ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ : ਅਮਨ ਅਰੋੜਾ

Thursday, Jul 21, 2022 - 01:27 AM (IST)

ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ : ਅਮਨ ਅਰੋੜਾ

ਚੰਡੀਗੜ੍ਹ : ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਕੁਦਰਤੀ ਸੌਰ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਹੋਰ ਉਤਸ਼ਾਹਿਤ ਕਰੇਗੀ। ਇੱਥੇ ਪੇਡਾ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤੀਬਾੜੀ ਪੰਪਾਂ ਦੇ ਸੂਰਜੀ ਊਰਜਾਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਕਿਉਂਕਿ ਬਹੁਤ ਸਾਰੇ ਕਿਸਾਨ ਅਜੇ ਵੀ ਸਿੰਜਾਈ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਦੇ ਹਨ, ਜਿਸ ਨਾਲ ਇਕ ਪਾਸੇ ਖੇਤੀ 'ਤੇ ਲਾਗਤ ਵਧਦੀ ਹੈ ਅਤੇ ਦੂਜੇ ਪਾਸੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ ਪਰ ਸਾਡੀ ਸਰਕਾਰ ਖੇਤੀ ਉੱਤੇ ਲਾਗਤ ਘਟਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਕੁਲ 15525 ਪੰਪ ਲਗਾਏ ਜਾ ਚੁੱਕੇ ਹਨ ਅਤੇ ਵਿੱਤੀ ਸਾਲ 2022-23 ਲਈ ਭਾਰਤ ਸਰਕਾਰ ਤੋਂ 9000 ਪੰਪਾਂ ਦੇ ਸੂਰਜੀ ਊਰਜਾਕਰਨ ਸਬੰਧੀ ਟੀਚੇ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਫਸਲਾਂ ਦੀ ਸਿੰਜਾਈ ਲਈ ਲਗਭਗ 13.88 ਲੱਖ ਬਿਜਲੀ ਨਾਲ ਚੱਲਣ ਵਾਲੇ ਟਿਊਬਵੈੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਲਾਨਾ 6988 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਅਰੋੜਾ ਨੇ ਅਧਿਕਾਰੀਆਂ ਨੂੰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਫਲੋਟਿੰਗ ਸੋਲਰ ਪੀ.ਵੀ. ਪ੍ਰਾਜੈਕਟਾਂ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੇ ਨਾਲ-ਨਾਲ ਸੂਬੇ ਵਿੱਚ ਹੋਰ ਕੈਨਾਲ ਟਾਪ ਸੋਲਰ ਪੀ.ਵੀ. ਪ੍ਰਾਜੈਕਟ ਲਗਾਉਣ ਸਬੰਧੀ ਅਧਿਐਨ ਕਰਨ ਲਈ ਵੀ ਕਿਹਾ। ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਹਿਰਾਂ 'ਤੇ ਲਗਭਗ 1750 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾ ਸਕਦੇ ਹਨ, ਜਿਨ੍ਹਾਂ 'ਚੋਂ 20 ਮੈਗਾਵਾਟ ਦੇ ਪ੍ਰਾਜੈਕਟ ਲਗਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਨੇ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤੇ 'ਸਮਾਰਟ ਸਕੂਲ ਮੁਹਿੰਮ' ਦੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ

ਮੀਟਿੰਗ ਦੌਰਾਨ ਵੇਅਰਹਾਊਸਾਂ/ਸ਼ੈੱਡਾਂ ਦੀਆਂ ਛੱਤਾਂ 'ਤੇ ਪੀ.ਵੀ. ਪ੍ਰਾਜੈਕਟ ਲਗਾਉਣ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਵਾਸਤੇ ਕੰਪਰੈਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਸੂਰਜੀ ਊਰਜਾ, ਬਾਇਓਗੈਸ ਅਤੇ ਵਾਤਾਵਰਣ ਪੱਖੀ ਊਰਜਾ ਸਬੰਧੀ ਹੋਰ ਤਕਨੀਕਾਂ ਸੂਬੇ ਲਈ ਬੇਹੱਦ ਮਹੱਤਵਪੂਰਨ ਤੇ ਲਾਹੇਵੰਦ ਸਾਬਤ ਹੋਣਗੀਆਂ। ਝੋਨੇ ਦੀ ਪਰਾਲੀ ਦੀ ਈਂਧਣ ਵਜੋਂ ਵਰਤੋਂ ਲਈ ਸੂਬੇ ਵਿੱਚ ਲਗਾਏ ਜਾ ਰਹੇ ਕੰਪਰੈਸਡ ਬਾਇਓਗੈਸ ਪ੍ਰਾਜੈਕਟਾਂ ਬਾਰੇ ਚਰਚਾ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਪੇਡਾ ਵੱਲੋਂ ਅਲਾਟ ਕੀਤੇ 492.58 ਟੀ.ਪੀ.ਡੀ. ਸੀ.ਬੀ.ਜੀ. ਦੇ ਉਤਪਾਦਨ ਲਈ ਲਗਾਏ ਜਾ ਰਹੇ 42 ਕੰਪਰੈਸਡ ਬਾਇਓਗੈਸ ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਣ ਦੀ ਸੰਭਾਵਨਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ (ਤਹਿਸੀਲ ਲਹਿਰਾਗਾਗਾ) ਵਿਖੇ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਕੁਲ ਸਮਰੱਥਾ ਵਾਲਾ ਸਭ ਤੋਂ ਵੱਡਾ ਪ੍ਰਾਜੈਕਟ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ 15 ਟੀ.ਪੀ.ਡੀ. ਦੇ 2 ਹੋਰ ਸੀ.ਬੀ.ਜੀ. ਪ੍ਰਾਜੈਕਟ ਪ੍ਰਕਿਰਿਆ ਅਧੀਨ ਹਨ। ਇਨ੍ਹਾਂ ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜੀਂਦ ਤੋਂ ਫਿਰੋਜ਼ਪੁਰ ਲਾਈਨ 'ਤੇ ਨਵੀਂ ਪੈਸੰਜਰ ਰੇਲ ਗੱਡੀ ਅਗਸਤ ਦੇ ਪਹਿਲੇ ਹਫਤੇ ਸ਼ੁਰੂ, ਸਮਾਂ ਸਾਰਣੀ ਜਾਰੀ

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਜ ਮੀਟਿੰਗ ਵਿੱਚ ਵਿਚਾਰੇ ਗਏ ਇਨ੍ਹਾਂ ਪ੍ਰਾਜੈਕਟਾਂ ਬਾਰੇ ਵਿਸ਼ਾ ਆਧਾਰਿਤ ਵਿਸਥਾਰਪੂਰਵਕ ਨੋਟ ਤਿਆਰ ਕੀਤਾ ਜਾਵੇ ਤਾਂ ਜੋ ਇਨ੍ਹਾਂ 'ਤੇ ਸਰਕਾਰ ਵਿੱਚ ਉੱਚ ਪੱਧਰ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਪ੍ਰਤੀ ਪਿਛਲੀਆਂ ਸਰਕਾਰਾਂ ਦੇ ਬੇਰੁਖੀ ਵਾਲੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕੈਬਨਿਟ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਊਰਜਾ ਦੀਆਂ ਵਧਦੀਆਂ ਕੀਮਤਾਂ ਅਤੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਨਵਿਆਉਣਯੋਗ ਅਤੇ ਵਾਤਾਵਰਣ ਪੱਖੀ ਊਰਜਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕਦਮ ਨਾ ਸਿਰਫ਼ ਸਾਨੂੰ ਹਰੇ-ਭਰੇ ਅਤੇ ਸਾਫ਼-ਸੁਥਰੇ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕਾਰਬਨ ਦੀ ਨਿਕਾਸੀ ਘਟਾਉਣ ਵਿੱਚ ਮਦਦਗਾਰ ਹੋਵੇਗਾ, ਸਗੋਂ ਟਿਕਾਊ ਵਿਕਾਸ ਵੱਲ ਵੀ ਵੱਡੀ ਪੁਲਾਂਘ ਸਾਬਿਤ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News