂ ਇਸ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ 31 ਮਾਰਚ ਤੱਕ ਦੀ ਆਖ਼ਰੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਭਰ ’ਚ 10 ਮਾਰਚ ਤੱਕ 3,34,000 ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਮੁਫ਼ਤ ਕਣਕ ਦਾ ਕੋਟਾ ਜਾਰੀ ਕਰ ਦਿੱਤਾ ਗਿਆ ਹੈ।
ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਕਣਕ ਵੰਡਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਵਿਭਾਗੀ ਰਿਪੋਰਟ ਮੁਤਾਬਕ ਲੁਧਿਆਣਾ ਜ਼ਿਲ੍ਹੇ ’ਚ ਇਸ ਯੋਜਨਾ ਨਾਲ ਜੁੜੇ ਕੁੱਲ ਰਾਸ਼ਨ ਕਾਰਡ ਧਾਰਕਾਂ ਦੀ ਗਿਣਤੀ 4,40,672 ਹੈ, ਜਿਸ ’ਚ 16,62,310 ਲਾਭਪਾਤਰੀ ਮੈਂਬਰ ਦਰਜ ਹਨ। ਇਨ੍ਹਾਂ ਪਰਿਵਾਰਾਂ ਲਈ ਕੇਂਦਰ ਸਰਕਾਰ ਵੱਲੋਂ 25,159 ਮੀਟ੍ਰਿਕ ਟਨ ਕਣਕ ਦਾ ਕੋਟਾ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ 1 ਜਨਵਰੀ ਤੋਂ 31 ਮਾਰਚ ਤੱਕ ਦੇ 3 ਮਹੀਨਿਆਂ ਦੀ ਮੁਫ਼ਤ ਕਣਕ ਵੰਡੀ ਜਾ ਰਹੀ ਹੈ। ਇਸ ’ਚ ਹਰ ਮੈਂਬਰ ਨੂੰ ਪ੍ਰਤੀ ਮਹੀਨਾ 5 ਕਿੱਲੋ ਦੇ ਹਿਸਾਬ ਨਾਲ 3 ਮਹੀਨਿਆਂ ਦੀ ਕੁੱਲ 15 ਕਿੱਲੋ ਕਣਕ ਦਿੱਤੀ ਜਾ ਰਹੀ ਹੈ। ਉਦਾਹਰਣ ਵਜੋਂ ਜੇਕਰ ਕਿਸੇ ਕਾਰਡ ’ਚ 7 ਮੈਂਬਰ ਹਨ ਤਾਂ ਉਹ ਪਰਿਵਾਰ 105 ਕਿੱਲੋ ਮੁਫ਼ਤ ਕਣਕ ਦਾ ਹੱਕਦਾਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵਿਗੜਨ ਦੇ ਆਸਾਰ
ਕਣਕ ਦਾ ਇਕ-ਇਕ ਦਾਣਾ ਗਰੀਬ ਪਰਿਵਾਰਾਂ ਦੀ ਅਮਾਨਤ : ਕੰਟਰੋਲਰ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ ਆਪਣੇ ਨੇੜੇ ਦੇ ਰਾਸ਼ਨ ਡਿਪੂ ਤੋਂ ਕਣਕ ਪ੍ਰਾਪਤ ਕਰ ਲੈਣ ਕਿਉਂਕਿ ਨਿਯਮਾਂ ਅਨੁਸਾਰ ਇਸ ਮਿਤੀ ਤੋਂ ਬਾਅਦ ਲਾਭ ਨਹੀਂ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਣਕ ਪ੍ਰਾਪਤ ਕਰਨ ’ਚ ਕੋਈ ਪਰੇਸ਼ਾਨੀ ਆ ਰਹੀ ਹੈ ਤਾਂ ਉਹ ਤੁਰੰਤ ਵਿਭਾਗੀ ਅਧਿਕਾਰੀਆਂ ਨਾਲ ਸੰਪਰਕ ਕਰਨ। ਚੀਮਾ ਨੇ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਣਕ ਦਾ ਇਕ-ਇਕ ਦਾਣਾ ਗਰੀਬਾਂ ਦੀ ਅਮਾਨਤ ਹੈ ਅਤੇ ਇਸ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
