ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਨਾਲ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ’ਚ ਵਧਿਆ ਰੋਸ
Wednesday, Mar 12, 2025 - 08:43 PM (IST)

ਅੰਮ੍ਰਿਤਸਰ (ਛੀਨਾ) - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਇਕਦਮ ਅਹੁਦਿਆਂ ਤੋਂ ਹਟਾਏ ਜਾਣ ਤੋਂ ਬਾਅਦ ਸਿੱਖ ਸੰਗਤ ’ਚ ਜਿਹੜੀ ਰੋਸ ਦੀ ਚੰਗਿਆੜੀ ਭੜਕੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਵਾਸਤੇ ਆਉਣ ਵਾਲੇ ਦਿਨਾਂ ’ਚ ਨੁਕਸਾਨਦੇਹ ਸਾਬਤ ਹੋ ਸਕਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਦਾ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਸਿੱਖ ਸੰਪ੍ਰਦਾਵਾਂ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਜਿਥੇ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਕਮੇਟੀ ਦੇ ਫੈਸਲੇ ਨਾਲ ਅਸਹਿਮਤੀ ਜਤਾਉਣ ਸਮੇਤ ਸੀਨੀਅਰ ਲੀਡਰਾਂ ਵਲੋਂ ਲਗਾਤਾਰ ਪਾਰਟੀ ਦੇ ਅਹੁਦਿਆਂ ਤੋਂ ਦਿੱਤੇ ਜਾ ਰਹੇ ਅਸਤੀਫੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਭਵਿੱਖ ਲਈ ਠੀਕ ਨਹੀਂ ਸਮਝੇ ਜਾ ਰਹੇ।
ਸਿੱਖ ਸੰਗਤ ’ਤੇ ਰੋਸ ਜਿਤਾਉਣ ਵਾਲੇ ਅਕਾਲੀ ਲੀਡਰਸ਼ਿਪ ਦੇ ਆਗੂਆਂ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਸਮੂਹ ਤਖਤ ਸਿੱਖ ਕੌਮ ਲਈ ਸਰਵੋਤਮ ਹਨ ਜਿਨ੍ਹਾਂ ਦੇ ਜਥੇਦਾਰ ਸਾਹਿਬਾਨ ਨਾਲ ਇਕ ਵਿਸ਼ੇਸ਼ ਪਰਿਵਾਰ ਦੇ ਦਬਾਅ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਜੋ ਸਲੂਕ ਕੀਤਾ ਜਾ ਰਿਹਾ ਹੈ ਉਸ ਨਾਲ ਹਰੇਕ ਨਾਨਕ ਨਾਮਲੇਵਾ ਸਿੱਖ ਦੇ ਹਿਰਦੈ ਨੂੰ ਡੂੰਘੀ ਠੇਸ ਪਹੁੰਚੀ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੇ ਇਕ ਵੱਡਾ ਵਿਵਾਦ ਪੈਦਾ ਕਰ ਦਿੱਤਾ ਹੈ ਜਿਹੜਾ ਕਿ ਅਜੇ ਕਿਸੇ ਵੀ ਪੱਖੋਂ ਟਲਦਾ ਨਜ਼ਰ ਨਹੀਂ ਆ ਰਿਹਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਦਾ ਨਿਹੰਗ ਸਿੰਘ ਜਥੇਬੰਦੀਆ ਵਲੋਂ ਜ਼ੋਰਦਾਰ ਢੰਗ ਨਾਲ ਵਿਰੋਧ ਕਰਨ ਦੇ ਐਲਾਨ ਤੋਂ ਬਾਅਦ ਭਾਵੇਂ ਸ਼੍ਰੋਮਣੀ ਕਮੇਟੀ ਨੇ 10 ਮਾਰਚ ਨੂੰ ਸਮੇਂ ਤੋਂ ਪਹਿਲਾਂ ਹੀ ਉਨ੍ਹਾਂ ਦੀ ਤਾਜਪੋਸ਼ੀ ਕਰ ਦਿੱਤੀ ਸੀ ਪਰ ਜੇਕਰ ਠੀਕ ਸਮੇਂ ’ਤੇ ਤਾਜਪੋਸ਼ੀ ਹੁੰਦੀ ਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਜਪੋਸ਼ੀ ਸਮਾਗਮ ਦਾ ਮਾਹੌਲ ਭਿਆਨਕ ਰੂਪ ਧਾਰਨ ਕਰ ਸਕਦਾ ਸੀ।
ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਵੇਲੇ ਜਿਥੇ ਮਰਿਆਦਾ ਦਾ ਵੱਡਾ ਘਾਣ ਹੋਣ ਬਾਰੇ ਬਿਆਨ ਦਿੱਤਾ ਹੈ ਉਥੇ ਹੀ ਇਸ ਨਿਯੁਕਤੀ ਤੋਂ ਬਾਅਦ ਹੁਣ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ 14 ਮਾਰਚ ਨੂੰ ਗੁ. ਗੁਰਦਰਸ਼ਨ ਪ੍ਰਕਾਸ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿਚ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਬਹਿਰਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਿੱਖ ਸੰਗਤਾਂ ਤੇ ਸਿੱਖ ਜਥੇਬੰਦੀਆਂ ਦੇ ਦਬਾਅ ’ਚ ਆ ਕੇ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈਂਦੀ ਹਾਂ ਜਾਂ ਫਿਰ ਆਪਣੇ ਫੈਸਲੇ ’ਤੇ ਕਾਇਮ ਰਹਿੰਦੀ ਹੈ ਪਰ ਇਕ ਗੱਲ ਤਾਂ ਪੱਕੀ ਹੈ ਕਿ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਕ ਵਾਰ ਫੇਰ ਸਵਾਲਾਂ ਅਤੇ ਵਿਰੋਧ ਦੇ ਘੇਰੇ ’ਚ ਲਿਆ ਖੜ੍ਹਾ ਕੀਤਾ ਹੈ।