ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁੱਲ ਪਾਰਦਰਸ਼ੀ : ਐਡਵੋਕੇਟ ਧਾਮੀ
Saturday, Sep 13, 2025 - 08:12 AM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਕੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ ਥਾਂ ਇਹ ਲੋਕ ਸਿਆਸੀ ਬਿਆਨਬਾਜ਼ੀ ਵਿੱਚ ਉਲਝੇ ਹੋਏ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਕ ਸਾਂਝੀ ਸਿੱਖ ਸੰਸਥਾ ਹੁੰਦਿਆਂ ਜ਼ਮੀਨੀ ਪੱਧਰ 'ਤੇ ਹੜ੍ਹ ਪੀੜਤਾਂ ਲਈ ਕਾਰਜਸ਼ੀਲ ਹੈ ਅਤੇ ਇਸ ਦੇ ਯਤਨਾਂ ਨੂੰ ਸੀਮਤ ਕਰਨ ਦੀ ਸਿਆਸਤ ਬੇਹੱਦ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਕੀਤੀਆਂ ਸੇਵਾਵਾਂ ਦੇ ਪੂਰੇ ਵੇਰਵੇ ਮੌਜੂਦ ਹਨ, ਜੋ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਸਾਂਝੇ ਵੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 10 ਸਤੰਬਰ ਤੱਕ 77 ਲੱਖ ਤੋਂ ਵੱਧ ਦੀਆਂ ਰਾਹਤ ਸੇਵਾਵਾਂ ਸਿੱਖ ਸੰਸਥਾ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਲੰਗਰ, ਜ਼ਰੂਰੀ ਰਸਦਾਂ, ਲੋੜੀਂਦਾ ਸਾਮਾਨ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਡੀਜ਼ਲ ਆਦਿ ਸ਼ਾਮਲ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਨੇ ਨੌਂ ਇਲੈਕਟ੍ਰੋਪਲੇਟਿੰਗ ਅਤੇ ਜ਼ਿੰਕ ਯੂਨਿਟਾਂ ਦੇ ਗੈਰ-ਕਾਨੂੰਨੀ ਸੀਵਰੇਜ ਕਨੈਕਸ਼ਨ ਕੱਟੇ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਦੀਆਂ ਸੇਵਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਨਾਲ ਜੋੜਨ ਦੇ ਸੰਬੰਧ ਵਿੱਚ ਕਿਹਾ ਕਿ ਇਹ ਬਿਲਕੁਲ ਬੇਬੁਨਿਆਦ ਤੇ ਅਧਾਰਹੀਣ ਵਿਚਾਰ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਇਸ ਦੀਆਂ ਸੇਵਾਵਾਂ ਵਿੱਚ ਕੋਈ ਵੀ ਸਹਿਯੋਗ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੇਣ ਦਾ ਫੈਸਲਾ ਲੋਕਾਂ ਦੀ ਮੰਗ ਅਨੁਸਾਰ ਪਹਿਲੇ ਦਿਨ ਤੋਂ ਹੀ ਕਰ ਦਿੱਤਾ ਗਿਆ ਸੀ, ਜਿਸ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਇਸ ਦੀ ਬਕਾਇਦਾ ਸ਼ੁਰੂਆਤ ਕੀਤੀ ਗਈ ਅਤੇ ਬਾਅਦ ਵਿੱਚ ਮੰਗ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਡੀਜ਼ਲ ਦਿੱਤਾ ਗਿਆ। ਇਸ ਦੀ ਖਰੀਦ ਅਤੇ ਵੰਡਣ ਲਈ ਸਿੱਖ ਸੰਸਥਾ ਦੇ ਨਿਯਮਾਂ ਅਨੁਸਾਰ ਕਾਰਜ਼ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਸਵੰਤ ਸਿੰਘ ਪੁੜੈਣ ਵੱਲੋਂ ਲੰਘੇ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਆਏ ਜਿਸ 53 ਨੰਬਰ ਮਤੇ ਦੀ ਗੱਲ ਕੀਤੀ ਜਾ ਰਹੀ ਹੈ, ਉਹ ਤਤਕਾਲ ਵਿੱਚ ਰਾਹਤ ਸੇਵਾਵਾਂ ਲਈ ਭੇਜੀਆਂ ਪ੍ਰਵਾਨਗੀਆਂ ਦੀ ਪੁਸ਼ਟੀ ਦੇ ਸਬੰਧ ਵਿੱਚ ਸੀ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕਾਰਜਾਂ ਲਈ ਇੱਕ ਵਿਧੀ ਵਿਧਾਨ ਹੁੰਦਾ ਹੈ ਅਤੇ ਵੱਡੇ ਖਰਚਿਆਂ ਦੀ ਪ੍ਰਵਾਨਗੀ ਅੰਤ੍ਰਿੰਗ ਕਮੇਟੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਤੇ ਵਿੱਚ ਵੇਰਵੇ ਸ਼ਾਮਿਲ ਨਹੀਂ ਕੀਤੇ ਜਾਂਦੇ ਸਗੋਂ ਇਹ ਵੇਰਵੇ ਸੰਬੰਧਿਤ ਗੁਰਦੁਆਰਾ ਸਾਹਿਬਾਨ ਪਾਸ ਸੁਰੱਖਿਅਤ ਰੱਖੇ ਜਾਂਦੇ ਹਨ ਅਤੇ ਬਿੱਲਾਂ ਨਾਲ ਸ਼ਾਮਲ ਕੀਤੇ ਜਾਂਦੇ ਹਨ। ਇਹ ਵੇਰਵੇ ਲੰਘੇ ਕੱਲ੍ਹ ਵੀ ਜਨਤਕ ਕੀਤੇ ਸਨ ਅਤੇ ਇਸ ਨੂੰ ਕੋਈ ਵੀ ਵੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਸ਼ਾਲੀ ਬਾਰੇ ਇੱਕ ਅੰਤ੍ਰਿੰਗ ਕਮੇਟੀ ਮੈਂਬਰ ਵੱਲੋਂ ਗੈਰ ਜਿੰਮੇਵਾਰਾਨਾ ਤਰੀਕੇ ਨਾਲ ਸਵਾਲ ਕਰਨੇ ਹੈਰਾਨੀਜਨਕ ਹਨ।
ਇਹ ਵੀ ਪੜ੍ਹੋ : ਨੇਪਾਲ ਦੇ ਰਾਸ਼ਟਰਪਤੀ ਨੇ ਪ੍ਰਤੀਨਿਧੀ ਸਭਾ ਨੂੰ ਕੀਤਾ ਭੰਗ, ਇਸ ਤਾਰੀਖ਼ ਨੂੰ ਹੋਣਗੀਆਂ ਸੰਸਦੀ ਚੋਣਾਂ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਨਿਰਸਵਾਰਥ ਸੇਵਾਵਾਂ ਉਤੇ ਸਵਾਲ ਚੁੱਕਣ ਵਾਲੇ ਇਹ ਸਾਰੇ ਲੋਕ ਇਸੇ ਪ੍ਰਬੰਧ ਦਾ ਹੀ ਹਿੱਸਾ ਹਨ ਅਤੇ ਵੱਖ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ ਸਭ ਕੁਝ ਠੀਕ ਲੱਗਦਾ ਸੀ, ਪਰੰਤੂ ਜਦੋਂ ਹੁਣ ਦੂਸਰੇ ਧੜੇ ਵਿਚ ਜਾ ਰਲੇ ਹਨ ਤਾਂ ਇਨ੍ਹਾਂ ਨੂੰ ਸਭ ਕੁਝ ਗਲਤ ਲੱਗਣ ਲੱਗ ਪਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਹੋ ਜਿਹੇ ਦੋਹਰੇ ਮਾਪਦੰਡ ਹਨ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8