ਜਲੰਧਰ ਵਾਸੀਆਂ ਨੂੰ ਰਾਹਤ, ਪ੍ਰਸ਼ਾਸਨ ਨੇ ਬਦਲਿਆ ਦੁਕਾਨਾਂ ਬੰਦ ਕਰਨ ਦਾ ਸਮਾਂ
Tuesday, Jun 01, 2021 - 04:16 PM (IST)
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿਚ ਕੋਵਿਡ-19 ਮਾਮਲਿਆਂ ਵਿਚ ਲਗਾਤਾਰ ਆ ਰਹੀ ਕਮੀ ਨੂੰ ਦੇਖਦਿਆਂ ਕਾਰੋਬਾਰ ਜਗਤ ਨੂੰ ਮਿੰਨੀ ਲਾਕਡਾਊਨ ਦੀਆਂ ਪਾਬੰਦੀਆਂ ਵਿਚ ਵੱਡੀ ਰਾਹਤ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦਿਆਂ ਦੁਕਾਨਾਂ ਅਤੇ ਨਿੱਜੀ ਦਫਤਰ ਖੋਲ੍ਹਣ ਦੇ ਸਮੇਂ ਵਿਚ ਇਕ ਘੰਟੇ ਦਾ ਵਾਧਾ ਕੀਤਾ ਹੈ। ਹੁਣ ਦੁਕਾਨਾਂ ਅਤੇ ਨਿੱਜੀ ਦਫਤਰ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਖੋਲ੍ਹੇ ਜਾ ਸਕਣਗੇ ਪਰ ਇਹ ਹੁਕਮ ਸਿਰਫ਼ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਈ ਹੋਣਗੇ। ਨਾਈਟ ਕਰਫਿਊ ਅਤੇ ਵੀਕੈਂਡ ਲਾਕਡਾਊਨ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਨਿੱਜੀ ਵਾਹਨਾਂ ਵਿਚ ਯਾਤਰੀਆਂ ਦੀ ਗਿਣਤੀ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਹੁਣ ਜ਼ਰੂਰੀ ਸ਼੍ਰੇਣੀ ਨਾਲ ਸਬੰਧਤ ਸਾਰੀਆਂ ਦੁਕਾਨਾਂ ਸਵੇਰੇ 5 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹ ਸਕਣਗੀਆਂ। ਸਬਜ਼ੀਆਂ, ਫਲ, ਦੁੱਧ ਅਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਸਬੰਧਤ ਦੁਕਾਨਾਂ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਮ ਡਿਲਿਵਰੀ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ’ਤੇ ਜਾਣੋ ਕੀ ਬੋਲੇ ਹਰੀਸ਼ ਰਾਵਤ
ਜ਼ਿਲ੍ਹੇ ਦੇ ਹੋਟਲ, ਰੈਸਟੋਰੈਂਟ ਅਤੇ ਢਾਬੇ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਟੇਕ-ਅਵੇ ਕਰ ਸਕਦੇ ਹਨ ਪਰ ਰਾਤੀਂ 9 ਵਜੇ ਤੱਕ ਖਾਣੇ ਦੀ ਸਿਰਫ਼ ਹੋਮ ਡਿਲਿਵਰੀ ਕੀਤੀ ਜਾ ਸਕੇਗੀ। ਡਿਪਟੀ ਕਮਿਸ਼ਨਰ ਦੇ ਨਵੇਂ ਹੁਕਮਾਂ ਵਿਚ ਸਿਨੇਮਾ ਹਾਲ, ਸਵੀਮਿੰਗ ਪੂਲ, ਬਾਰ ਅਤੇ ਜਿਮ ਸੰਚਾਲਕਾਂ ਨੂੰ ਕੋਈ ਰਿਆਇਤ ਨਹੀਂ ਦਿੱਤੀ ਗਈ ਹੈ। ਅਜਿਹੇ ਕਾਰੋਬਾਰ ਪਹਿਲਾਂ ਵਾਂਗ ਮੁਕੰਮਲ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮਈ ਮਹੀਨੇ ਦੇ ਸ਼ੁਰੂ ਵਿਚ ਪਾਬੰਦੀਆਂ ਲਾਉਣ ਦੇ ਹੁਕਮ ਜਾਰੀ ਕੀਤੇ ਸਨ ਅਤੇ 21 ਮਈ ਨੂੰ ਇਨ੍ਹਾਂ ਹੁਕਮਾਂ ਦੀ ਸਮੀਖਿਆ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਹੁਕਮ 10 ਜੂਨ ਤੱਕ ਲਾਗੂ ਰਹਿਣਗੇ। ਇਸ ਤੋਂ ਬਾਅਦ ਕੋਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਹੁਕਮਾਂ ਦੀ ਸਮੀਖਿਆ ਕੀਤੀ ਜਾਵੇਗੀ। ਘਨਸ਼ਾਮ ਥੋਰੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਗਾਈਡਲਾਈਨਜ਼ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਵਪਾਰਕ ਸਰਗਰਮੀਆਂ ਦੌਰਾਨ ਬਾਜ਼ਾਰਾਂ ਵਿਚ ਸਮਾਜਕ ਦੂਰੀ ਅਤੇ ਮਾਸਕ ਦੀ ਵਰਤੋਂ ਸਮੇਤ ਹੋਰ ਕੋਵਿਡ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਕੋਲਡ ਡਰਿੰਕ ’ਚ ਨਸ਼ੇ ਵਾਲੀ ਚੀਜ਼ ਮਿਲਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ