'ਸ਼ਰਾਬ ਦੀ ਹੋਮ ਡਲਿਵਰੀ ਲਈ ਧਾਰਮਿਕ ਸਥਾਨਾਂ ਤੋਂ ਅਨਾਊਂਸ ਕਰਾਉਣ ਸਬੰਧੀ ਜਾਰੀ ਪੱਤਰ ਮੰਦਭਾਗਾ'
Wednesday, May 06, 2020 - 08:09 PM (IST)
ਤਲਵੰਡੀ ਸਾਬੋ : ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੀ ਥਾਂ ਸ਼ਰਾਬ ਦੀ ਵਿਕਰੀ ਲਈ ਬੇਹੱਦ ਫਿਕਰਮੰਦ ਪੰਜਾਬ ਸਰਕਾਰ ਦੇ ਇਕ ਅਧਿਕਾਰੀ ਵੱਲੋਂ ਸ਼ਰਾਬ ਦੀ ਹੋਮ ਡਲਿਵਰੀ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਧਾਰਮਿਕ ਸਥਾਨਾਂ ਤੋਂ ਅਨਾਂਊਸਮੈਂਟ ਕਰਵਾਉਣ ਸਬੰਧੀ ਪੱਤਰ ਜਾਰੀ ਕਰਨਾ ਅਤਿ ਮੰਦਭਾਗੀ ਘਟਨਾ ਹੈ, ਜਿਸ 'ਤੇ ਪੰਜਾਬ ਸਰਕਾਰ ਨੂੰ ਤੁਰੰਤ ਐਕਸ਼ਨ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ
ਜਥੇ. ਦਾਦੂਵਾਲ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨ ਵਜੋਂ ਜਾਣੇ ਜਾਂਦੇ ਪੰਜਾਬ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉੱਚ ਅਧਿਕਾਰੀ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਕਿ ਜਿਲ੍ਹੇ ਅੰਦਰ ਕਰਫਿਊ ਦੌਰਾਨ ਸ਼ਰਾਬ ਦੀ ਹੋਮ ਡਲਿਵਰੀ ਸ਼ੁਰੂ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ ਅਤੇ ਹੇਠਲੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਕਤ ਉੱਚ ਅਧਿਕਾਰੀ ਨੇ ਇਥੋਂ ਤੱਕ ਲਿਖ ਦਿੱਤਾ ਹੈ ਕਿ ਸ਼ਰਾਬ ਦੀ ਹੋਮ ਡਲਿਵਰੀ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਧਾਰਮਿਕ ਸਥਾਨਾਂ ਤੋਂ ਵੀ ਅਨਾਂਉੂਸਮੈਂਟ ਕਰਵਾਈ ਜਾਵੇ। ਜਥੇ: ਦਾਦੂਵਾਲ ਨੇ ਕਿਹਾ ਕਿ ਪੰਜਾਬ 'ਚ ਆਮ ਹੀ ਰੁਝਾਨ ਹੈ ਕਿ ਪਿੰਡਾਂ ਕਸਬਿਆਂ ਦੇ ਲੋਕਾਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਲਈ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਤੋਂ ਅਨਾਂਊਸਮੈਂਟ ਕੀਤੀ ਜਾਂਦੀ ਹੈ ਤੇ ਉਕਤ ਅਧਿਕਾਰੀ ਵੱਲੋਂ ਅਜਿਹੇ ਜਾਰੀ ਨਿਰਦੇਸ਼ਾਂ ਨਾਲ ਸਿੱਧੀ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਾਰੀ ਕੀਤੇ ਗਏ ਪੱਤਰ ਦੀ ਜਾਂਚ ਹੋਵੇ ਅਤੇ ਸਬੰਧਿਤ ਅਧਿਕਾਰੀ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।